ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਚੰਡੀਗੜ੍ਹ ਪੰਜਾਬ ਨੂੰ ਮਿਲਣ ਦੀ ਸੰਭਾਵਨਾ ਨਾ ਦੇ ਬਰਾਬਰ: ਮਸਲੇ ਉਲਝਾਉਣ ਲਈ ਕਾਂਗਰਸ ਜ਼ਿੰਮੇਵਾਰ: ਬਾਦਲ

September 2, 2016 | By

ਜਲੰਧਰ: ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੂਬੇ ਦੇ ਮਸਲਿਆਂ ਨੂੰ ਉਲਝਾਉਣ ਦਾ ਦੋਸ਼ ਕਾਂਗਰਸ ਸਿਰ ਮੜ੍ਹਦਿਆਂ ਕਿਹਾ ਕਿ ਪੰਜਾਬ ਨੂੰ ਚੰਡੀਗੜ੍ਹ ਮਿਲਣਾ ਓਨਾ ਹੀ ਔਖਾ ਹੈ, ਜਿੰਨਾ ਮੁਰਦੇ ਵਿੱਚ ਜਾਨ ਪਾਉਣੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਹੀ ਚੰਡੀਗੜ੍ਹ ਵਸਾਇਆ ਗਿਆ ਸੀ। ਉਹ ਵੀਰਵਾਰ ਪਿੰਡ ਮਾਣਕ ਰਾਏ ਵਿੱਚ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਬਾਦਲ ਨੇ ਕਿਹਾ ਕਿ ਪੰਜਾਬ ਦਾ ਸਭ ਤੋਂ ਵੱਧ ਨੁਕਸਾਨ ਕਾਂਗਰਸ ਨੇ ਕੀਤਾ ਹੈ। ਸਮਝੌਤੇ ਤਹਿਤ ਚੰਡੀਗੜ੍ਹ ਪੰਜਾਬ ਨੂੰ ਦੇਣ ਵੇਲੇ ਕਾਂਗਰਸ ਸਰਕਾਰ ਐਨ ਮੌਕੇ ’ਤੇ ਮੁੱਕਰ ਗਈ ਸੀ। ਜਦੋਂ ਉਨ੍ਹਾਂ ਨੂੰ ਇਹ ਸਵਾਲ ਕੀਤਾ ਗਿਆ ਕਿ ਕੇਂਦਰ ਵਿੱਚ ਵੀ ਐਨਡੀਏ ਦੀ ਸਰਕਾਰ ਹੈ, ਹਰਿਆਣੇ ਵਿੱਚ ਭਾਜਪਾ ਦੀ ਸਰਕਾਰ ਹੈ ਤੇ ਪੰਜਾਬ ਵਿੱਚ ਅਕਾਲੀ-ਭਾਜਪਾ ਦੀ ਸਾਂਝੀ ਸਰਕਾਰ ਹੈ ਤਾਂ ਫਿਰ ਚੰਡੀਗੜ੍ਹ ਪੰਜਾਬ ਦੇ ਹਵਾਲੇ ਕਰਨ ਵਿੱਚ ਕੀ ਅੜਿੱਕਾ ਆ ਰਿਹਾ ਹੈ? ਇਸ ਸਵਾਲ ਦਾ ਜਵਾਬ ਸਿੱਧੇ ਤੌਰ ’ਤੇ ਦੇਣ ਦੀ ਥਾਂ ਉਨ੍ਹਾਂ ਫਿਰ ਕਿਹਾ ਕਿ ਕਾਂਗਰਸ ਨੇ ਮਸਲੇ ਨੂੰ ਹੱਦੋਂ ਵੱਧ ਉਲਝਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਲੈਣ ਵਾਸਤੇ ਸਰਕਾਰ ਪੂਰੇ ਯਤਨ ਕਰ ਰਹੀ ਹੈ।

