ਸਿੱਖ ਖਬਰਾਂ

ਭਾਈ ਜਗਤਾਰ ਸਿੰਘ ਤਾਰਾ ਨੇ ਜੇਲ ਪ੍ਰਸ਼ਾਸ਼ਨ ਖਿਲਾਫ ਭੁੱਖ ਹੜਤਾਲ ਸ਼ੁਰੂ ਕੀਤੀ

March 4, 2016 | By

ਚੰਡੀਗੜ੍ਹ (3 ਮਾਰਚ, 2016): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ ਵਿੱਚ ਵਿਚਾਰਅਧੀਨ ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਤਾਰਾ ਨੇ ਜੇਲ ਪ੍ਰਸ਼ਾਸ਼ਨ ਵੱਲੋਂ ਜਿਆਦਤੀਆਂ ਅਤੇ ਜੇਲ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਕੀਤੇ ਜਾ ਰਹੇ ਮਨੁੱਖੀ ਅਧਿਕਾਰਾਂ ਦੀ ਉਲੰਘਣਾਂ ਖਿਲਾਫ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।

ਭਾਈ ਜਗਤਾਰ ਸਿੰਘ ਤਾਰਾ(ਫਾਈਲ ਫੋਟੋ)

ਭਾਈ ਜਗਤਾਰ ਸਿੰਘ ਤਾਰਾ(ਫਾਈਲ ਫੋਟੋ)

ਅਦਾਲਤ ਦੇ ਹੁਕਮਾਂ ਤੋਂ ਬਾਅਦ ਵੀ ਜੇਲ੍ਹ ਪ੍ਰਸ਼ਾਸਨ ਵੱਲੋਂ ਭਾਈ ਜਗਤਾਰ ਸਿੰਘ ਤਾਰਾ ਨੂੰ ਉਸ ਦੇ ਜੇਲ੍ਹ ‘ਚ ਬੰਦ ਸਾਥੀਆਂ ਨਾਲ ਮਿਲਣ ਨਾ ਦੇਣ ਕਾਰਨ ਤਾਰਾ ਨੇ ਜੇਲ੍ਹ ‘ਚ 29 ਫਰਵਰੀ ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਹੈ ।

ਪੰਜਾਬੀ ਅਖਬਾਰ ਅਜ਼ੀਤ ਵਿੱਚ ਨਸ਼ਰ ਖਬਰ ਅਨੁਸਾਰ ਪਿਛਲੀ ਇੱਕ ਸੁਣਵਾਈ ‘ਤੇ ਭਾਈ ਤਾਰਾ ਵੱਲੋਂ ਦਿੱਤੀ ਗਈ ਮੰਗਾਂ ਦੀ ਅਰਜ਼ੀ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਸੀ ਅਤੇ ਤਾਰਾ ਦੀਆਂ ਮੰਗਾਂ ਨੂੰ ਜਾਇਜ਼ ਦੱਸਦੇ ਹੋਏ ਅਦਾਲਤ ਨੇ ਉਨ੍ਹਾਂ ਨੂੰ ਆਪਣੇ ਵਕੀਲ ਨਾਲ ਮਿਲਣ, ਪਰਿਵਾਰਕ ਮੈਂਬਰਾਂ ਨਾਲ ਫ਼ੋਨ ‘ਤੇ ਗੱਲ ਕਰਨ ਅਤੇ ਆਪਣੇ ਸਾਥੀਆਂ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ ।

