ਸਾਕਾ ਨਕੋਦਰ ਦੇ ਸ਼ਹੀਦਾਂ ਦੀ ਤਸਵੀਰ।

ਵਿਦੇਸ਼

ਨਿਊਯਾਰਕ ਦੀ ਸਿੱਖ ਸੰਗਤ ਨੇ ਸਾਕਾ ਨਕੋਦਰ 1986 ਦੇ ਸ਼ਹੀਦਾਂ ਨੂੰ ਯਾਦ ਕੀਤਾ

By ਸਿੱਖ ਸਿਆਸਤ ਬਿਊਰੋ

February 04, 2019

ਨਿਊਯਾਰਕ: ਅਮਰੀਕਾ ਦੇ ਸ਼ਹਿਰ ਨਿਊਯਾਰਕ ਦੀਆਂ ਸਿੱਖਾਂ ਸੰਗਤਾਂ ਵਲੋਂ ਸਾਕਾ ਨਕੋਦਰ 1986 ਦੇ ਸਿੱਖ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਸਿੱਖ ਕਲਚਰਲ ਐਸੋਸੀਏਸ਼ਨ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਪ੍ਰਬੰਧ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਦੁਆਬਾ ਸਿੱਖ ਐਸੋਸੀਏਸ਼ਨ ਵਲੋਂ ਸਾਂਝੇ ਤੌਰ ਤੇ ਕੀਤਾ ਗਿਆ ਸੀ।

ਐਤਵਾਰ (3 ਫਰਵਰੀ) ਨੂੰ ਸਮਾਗਮ ਚ ਸੰਗਤਾਂ ਨੇ ਰਾਗੀ ਜਥਿਆਂ ਪਾਸੋਂ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਗੁਰੂ ਦਰਬਾਰ ਦੇ ਢਾਡੀਆਂ ਵਲੋਂ ਸੰਗਤਾਂ ਨਾਲ ਢਾਡੀ ਵਾਰਾਂ ਤੇ ਇਤਿਹਾਸਕ ਪ੍ਰਸੰਗ ਸਾਂਝੇ ਕੀਤੇ।

ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਅਤੇ ਗੁਰੂ ਸਾਹਿਬ ਦੇ ਅਦਬ ਸਤਿਕਾਰ ਲਈ ਹੋਈਆਂ ਸ਼ਹਾਦਤਾਂ ਨੂੰ ਯਾਦ ਕੀਤਾ।

ਇਸ ਸਮਾਗਮ ਚ ਸਾਕਾ ਨਕੋਦਰ ਮੌਕੇ ਸੰਗਤ ਦੀ ਅਗਵਾਈ ਕਰਨ ਵਾਲੇ ਪੰਜ ਪਿਆਰਿਆਂ ਵਿਚੋਂ ਭਾਈ ਪਰਵਿੰਦਰ ਸਿੰਘ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ, ਖਾਲਿਸਤਾਨ ਅਫੇਅਰਜ਼ ਸੈਂਟਰ ਦੇ ਸੰਚਾਲਕ ਡਾ. ਅੰਰਜੀਤ ਸਿੰਘ ਵਾਸ਼ਿੰਗਟਨ ਅਤੇ ਸਿੱਖਸ ਫਾਰ ਜਸਟਿਸ ਦੇ ਅਵਤਾਰ ਸਿੰਘ ਪੰਨੂ ਨੇ ਵੀ ਸਿੱਖ ਸੰਗਤਾਂ ਨੂੰ ਸੰਬੋਧਨ ਕੀਤਾ।

ਜ਼ਿਕਰਯੋਗ ਹੈ ਕਿ ਨਕੋਦਰ (ਪੰਜਾਬ) ਦੇ ਗੁਰਦੁਆਰਾ ਗੁਰੂ ਅਰਜਨ ਸਾਹਿਬ ਜੀ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਅਗਨ ਭੇਟ ਹੋਏ ਸਰੂਪਾਂ ਦੀ ਸੰਭਾਲ ਲਈ ਜਾ ਰਹੀ ਸਿੱਖ ਸੰਗਤ ਉੱਤੇ ਗੋਲੀਆਂ ਚਲਾ ਕੇ ਪੰਜਾਬ ਪੁਲਿਸ ਨੇ ਚਾਰ ਸਿੰਘਾਂ- ਭਾਈ ਰਵਿੰਦਰ ਸਿੰਘ, ਭਾਈ ਬਲਧੀਰ ਸਿੰਘ, ਭਾਈ ਝਲਮਣ ਸਿੰਘ ਅਤੇ ਭਾਈ ਹਰਮਿੰਦਰ ਸਿੰਘ ਨੂੰ ਸ਼ਹੀਦ ਕਰ ਦਿੱਤਾ ਸੀ। ਇਸ ਸਾਕੇ ਦੀ ਜਾਂਚ ਲਈ ਬਣਾਏ ਗਏ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦਾ ਜਾਂਚ ਲੇਖਾ ਤਿੰਨ ਦਹਾਕੇ ਤੋਂ ਵੱਧ ਸਮਾਂ ਬੀਤ ਜਾਣ ਤੇ ਵੀ ਜਨਤਕ ਨਹੀਂ ਕੀਤਾ ਗਿਆ ਤੇ ਨਾ ਹੀ ਸਿੱਖਾਂ ਦੇ ਕਾਤਲਾਂ ਉੱਤੇ ਕੋਈ ਕਾਰਵਾਈ ਕੀਤੀ ਗਈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: