September 24, 2018 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰੀ ਬਰਸਾਤ ਅਤੇ ਹੜ੍ਹਾਂ ਦੇ ਖ਼ਤਰੇ ਨੂੰ ਦੇਖਦਿਆਂ ਮੰਗਲਵਾਰ 25 ਸਤੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਘੇਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ।
‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਂ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਇਹ ਜਾਣਕਾਰੀ ਦਿੱਤੀ ਹੈ।
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੰਮਤੀ ਚੋਣਾਂ ਦੌਰਾਨ ਝਾੜੋਂ (ਸੁਨਾਮ) ਜ਼ੋਨ ਤੋਂ ‘ਆਪ’ ਦੇ ਸਰੀਰਕ ਪੱਖੋਂ ਅਪਾਹਜ ਅਤੇ ਦਲਿਤ ਉਮੀਦਵਾਰ ਜਗਸੀਰ ਸਿੰਘ ਉੱਤੇ ਜਾਨਲੇਵਾ ਹਮਲਾ ਕਰਨ ਅਤੇ ਜਾਤੀ ਸੂਚਕ ਸ਼ਬਦ ਵਰਤਣ ਵਾਲੇ ਸੰਗਰੂਰ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਦੇ ਰੋਸ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਘੇਰਨ ਦਾ ਪ੍ਰੋਗਰਾਮ ਐਲਾਨਿਆ ਸੀ, ਜਿਸ ਨੂੰ ਮੌਸਮ ਦੀ ਖ਼ਰਾਬੀ ਕਾਰਨ ਮੁਲਤਵੀ ਕੀਤਾ ਜਾ ਰਿਹਾ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲਗਾਤਾਰ ਭਾਰੀ ਬਾਰਸ਼ ਕਾਰਨ ਪੰਜਾਬ, ਚੰਡੀਗੜ੍ਹ ਸਮੇਤ ਉੱਤਰੀ ਭਾਰਤੀ ਰਾਜਾਂ ‘ਚ ਹਾਈ ਅਲਰਟ ਜਾਰੀ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੋਮਵਾਰ ਨੂੰ ਹੰਗਾਮੀ ਬੈਠਕ ਕਰਨ ਉਪਰੰਤ ਪੰਜਾਬ ਦੇ ਲੋਕਾਂ ਨੂੰ ਘਰਾਂ ‘ਚ ਹੀ ਰਹਿਣ ਦੀ ਸਲਾਹ ਅਤੇ ਸਕੂਲਾਂ ‘ਚ ਛੁੱਟੀ ਐਲਾਨ ਕੀਤਾ ਹੈ। ਅਜਿਹੇ ਹਾਲਤ ਦੇ ਮੱਦੇਨਜ਼ਰ ਪਾਰਟੀ ਆਪਣੇ ਵਲੰਟੀਅਰਾਂ ਅਤੇ ਸਮਰਥਕਾਂ ਨੂੰ ਕਿਸੇ ਖ਼ਤਰੇ ‘ਚ ਨਹੀਂ ਪਾਉਣਾ ਚਾਹੁੰਦੀ।
Related Topics: Aam Aadmi Party, Aman Arora, Captain Amrinder Singh Government, Harpal Singh Cheema (Aam Aadmi Party), Punjab Government