ਆਮ ਖਬਰਾਂ » ਸਿਆਸੀ ਖਬਰਾਂ

ਹਾਕਮ ਪਾਰਟੀ ਦੇ ਇਸ਼ਾਰਿਆਂ ’ਤੇ ਕੰਮ ਕਰਨ ਵਾਲੇ ਅਫ਼ਸਰਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ: ਚੋਣ ਕਮਿਸ਼ਨ

October 26, 2016 | By

ਚੰਡੀਗੜ੍ਹ: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨਸੀਮ ਜ਼ੈਦੀ ਦਾ ਕਹਿਣਾ ਹੈ ਕਿ ਕਮਿਸ਼ਨ ਵੱਲੋਂ ਪੰਜਾਬ ਵਿੱਚ ਪ੍ਰਸ਼ਾਸਨ ਅਤੇ ਰਾਜਸੀ ਨੇਤਾਵਾਂ ਦਰਮਿਆਨ ਬਣੇ ਗੱਠਜੋੜ ਨੂੰ ਤੋੜ ਕੇ ਸੁਤੰਤਰ ਤੇ ਨਿਰਪੱਖ ਚੋਣਾਂ ਕਰਾਈਆਂ ਜਾਣਗੀਆਂ।

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦਾ ਜਾਇਜ਼ਾ ਲੈਣ ਚੰਡੀਗੜ੍ਹ ਆਏ ਨਸੀਮ ਜ਼ੈਦੀ ਤੇ ਕਮਿਸ਼ਨਰਾਂ ਏ. ਕੇ. ਜੋਤੀ ਅਤੇ ਓ.ਪੀ. ਰਾਵਤ ਨੇ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਤਾੜਨਾ ਕਰਦਿਆਂ ਕਿਹਾ ਕਿ ਹਾਕਮ ਪਾਰਟੀ ਦੇ ਆਗੂਆਂ ਦੇ ਇਸ਼ਾਰਿਆਂ ’ਤੇ ਕੰਮ ਕਰਨ ਵਾਲੇ ਅਫ਼ਸਰਾਂ ਵਿਰੁੱਧ ਅਪਰਾਧਕ ਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਦੇ ਮੁੱਖ ਸਕੱਤਰ ਸਰਵੇਸ਼ ਕੌਸ਼ਲ ਅਤੇ ਡੀਜੀਪੀ ਸੁਰੇਸ਼ ਅਰੋੜਾ ਨਾਲ ਮੀਟਿੰਗ ਕਰਕੇ ਸਪਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਅਫ਼ਰਸ਼ਾਹੀ ਨੂੰ ਜਵਾਬਦੇਹ ਬਣਾਇਆ ਜਾਵੇ ਅਤੇ ਕੋਤਾਹੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

ਚੰਡੀਗੜ੍ਹ ਵਿੱਚ ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗ਼ੁਫ਼ਤਗੂ ਕਰ ਰਹੇ ਮੁੱਖ ਚੋਣ ਕਮਿਸ਼ਨਰ ਨਸੀਮ ਜ਼ੈਦੀ, ਕਮਿਸ਼ਨਰ ਅਚਲ ਕੁਮਾਰ ਜੋਤੀ, ਓਮ ਪ੍ਰਕਾਸ਼ ਰਾਵਤ

ਚੰਡੀਗੜ੍ਹ ਵਿੱਚ ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗ਼ੁਫ਼ਤਗੂ ਕਰ ਰਹੇ ਮੁੱਖ ਚੋਣ ਕਮਿਸ਼ਨਰ ਨਸੀਮ ਜ਼ੈਦੀ, ਕਮਿਸ਼ਨਰ ਅਚਲ ਕੁਮਾਰ ਜੋਤੀ, ਓਮ ਪ੍ਰਕਾਸ਼ ਰਾਵਤ

ਉਨ੍ਹਾਂ ਕਿਹਾ ਕਿ ਰਾਜਸੀ ਧਿਰਾਂ ਨੇ ਮੀਟਿੰਗਾਂ ਦੌਰਾਨ ਗੜਬੜੀ ਦੇ ਤੌਖ਼ਲੇ ਪ੍ਰਗਟਾਏ ਹਨ, ਜਿਸ ਨੂੰ ਦੇਖਦਿਆਂ ਪੋਲਿੰਗ ਬੂਥਾਂ ਦੀ ਨਿਗਰਾਨੀ ਨੀਮ ਸੁਰੱਖਿਆ ਬਲਾਂ ਹਵਾਲੇ ਹੋਵੇਗੀ। ਮੁੱਖ ਚੋਣ ਕਮਿਸ਼ਨਰ ਨੇ ਮੰਗਲਵਾਰ ਨੂੰ ਕਿਹਾ ਕਿ ਹਾਲ ਹੀ ਵਿੱਚ ਪੱਛਮੀ ਬੰਗਾਲ ਸਮੇਤ ਹੋਰ ਸੂਬਿਆਂ ਵਿੱਚ ਹੋਈਆਂ ਚੋਣਾਂ ਦੌਰਾਨ ਇਹ ਤਰੀਕਾ ਅਖ਼ਤਿਆਰ ਕਰਕੇ ਨਿਰਪੱਖ ਚੋਣਾਂ ਕਰਾਈਆਂ ਜਾ ਚੁੱਕੀਆਂ ਹਨ। ਜ਼ੈਦੀ ਤੇ ਹੋਰ ਕਮਿਸ਼ਨਰਾਂ ਨੇ ਦੱਸਿਆ ਕਿ ਰਾਜਸੀ ਪਾਰਟੀਆਂ ਨੇ ਪੁਲਿਸ ਵੱਲੋਂ ਸਰਕਾਰੀ ਮਸ਼ੀਨਰੀ ’ਤੇ ਬੇਭਰੋਸਗੀ ਪ੍ਰਗਟਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੀਡੀਆ ਦੇ ਨੁਮਾਇੰਦਿਆਂ ਸਮੇਤ ਕਈ ਪਾਸਿਆਂ ਤੋਂ ਜਾਣਕਾਰੀ ਹਾਸਲ ਕੀਤੀ ਗਈ ਹੈ ਤੇ ਮਹਿਸੂਸ ਕੀਤਾ ਗਿਆ ਹੈ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਹਾਕਮ ਪਾਰਟੀ ਦੇ ਪ੍ਰਭਾਵ ਅਧੀਨ ਕੰਮ ਕਰ ਰਿਹਾ ਹੈ।

