Site icon Sikh Siyasat News

ਗਗਨੇਜਾ ’ਤੇ ਹਮਲੇ ਸਬੰਧੀ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ: ਬਾਦਲ

ਹੁਸ਼ਿਆਰਪੁਰ: ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੰਗਲਵਾਰ ਹੁਸ਼ਿਆਰਪੁਰ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਕਿਹਾ ਕਿ ਆਰ.ਐਸ.ਐਸ. ਦੇ ਸੀਨੀਅਰ ਆਗੂ ਜਗਦੀਸ਼ ਗਗਨੇਜਾ ’ਤੇ ਹੋਏ ਕਾਤਲਾਨਾ ਹਮਲੇ ਪਿੱਛੇ ਵਿਦੇਸ਼ੀ ਤਾਕਤਾਂ ਦੇ ਹੱਥ ਹੋਣ ਸਬੰਧੀ ਉਨ੍ਹਾਂ ਦੇ ਬਿਆਨ ਨੂੰ ਤੋੜ- ਮਰੋੜ ਨੂੰ ਪੇਸ਼ ਕੀਤਾ ਗਿਆ ਹੈ ਜਦੋਂਕਿ ਉਨ੍ਹਾਂ ਸਿਰਫ਼ ਇਹ ਕਿਹਾ ਸੀ ਕਿ ਹਮਲੇ ਪਿੱਛੇ ਗਹਿਰੀ ਸਾਜ਼ਿਸ਼ ਹੋ ਸਕਦੀ ਹੈ। ਬਾਦਲ ਨੇ ਕਿਹਾ ਕਿ ਜਦੋਂ ਤੱਕ ਜਾਂਚ ਪੂਰੀ ਨਹੀਂ ਹੋ ਜਾਂਦੀ, ਉਦੋਂ ਤੱਕ ਕੁਝ ਵੀ ਕਹਿਣਾ ਔਖਾ ਹੈ।

ਹੁਸ਼ਿਆਰਪੁਰ ਵਿੱਚ ਸੰਗਤ ਦਰਸ਼ਨ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਸੁਰੱਖਿਆ ਏਜੰਸੀਆਂ ਮਾਮਲੇ ਦੀ ਪੜਤਾਲ ਕਰ ਰਹੀਆਂ ਹਨ ਅਤੇ ਛੇਤੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਰ.ਐਸ.ਐਸ. ਆਗੂ ’ਤੇ ਹਮਲਾ ਕੋਈ ਆਮ ਅਪਰਾਧਿਕ ਘਟਨਾ ਨਹੀਂ। ਇਸ ਪਿੱਛੇ ਜਿਸ ਦਾ ਵੀ ਹੱਥ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਬਾਦਲ ਨੇ ਕਿਹਾ ਕਿ ਕਈ ਵਾਰ ਅਪਰਾਧਿਕ ਮਾਮਲੇ ਸੁਲਝਣ ਵਿੱਚ ਦੇਰ ਲੱਗ ਜਾਂਦੀ ਹੈ ਪਰ ਪੁਲੀਸ ਲਗਾਤਾਰ ਉਪਰੋਕਤ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

ਅਖੌਤੀ “ਗਊ ਰੱਖਿਅਕਾਂ” ਨਾਲ ਨਿਪਟਣ ਲਈ ਸਰਕਾਰ ਦੀ ਨੀਤੀ ਬਾਰੇ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸੁਚੇਤ ਰਹਿਣਾ ਪਵੇਗਾ ਤਾਂ ਜੋ ਡੇਅਰੀ ਫਾਰਮਿੰਗ ਨਾਲ ਜੁੜੇ ਸਹੀ ਕਾਰੋਬਾਰੀਆਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ। ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਦਲਜੀਤ ਸਿੰਘ ਚੀਮਾ ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨਾਲ ਪ੍ਰਗਟਾਈ ਗਈ ਹਮਦਰਦੀ ਬਾਰੇ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਕੁਝ ਨਹੀਂ ਜਾਣਦੇ। ਛੋਟੇਪੁਰ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਨ ਸਬੰਧੀ ਪੁੱਛੇ ਸਵਾਲ ਨੂੰ ਵੀ ਉਹ ਟਾਲ ਗਏ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version