ਜਲੰਧਰ ਵਿੱਚ ਆਦਮਪੁਰ ਨੇੜੇ ਇਕ ਪਿੰਡ ਵਿੱਚ ਸੰਗਤ ਦਰਸ਼ਨ ਦੌਰਾਨ ਸ਼ਿਕਾਇਤਾਂ ਸੁਣਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਜਲੰਧਰ ਵਿੱਚ ਆਦਮਪੁਰ ਨੇੜੇ ਇਕ ਪਿੰਡ ਵਿੱਚ ਸੰਗਤ ਦਰਸ਼ਨ ਦੌਰਾਨ ਸ਼ਿਕਾਇਤਾਂ ਸੁਣਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਸੂਬੇ ਵਾਸਤੇ ਤਾਂ ਉਨ੍ਹਾਂ ਜੇਲ੍ਹਾਂ ਕੱਟੀਆਂ ਹਨ, ਜਦੋਂ ਕਿ ਕਾਂਗਰਸ ਨੇ ਪੰਜਾਬ ਦੇ ਪਾਣੀ ਖੋਹਣ ਲਈ ਐਸਵਾਈਐਲ ਦਾ ਨਿਰਮਾਣ ਕਰਵਾਇਆ ਸੀ ਤੇ ਇਸ ਦਾ ਟੱਕ ਲਾਉਣ ਲਈ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਆਏ ਸਨ। ਮੌਕੇ ’ਤੇ ਕੈਪਟਨ ਅਮਰਿੰਦਰ ਸਿੰਘ ਵੀ ਉਨ੍ਹਾਂ ਦੇ ਸਵਾਗਤ ਲਈ ਹਾਜ਼ਰ ਸਨ। ਜਦੋਂ ਸਵਾਲ ਕੀਤਾ ਗਿਆ ਕਿ ਐਸਵਾਈਐਲ ਨਹਿਰ ਦੀ ਜ਼ਮੀਨ ਐਕੁਆਇਰ ਕਰਨ ਲਈ ਕੀ ਉਨ੍ਹਾਂ (ਬਾਦਲ) ਦੀ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਸੀ? ਇਸ ਉਤੇ ਬਾਦਲ ਨੇ ਸਪੱਸ਼ਟ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੇਲੇ ਅਜਿਹਾ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ। ਜ਼ਿਕਰਯੋਗ ਹੈ ਕਿ ਉਸ ਵੇਲੇ ਦੇ ਹਰਿਆਣੇ ਦੇ ਮੁੱਖ ਮੰਤਰੀ ਦੇਵੀ ਲਾਲ ਨੇ ਵਿਧਾਨ ਸਭਾ ਵਿੱਚ ਕਿਹਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੇ ਐਸਵਾਈਐਲ ਨਹਿਰ ਲਈ ਜ਼ਮੀਨ ਐਕੁਆਇਰ ਕਰਨ ਵਾਸਤੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਨੂੰ ਜਾਰੀ ਵੀ ਕੀਤੀਆਂ ਸਨ। ਦਿੱਲੀ ਵਿੱਚ ਇਕ ਮੰਤਰੀ ਦੀ ਅਸ਼ਲੀਲ ਸੀਡੀ ਸਾਹਮਣੇ ਆਉਣ ਬਾਰੇ ਬਾਦਲ ਨੇ ਕਿਹਾ ਕਿ ਕਿਰਦਾਰ ਦੇ ਸੱਚੇ ਸੁੱਚੇ ਹੋਣ ਦਾ ਦਮ ਭਰਨ ਵਾਲੀ ਇਸ ਪਾਰਟੀ ਦੇ ਆਗੂਆਂ ਦਾ ਅਸਲੀ ਕਿਰਦਾਰ ਲੋਕਾਂ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਆਗੂ ਵਿਚਾਰਧਾਰਾ ਤੇ ਨੈਤਿਕਤਾ ਤੋਂ ਸੱਖਣੇ ਹਨ ਅਤੇ ਉਹ ਲੋਕਾਂ ਨੂੰ ਗੁਮਰਾਹ ਕਰਨ ਲਈ ਹਮੇਸ਼ਾ ਝੂਠ ਦਾ ਸਹਾਰਾ ਲੈਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਦੀ ਸਰਕਾਰ ਦਿੱਲੀ ਵਿੱਚ ਹਰ ਫਰੰਟ ’ਤੇ ਫੇਲ੍ਹ ਹੋਈ ਹੈ। ਬਾਦਲ ਨੇ ਕਿਹਾ ਕਿ ਦਿੱਲੀ ਵਿੱਚ ਆਪ ਦੀ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ, ਜਦੋਂ ਕਿ ਉਨ੍ਹਾਂ ਦੀ ਸਰਕਾਰ ਨੇ ਇੱਥੇ ਆਪਣੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ।

ਇਸ ਮੌਕੇ ਵਿਧਾਇਕ ਪਵਨ ਕੁਮਾਰ ਟੀਨੂੰ, ਮੁੱਖ ਮੰਤਰੀ ਦੇ ਸੰਯੁਕਤ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਡੀਆਈਜੀ ਰਾਜਿੰਦਰ ਸਿੰਘ, ਡਿਪਟੀ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਤੇ ਜ਼ਿਲ੍ਹਾ ਪੁਲੀਸ ਮੁਖੀ ਹਰਮੋਹਨ ਸਿੰਘ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,