ਜ਼ੈਦੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਧਨ ਸ਼ਕਤੀ, ਬਾਹੂਬਲ ਤੇ ਨਸ਼ਿਆਂ ਦੇ ਪ੍ਰਭਾਵ ਨੂੰ ਰੋਕਣ ਲਈ 15 ਨਵੰਬਰ ਤੋਂ ਸਖ਼ਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਜਾਣਗੇ। ਨਾਰਕੋਟਿਕਸ ਬਿਓਰੋ ਤੇ ਈਡੀ ਨੂੰ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ ਹੈ। ਗ਼ੈਰ ਸਮਾਜਿਕ ਤੱਤਾਂ, ਚੋਣ ਖ਼ਰਚੇ ਤੇ ਪੇਡ ਨਿਊਜ਼ ਦੀ ਨਿਗਰਾਨੀ ਕਰਦੇ ਹੋਏ ਇਨ੍ਹਾਂ ਵਿਰੁੱਧ ਕੀਤੀ ਜਾਣ ਵਾਲੀ ਪ੍ਰਭਾਵੀ ਕਾਰਵਾਈ ਦੀ ਨਿਗਰਾਨੀ ਲਈ ਸੂਚਨਾ ਤੇ ਸੰਚਾਰ ਤਕਨੀਕਾਂ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿ ਕਮਿਸ਼ਨ ‘ਪੇਡ ਨਿਊਜ਼’ ਦਾ ਵਰਤਾਰਾ ਠੱਲ੍ਹਣ ਲਈ ਯਤਨਸ਼ੀਲ ਹੈ।

ਦੱਸਣਯੋਗ ਹੈ ਕਿ ਪੰਜਾਬ ਵਿੱਚ ਵੋਟਰਾਂ ਦੀ ਗਿਣਤੀ ਇੱਕ ਕਰੋੜ 92 ਲੱਖ 14 ਹਜ਼ਾਰ 509 ਹੈ। ਚੋਣ ਸੂਚੀ ਵਿੱਚ 100 ਫ਼ੀਸਦੀ ਫੋਟੋ ਕਵਰੇਜ ਹੈ ਅਤੇ ਈਪੀਆਈਸੀ ਵੀ 100 ਫ਼ੀਸਦੀ ਹੈ। ਕਮਿਸ਼ਨ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਸਰਕਾਰੀ ਅਮਲੇ ਨੂੰ ਬੀਐਲਓ ਵਜੋਂ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ। ਸੂਬੇ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਲਾਇਸੈਂਸ ਹੋਲਡਰਾਂ ਕੋਲੋਂ ਹਥਿਆਰ ਜਮ੍ਹਾਂ ਕਰਵਾਉਣ ਅਤੇ ਸਿਰਫ਼ ਉਨ੍ਹਾਂ ਲਾਇਸੈਂਸ ਹੋਲਡਰਾਂ ਨੂੰ ਹਥਿਆਰ ਰੱਖਣ ਦੀ ਪ੍ਰਵਾਨਗੀ ਦੇਣ ਜੋ ਜ਼ਿਲ੍ਹਾ ਪੱਧਰੀ ਕਮੇਟੀ ਤੋਂ ਪ੍ਰਵਾਨਿਤ ਹਨ। ਪ੍ਰਸਿੱਧ ਕਲਾਕਾਰ ਗੁਰਦਾਸ ਮਾਨ ਅਤੇ ਭਾਰਤ ਦੇ ਓਲੰਪਿਕ ਗੋਲਡ ਮੈਡਲ ਜੇਤੂ ਅਭਿਨਵ ਬਿੰਦਰਾ ਵੱਲੋਂ ਸੂਬੇ ਦੇ ਵੋਟਰਾਂ ਨੂੰ ਚੋਣ ਪ੍ਰਕਿਰਿਆ ਸਬੰਧੀ ਜਾਗਰੂਕ ਕੀਤਾ ਜਾਵੇਗਾ। ਡਾ. ਜ਼ੈਦੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਸੂਚਨਾ ਟੈਕਨਾਲੋਜੀ ’ਤੇ ਆਧਾਰਿਤ ਐਪਲੀਕੇਸ਼ਨਜ਼ ਦੀ ਵਰਤੋਂ ਕੀਤੀ ਜਾਵੇਗੀ ਅਤੇ ਇਸ ਸਬੰਧੀ ਅਮਲੇ ਨੂੰ ਵੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੋਬਾਈਲ ਐਪਸ ਅਤੇ ਆਈਟੀ ਐਪਲੀਕੇਸ਼ਨਜ਼ ਤੋਂ ਇਲਾਵਾ ਜੀਪੀਐੱਸ ਅਤੇ ਹੋਰ ਤਕਨੀਕਾਂ ਦੀ ਵਰਤੋਂ ਵੀ ਕੀਤੀ ਜਾਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,