ਕੌਮਾਂਤਰੀ ਖਬਰਾਂ » ਖਾਸ ਖਬਰਾਂ » ਸਿਆਸੀ ਖਬਰਾਂ » ਸਿੱਖ ਖਬਰਾਂ

ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਨੂੰ ਯਾਦ ਕਰਦਿਆਂ ਲੰਡਨ ਵਿੱਚ ਰੋਸ ਮੁਜਾਹਰਾ 3 ਜੂਨ ਨੂੰ ਹੋਵੇਗਾ

May 5, 2018 | By

ਲੰਡਨ: ਭਾਰਤ ਸਰਕਾਰ ਵਲੋਂ ਟੈਂਕਾਂ ਅਤੇ ਤੋਪਾਂ ਨਾਲ ਭਾਰਤੀ ਫੌਜ ਦੁਆਰਾ ਸੱਚ ਖੰਡ ਸ੍ਰੀ ਦਰਬਾਰ ਸਾਹਿਬ ਤੇ ਕੀਤੇ ਗਏ ਖੂਨੀ ਘੱਲੂਘਾਰੇ ਨੂੰ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ ਬਲਕਿ ਇਸ ਨਾਲ ਸਿਰਜੇ ਗਏ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਪ੍ਰਤੀ ਯਤਨਸ਼ੀਲ ਰਹੇਗੀ। ਦੁਨੀਆਂ ਭਰ ਵਿੱਚ ਵਸਦੇ ਹਰ ਸਿੱਖ ਦਾ ਫਰਜ਼ ਹੈ ਕਿ ਉਹ ਇਸ ਖੂਨੀ ਘੱਲੂਘਾਰੇ ਦੀ ਯਾਦ ਨੂੰ ਇੱਕ ਜ਼ਖਮ ਦੀ ਨਿਆਂਈਂ ਸਮਝਦਾ ਹੋਇਆ ਇਸਦੇ ਦੇ ਸਦੀਵੀ ਇਲਾਜ ਰੂਪੀ ਕੌਮੀ ਅਜਾਦੀ ਪ੍ਰਤੀ ਵਚਨਬੱਧ ਹੋਵੇ। ਬਰਤਾਨੀਆ ਵਿੱਚ ਅਜ਼ਾਦ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤਿ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ 3 ਜੂਨ ਵਾਲੇ ਦਿਨ ਲੰਡਨ ਵਿੱਚ ਵੱਡੀ ਪੱਧਰ ਤੇ ਰੋਸ ਮੁਜਾਹਰਾ ਕੀਤਾ ਜਾ ਰਿਹਾ ਹੈ ।

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਦੇ ਕੋਆਰਡੀਨੇਟਰਜ਼ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸਿ਼ੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਨੇ ਇੰਗਲੈਂਡ ਭਰ ਦੀਆਂ ਸਿੱਖ ਸੰਗਤਾਂ ਨੂੰ ਰੋਸ ਮੁਜਾਹਰੇ ਵਿੱਚ ਡੱਟ ਕੇ ਸਾਥ ਦੇਣ ਦੀ ਅਪੀਲ ਕੀਤੀ ਹੈ। ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਸਿੱਖ ਜਗਤ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਆਪੋ ਆਪਣੇ ਦੇਸ਼ਾਂ, ਸ਼ਹਿਰਾਂ, ਪਿੰਡਾਂ ਅਤੇ ਕਸਬਿਆਂ ਵਿੱਚ ਸਿੱਖ ਤਵਾਰੀਖ ਵਿੱਚ ਵਾਪਰੇ ਇਸ ਤੀਸਰੇ ਖੂਨੀ ਘੱਲੂਘਾਰੇ ਦੀ ਯਾਦ ਅੰਦਰ ਰੋਸ ਅਤੇ ਰੋਹ ਦਾ ਪ੍ਰਗਟਾਵਾ ਕਰਦੇ ਹੋਏ ਅਜਾਦ ਸਿੱਖ ਰਾਜ ਖਾਲਿਸਤਾਨ ਪ੍ਰਤੀ ਵਚਨਬੱਧ ਜਰੂਰ ਹੋਣ।

ਲੰਡਨ ਵਿਖੇ ਹੋ ਰਹੇ ਮੁਜਾਹਰੇ ਦੌਰਾਨ 3 ਜੂਨ ਐਤਵਾਰ ਵਾਲੇ ਦਿਨ ਸਵੇਰੇ 11 ਵਜੇ ਸਿੱਖ ਸੰਗਤਾਂ ਵੱਖ ਸ਼ਹਿਰਾਂ ਤੋਂ ਹਾਈਡ ਪਾਰਕ ਲੰਡਨ ਵਿਖੇ ਕਾਰਾਂ ਅਤੇ ਕੋਚਾਂ ਦੇ ਕਾਫਲਿਆਂ ਰਾਹੀਂ ਪੁੱਜਣਗੀਆਂ, ਜਿੱਥੇ ਦੋ ਘੰਟੇ ਸਟੇਜ ਦੀ ਕਾਰਵਾਈ ਚਲਾਈ ਜਾਵੇਗੀ ਉਪਰੰਤ ਵਿਸ਼ਾਲ ਮਾਰਚ ਲੰਡਨ ਦੀਆਂ ਸੜਕਾਂ ਤੇ ਚਾਲੇ ਪਾਵੇਗਾ। ਜਿ਼ਕਰਯੋਗ ਹੈ ਕਿ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਜਥੇਬੰਦੀਆਂ ਵਲੋਂ ਹਰ ਸਾਲ ਰੋਸ ਮੁਜਾਹਰਾ ਕੀਤਾ ਜਾਂਦਾ ਹੈ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਵਲੋਂ ਸ਼ਮੂਲੀਅਤ ਕੀਤੀ ਜਾਂਦੀ ਹੈ। ਸਿੱਖ ਨੌਜਵਾਨਾਂ ਵਿੱਚ ਇਸ ਰੋਸ ਮੁਜਾਹਰੇ ਪ੍ਰਤੀ ਹਰ ਸਾਲ ਉਤਸ਼ਾਹ ਵਧ ਰਿਹਾ ਹੈ।

ਸਿੱਖ ਆਗੂਆਂ ਨੇ ਕਿਹਾ ਕਿ ਵੀਹਵੀਂ ਸਦੀ ਦੇ ਮਹਾਨ ਸਿੱਖ ਸਤਿਕਾਰਯੋਗ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ, ਭਾਈ ਅਮਰੀਕ ਸਿੰਘ ਜੀ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਜਨਰਲ ਸ਼ੁਬੇਗ ਸਿੰਘ ਜੀ ਨੇ ਆਪਣੇ ਸਾਥੀਆਂ ਨਾਲ ਟੈਂਕਾਂ ਅਤੇ ਤੋਪਾਂ ਨਾਲ ਲੈਸ ਹੋ ਕੇ ਹਮਲਾ ਕਰਨ ਆਈ ਭਾਰਤੀ ਫੌਜ ਦਾ ