ਆਮ ਖਬਰਾਂ » ਖੇਤੀਬਾੜੀ

ਖ਼ੁਦਕੁਸ਼ੀਆਂ ਦਾ ਮਾਮਲਾ: ਵਿਧਾਨ ਸਭਾ ਕਮੇਟੀ ਪੀੜਤ ਪਰਿਵਾਰਾਂ ਨੂੰ ਮਿਲੇਗੀ

July 15, 2017 | By

ਚੰਡੀਗੜ੍ਹ: (ਹਮੀਰ ਸਿੰਘ) ਪੰਜਾਬ ਦੇ ਖ਼ੁਦਕੁਸ਼ੀ ਪੀੜਤ ਕਿਸਾਨ ਅਤੇ ਮਜ਼ਦੂਰ ਪਰਿਵਾਰਾਂ ਬਾਰੇ ਵਿਧਾਨ ਸਭਾ ਦੀ ਇੱਥੇ ਹੋਈ ਪਹਿਲੀ ਬੈਠਕ ਵਿੱਚ ਕੰਮਕਾਜੀ ਰਣਨੀਤੀ ਬਣਾਈ ਗਈ। ਕਮੇਟੀ ਨੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਖ਼ੁਦਕੁਸ਼ੀਆਂ ਬਾਰੇ ਹੁਣ ਤੱਕ ਤਿਆਰ ਰਿਪੋਰਟਾਂ ਅਤੇ ਅੰਕੜਿਆਂ ਦੀ ਜਾਣਕਾਰੀ ਮੰਗੀ ਹੈ।

ਕਾਂਗਰਸ ਵਿਧਾਇਕ ਸੁਖਬਿੰਦਰ ਸਿੰਘ ਉਰਫ ਸੁੱਖ ਸਰਕਾਰੀਆ ਦੀ ਅਗਵਾਈ ਵਾਲੀ ਪੰਜ ਮੈਂਬਰੀ ਕਮੇਟੀ ਪੀੜਤ ਪਰਿਵਾਰਾਂ ਨੂੰ ਮਿਲੇਗੀ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਦੀ ਵਿੱਤੀ ਹਾਲਤ ਸੁਧਾਰਨ ਬਾਰੇ ਸਿਫ਼ਾਰਸ਼ਾਂ ਕਰੇਗੀ।

ਖ਼ੁਦਕੁਸ਼ੀਆਂ ਸਬੰਧੀ ਸਦਨ ਦੀ ਇਹ ਪਹਿਲੀ ਕਮੇਟੀ ਹੈ।ਕਮੇਟੀ ਦੀ ਮੀਟਿੰਗ ਵਿੱਚ ਸੁੱਖ ਸਰਕਾਰੀਆ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਰਿੰਦਰਪਾਲ ਸਿੰਘ ਚੰਦੂਮਾਜਰਾ, ਆਮ ਆਦਮੀ ਪਾਰਟੀ ਦੇ ਨਾਜ਼ਰ ਸਿੰਘ ਮਾਨਸ਼ਾਹੀਆ, ਕਾਂਗਰਸ ਦੇ ਕੁਲਜੀਤ ਨਾਗਰਾ ਅਤੇ ਨੱਥੂ ਰਾਮ ਸ਼ਾਮਲ ਸਨ।

ਸਬੰਧਤ ਖ਼ਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਬਾਰੇ ਰਿਪੋਰਟ ਤਿਆਰ ਕਰਨ ਲਈ ਕਮੇਟੀ ਬਣਾਈ …

ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ 7 ਜੁਲਾਈ ਨੂੰ ਕਮੇਟੀ ਬਣਾਉਣ ਸਬੰਧੀ ਹੁਕਮ ਜਾਰੀ ਕੀਤੇ ਸਨ। ਮੀਟਿੰਗ ਤੋਂ ਬਾਅਦ ਵਿਧਾਇਕ ਸ੍ਰੀ ਚੰਦੂਮਾਜਰਾ ਅਤੇ ਸ੍ਰੀ ਮਾਨਸ਼ਾਹੀਆ ਨੇ ਕਿਹਾ ਕਿ ਕਮੇਟੀ ਨੇ ਵੱਖ ਵੱਖ ਪੱਖਾਂ ਉੱਤੇ ਵਿਚਾਰ ਕੀਤਾ। ਜਾਣਕਾਰੀ ਅਨੁਸਾਰ ਕਮੇਟੀ ਮਾਹਿਰਾਂ ਦੀ ਵੀ ਰਾਇ ਲਵੇਗੀ ਅਤੇ ਪੀੜਤ ਪਰਿਵਾਰਾਂ ਦੇ ਘਰਾਂ ਵਿੱਚ ਜਾ ਕੇ ਵੀ ਸਥਿਤੀ ਦਾ ਅਨੁਮਾਨ ਲਾਉਣ ਦੀ ਕੋਸ਼ਿਸ਼ ਕਰੇਗੀ।

ਪੰਜਾਬ ਸਰਕਾਰ ਦੇ ਅਨੁਮਾਨ ਅਨੁਸਾਰ ਪੰਜਾਬ ਦੀਆਂ ਯੂਨੀਵਰਸਿਟੀਆਂ ਵੱਲੋਂ 2000 ਤੋਂ ਬਾਅਦ ਕੀਤੇ ਅਧਿਐਨ ਮੁਤਾਬਕ ਲਗਪਗ ਦਸ ਹਜ਼ਾਰ ਕਿਸਾਨ ਅਤੇ ਮਜ਼ਦੂਰ ਖ਼ੁਦਕੁਸ਼ੀ ਕਰ ਚੁੱਕੇ ਹਨ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਏਕੜ ਤੱਕ ਵਾਲੇ ਕਿਸਾਨਾਂ ਦਾ ਦੋ ਲੱਖ ਤੱਕ ਦਾ ਕਰਜ਼ਾ ਮੁਆਫ਼ ਕਰਨ ਦੇ 19 ਜੂਨ ਨੂੰ ਵਿਧਾਨ ਸਭਾ ਵਿੱਚ ਕੀਤੇ ਐਲਾਨ ਦੌਰਾਨ ਹੀ ਵਿਧਾਨ ਸਭਾ ਦੀ ਕਮੇਟੀ ਬਣਾਉਣ ਦਾ ਮਤਾ ਪੇਸ਼ ਕੀਤਾ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,