ਇਸ ਫ਼ੈਸਲੇ ਦੇ ਵਿਰੋਧ ‘ਚ ਪ੍ਰਸ਼ਾਸਨ ਵੱਲੋਂ ਹਾਈਕੋਰਟ ‘ਚ ਅਰਜ਼ੀ ਦਾਇਰ ਕੀਤੀ ਗਈ ਹੈ ਤੇ ਭਾਈ ਜਗਤਾਰ ਸਿੰਘ ਤਾਰਾ ਦੀਆਂ ਮੰਗਾਂ ‘ਤੇ ਆਏ ਫ਼ੈਸਲੇ ਦਾ ਵਿਰੋਧ ਕੀਤਾ ਹੈ ।ਭਾਈ ਜਗਤਾਰ ਸਿੰਘ ਤਾਰਾ ਦੀ ਅਰਜ਼ੀ ‘ਤੇ ਵਧੀਕ ਸੈਸ਼ਨ ਜੱਜ ਜੇ.ਐਸ ਸਿੱਧੂ ਨੇ ਫ਼ੈਸਲਾ ਦਿੱਤਾ ਸੀ ਕਿ ਭਾਈ ਜਗਤਾਰ ਸਿੰਘ ਤਾਰਾ ਹਾਲੇ ਅੰਡਰ ਟਰਾਇਲ ਹੈ ਇਸ ਲਈ ਉਹ ਆਪਣੇ ਵਕੀਲ ਅਤੇ ਪਰਿਵਾਰਕ ਮੈਂਬਰਾਂ ਨਾਲ ਗੱਲ ਕਰ ਸਕਦਾ ਹੈ ਅਤੇ ਉਸ ਦੇ ਇਸ ਹੱਕ ਨੂੰ ਰੋਕਿਆ ਨਹੀਂ ਜਾ ਸਕਦਾ ਹੈ ।

ਫ਼ੈਸਲੇ ‘ਚ ਕਿਹਾ ਗਿਆ ਕਿ ਜੇਕਰ ਜੇਲ੍ਹ ਪ੍ਰਸ਼ਾਸਨ ਨੂੰ ਕਿਸੇ ਤਰ੍ਹਾਂ ਦਾ ਸ਼ੱਕ ਦਿਖਾਈ ਦਿੰਦਾ ਹੈ ਤਾਂ ਉਹ ਭਾਈ ਜਗਤਾਰ ਸਿੰਘ ਤਾਰਾ ਵੱਲੋਂ ਕੀਤੀਆਂ ਫ਼ੋਨ ਕਾਲਾਂ ਦੀ ਰਿਕਾਰਡਿੰਗ ਕਰ ਸਕਦੇ ਹਨ ।ਇਸ ਦੇ ਨਾਲ ਹੀ ਭਾਈ ਤਾਰਾ ਆਪਣੀ ਸਾਥੀ ਸ਼ਮਸ਼ੇਰ ਸਿੰਘ, ਲਖਵਿੰਦਰ ਸਿੰਘ, ਗੁਰਮੀਤ ਸਿੰਘ ਅਤੇ ਪਰਮਜੀਤ ਸਿੰਘ ਭਿਉਰਾ ਨਾਲ ਜੇਲ੍ਹ ‘ਚ ਮੁਲਾਕਾਤ ਵੀ ਕਰ ਸਕਦੇ ਹਨ, ਇਸ ਦੌਰਾਨ ਜੇਲ੍ਹ ਪ੍ਰਸ਼ਾਸਨ ਵੱਲੋਂ ਕਿਸੇ ਕਰਮਚਾਰੀ ਨੂੰ ਤਾਇਨਾਤ ਕੀਤਾ ਜਾ ਸਕਦਾ ਹੈ ਅਤੇ ਜੇਕਰ ਜੇਲ੍ਹ ਪ੍ਰਸ਼ਾਸਨ ਨੂੰ ਸਹੀ ਲੱਗਾ ਤਾਂ ਤਾਰਾ ਦੀ ਉਸ ਦੇ ਸਾਥੀਆਂ ਨਾਲ ਸਾਂਝੀ ਜਾਂ ਫਿਰ ਇੱਕ-ਇੱਕ ਕਰਕੇ ਮੁਲਾਕਾਤ ਕਰਵਾਈ ਜਾ ਸਕਦੀ ਹੈ ।ਅਦਾਲਤ ਨੇ ਫ਼ੈਸਲੇ ‘ਚ ਤਾਰਾ ਨੂੰ ਉਨ੍ਹਾਂ ਦੇ ਵਕੀਲ ਸਿਮਰਨਜੀਤ ਸਿੰਘ ਨਾਲ ਇਕੱਲੇ ਮਿਲਣ ਦੀ ਇਜਾਜ਼ਤ ਵੀ ਦਿੱਤੀ ਹੈ ਤਾਂ ਜੋ ਉਹ ਆਪਣਾ ਕੇਸ ਵਿਚਾਰ ਸਕਣ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,