Site icon Sikh Siyasat News

ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਸਰਕਾਰੀ ਡਿਊਟੀ ’ਚ ਅੜਿੱਕਾ ਡਾਹੁਣ ਦਾ ਕੇਸ ਦਰਜ

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਸਾਥੀਆਂ ਖ਼ਿਲਾਫ਼ ਲੁਧਿਆਣਾ ਦੇ ਥਾਣਾ ਮਾਡਲ ਟਾਊਨ ’ਚ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਖ਼ਿਲਾਫ਼ ਅਸਿਸਟੈਂਟ ਪਾਸਪੋਰਟ ਅਫ਼ਸਰ ਯਸ਼ਪਾਲ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ। ਆਪਣੀ ਸ਼ਿਕਾਇਤ ’ਚ ਉਨ੍ਹਾਂ ਦੋਸ਼ ਲਾਇਆ ਕਿ ਬੈਂਸ ਰਿਜਨਲ ਪਾਸਪੋਰਟ ਦਫ਼ਤਰ ’ਚ ਆਪਣੇ ਗੰਨਮੈਨ ਅਤੇ ਸਾਥੀਆਂ ਨਾਲ ਜ਼ਬਰਦਸਤੀ ਦਾਖ਼ਲ ਹੋਏ ਅਤੇ ਉਥੇ ਵੀਡੀਓ ਬਣਾਉਣ ਲੱਗੇ ਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਈ। ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਯਸ਼ਪਾਲ ਨੇ ਦੱਸਿਆ ਕਿ ਉਨ੍ਹਾਂ ਵਿਧਾਇਕ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਵਾਰ-ਵਾਰ ਕਿਹਾ ਕਿ ਉਹ ਦਫ਼ਤਰ ਦੀ ਵੀਡੀਓ ਨਾ ਬਣਾਉਣ। ਉਨ੍ਹਾਂ ਮੁਤਾਬਕ ਪਾਸਪੋਰਟ ਦਫ਼ਤਰ ਦਾ ਸੰਪਰਕ ਵਿਦੇਸ਼ ਮੰਤਰਾਲੇ ਨਾਲ ਜੁੜਿਆ ਹੋਇਆ ਹੈ ਅਤੇ ਦਫ਼ਤਰ ਦੀ ਵੀਡੀਓ ਬਣਾ ਕੇ ਸੁਰੱਖਿਆ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। ਇਸ ਤੋਂ ਪਹਿਲਾਂ ਅਧਿਕਾਰੀ ਨੇ ਪੁਲੀਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਕੋਲ ਸ਼ਿਕਾਇਤ ਦਿੱਤੀ ਸੀ।

ਬੈਂਸ ਭਰਾ (ਫਾਈਲ ਫੋਟੋ)

ਉਧਰ ਵਿਧਾਇਕ ਸਿਮਰਜੀਤ ਸਿੰਘ ਬੈਂਸ ਬੁੱਧਵਾਰ ਸਵੇਰੇ ਆਸਟਰੇਲੀਆ ਲਈ ਰਵਾਨਾ ਹੋ ਗਏ। ਉਨ੍ਹਾਂ ਦੇ ਆਸਟਰੇਲਆ ਤੋਂ ਪਰਤਣ ਮਗਰੋਂ ਹੀ ਪੁਲੀਸ ਵੱਲੋਂ ਅੱਗੇ ਕੋਈ ਕਾਰਵਾਈ ਕੀਤੀ ਜਾ ਸਕੇਗੀ। ਇਸ ਦੌਰਾਨ ਸਿਮਰਜੀਤ ਸਿੰਘ ਬੈਂਸ ਦੇ ਵਿਧਾਇਕ ਭਰਾ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਲੋਕ ਇਨਸਾਫ਼ ਪਾਰਟੀ ਦੇ ਮੈਂਬਰਾਂ ਨੇ ਪੁਲੀਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਪੁਲੀਸ ਕਮਿਸ਼ਨਰ ਨੇ ਉਨ੍ਹਾਂ ਨੂੰ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 5 ਮਈ ਤੱਕ ਪੁਲੀਸ ਨੇ ਜਾਂਚ ਕਰਕੇ ਝੂਠਾ ਕੇਸ ਰੱਦ ਨਾ ਕੀਤਾ ਤਾਂ ਉਹ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਮਿਲਣਗੇ।

