
November 26, 2011 | By ਸਿੱਖ ਸਿਆਸਤ ਬਿਊਰੋ
ਫ਼ਤਿਹਗੜ੍ਹ ਸਾਹਿਬ (26 ਨਵੰਬਰ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਨੇ ਪ੍ਰਚੂਨ ਖੇਤਰ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ ਦੇ ਕੇਂਦਰੀ ਕੈਬਨਿਟ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਸਰਕਾਰ ਦਾ ਇਹ ਕਦਮ ਸਿਰੇ ਤੋਂ ਲੋਕ ਮਾਰੂ ਹੈ।ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਪਹਿਲਾਂ ਹੀ ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਖੁਦਕਸੀਆਂ ਕਰ ਰਿਹਾ ਹੈ ਅਤੇ ਸਰਕਾਰ ਦਾ ਇਹ ਨਵਾਂ ਫ਼ੈਸਲਾ ਦੇਸ਼ ਦੀ ਗ਼ਰੀਬ ਕਿਸਾਨੀ ਅਤੇ ਛੋਟੇ ਵਪਾਰੀਆਂ ਨੂੰ ਤਬਾਹ ਕਰ ਕੇ ਰੱਖ ਦਵੇਗਾ ਅਤੇ ਦੇਸ਼ ਦੇ ਲੋਕ ਮਹਿੰਗਾਈ ਤੇ ਬੇਰੁਜ਼ਗਾਰੀ ਦੀਆਂ ਸਮੱਸਿਆਵਾਂ ਵਿੱਚ ਘਿਰ ਜਾਣਗੇ।
ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦਲ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ ਲੋਕਾਂ ਨੂੰ ਰੋਜ਼ਗਾਰ ਦੇ ਸਾਧਨ ਅਤੇ ਨੌਕਰੀਆਂ ਦੇ ਮੌਕੇ ਮੁਹੱਈਆਂ ਨਹੀਂ ਕਰਵਾ ਰਹੀ ਉਲਟਾ ਸਰਕਾਰ ਅਪਣੀਆਂ ਮਾੜੀਆਂ ਨੀਤੀਆਂ ਰਾਹੀਂ ਦੇਸ਼ ਦੇ ਆਰਥਿਕ ਸ੍ਰੋਤ ਕੁਝ ਕੁ ਲੋਕਾਂ ਦੇ ਹੱਥਾਂ ਵਿੱਚ ਸੌਂਪ ਕੇ ਆਮ ਲੋਕਾਂ ਤੋਂ ਉਨ੍ਹਾਂ ਦਾ ਰੁਜ਼ਗਾਰ ਖੋਹ ਕੇ ਦੇਸ਼ ਦੀ ਗ਼ਰੀਬ ਜਨਤਾ ਦੇ ਪੇਟ ‘ਚ ਲੱਤ ਮਾਰ ਰਹੀ ਹੈ।
ਉਕਤ ਆਗੂਆਂ ਨੇ ਕਿਹਾ ਕਿ ਸਮਾਂ ਪਾ ਕੇ ਬਾਲ ਮਾਰਟ ਵਰਗੀਆਂ ਕੰਪਨੀਆਂ ਭਾਰਤੀ ਪ੍ਰਚੂਨ ਬਜ਼ਾਰ ਤੇ ਪੂਰਨ ਤੌਰ ‘ਤੇ ਕਾਬਜ਼ ਹੋ ਜਾਣਗੀਆਂ ਅਤੇ ਮਨ ਮਰਜ਼ੀ ਦੀਆਂ ਕੀਮਤਾਂ ਵਸੂਲ ਕੇ ਆਮ ਲੋਕਾਂ ਦੀ ਲੁੱਟ ਖਸੁੱਟ ਸ਼ੁਰੂ ਕਰ ਦੇਣਗੀਆਂ। ਉਨ੍ਹਾਂ ਕਿਹਾ ਕਿ ਅਜਿਹੇ ਫੈਸਲੇ ਲੈਣ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਇਨ੍ਹਾਂ ਦੇ ਅਮਰੀਕਾ ਅਤੇ ਯੂਰਪ ਵਰਗੇ ਦੇਸ਼ਾਂ ਵਿੱਚ ਨਿਕਲੇ ਨਤੀਜਿਆਂ ਦਾ ਅਧਿਐਨ ਕਰ ਲੈਣਾ ਚਾਹੀਦਾ ਸੀ, ਜਿੱਥੇ ਅਜਿਹੀਆਂ ਨੀਤੀਆਂ ਕਾਰਨ ਪੈਦਾ ਹੋਈਆਂ ਆਰਥਿਕ ਅਸਮਾਨਤਾਵਾਂ ਕਾਰਨ ਲੋਕਾਂ ਨੂੰ ਸੜਕਾਂ ‘ਤੇ ਵਿਖਾਵੇ ਤੇ ਵਿਰੋਧ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਉਕਤ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਪਿਛਲੇ ਦੋ ਦਹਾਕਿਆਂ ਤੋਂ ਅਪਣਾਈਆਂ ਗਈਆਂ ਗਲਤ ਨੀਤੀਆਂ ਵਿੱਚ ਸੁਧਾਰ ਲਿਆ ਕਿ ਲੋਕ ਪੱਖੀ ਆਰਥਿਕ ਨੀਤੀਆਂ ਲਾਗੂ ਕਰੇ।
Related Topics: Akali Dal Panch Pardhani, Bhai Harpal Singh Cheema (Dal Khalsa), ਭਾਈ ਹਰਪਾਲ ਸਿੰਘ ਚੀਮਾ