ਪਾਸਪੋਰਟ ਦਫ਼ਤਰ ਵੱਲੋਂ ਬੈਂਸ ਨੂੰ ਕਾਰਨ ਦੱਸੋ ਨੋਟਿਸ
ਲੋਕ ਇਨਸਾਫ਼ ਪਾਰਟੀ ਦੇ ਸੁਪਰੀਮੋ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਪਾਸਪੋਰਟ ਦਫ਼ਤਰ ਨੇ ਜਾਣਕਾਰੀ ਛੁਪਾਉਣ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਰਿਜਨਲ ਪਾਸਪੋਰਟ ਅਧਿਕਾਰੀ (ਆਰਪੀਓ) ਸਿਬਿਆਸ਼ ਕਬੀਰਾਜ਼ ਨੇ ਦੱਸਿਆ ਕਿ ਵਿਦੇਸ਼ ਜਾਣ ਤੋਂ ਇੱਕ ਹਫ਼ਤੇ ਪਹਿਲਾਂ ਅਦਾਲਤ ਵੱਲੋਂ ਸ਼ਾਰਟ ਵੈਲੀਡਿਟੀ ਵਾਲਾ ਪਾਸਪੋਰਟ ਨਵਿਆਏ ਜਾਣ ਸਮੇਂ ਬੈਂਸ ਨੇ ਆਪਣੇ ਕੇਸਾਂ ਸਬੰਧੀ ਪੂਰੀ ਜਾਣਕਾਰੀ ਨਹੀਂ ਦਿੱਤੀ ਸੀ। ਇਸ ਕਰਕੇ ਉਨ੍ਹਾਂ ਨੂੰ 15 ਦਿਨਾਂ ਦਾ ਨੋਟਿਸ ਦਿੱਤਾ ਗਿਆ ਹੈ। ਉਧਰ, ਆਸਟਰੇਲੀਆ ਜਾਣ ਤੋਂ ਪਹਿਲਾਂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਸਾਜ਼ਿਸ਼ ਤਹਿਤ ਸਾਰਾ ਕੁਝ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਆਸਟਰੇਲੀਆ ਤੋਂ ਵਾਪਸ ਆ ਕੇ ਪਾਸਪੋਰਟ ਅਧਿਕਾਰੀਆਂ ਖ਼ਿਲਾਫ਼ ਵਿਦੇਸ਼ ਮੰਤਰਾਲੇ ’ਚ ਸ਼ਿਕਾਇਤ ਕਰਨਗੇ।

ਬੈਂਸ ਦੇ ਵਾਪਸ ਆਉਣ ’ਤੇ ਹੋਵੇਗੀ ਅਗਲੀ ਕਾਰਵਾਈ: ਐਸਐਚਓ
ਮਾਡਲ ਟਾਊਨ ਥਾਣੇ ਦੇ ਐਸਐਚਓ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਵਿਧਾਇਕ ਖ਼ਿਲਾਫ਼ ਦਫ਼ਤਰ ’ਚ ਦਾਖ਼ਲ ਹੋ ਕੇ ਸਰਕਾਰੀ ਕੰਮ ’ਚ ਰੁਕਾਵਟ ਪਾਉਣ ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਵਿਧਾਇਕ ਸਿਮਰਜੀਤ ਸਿੰਘ ਬੈਂਸ ਪਹਿਲਾਂ ਤੋਂ ਹੀ ਬਣਾਏ ਪ੍ਰੋਗਰਾਮ ਤਹਿਤ ਬੁੱਧਵਾਰ ਨੂੰ ਆਸਟਰੇਲੀਆ ਲਈ ਰਵਾਨਾ ਹੋ ਗਏ। ਹੁਣ ਪੁਲੀਸ ਉਨ੍ਹਾਂ ਦੇ ਆਉਣ ਦੀ ਉਡੀਕ ਕਰ ਰਹੀ ਹੈ ਤਾਂ ਜੋ ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਜਾ ਸਕੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version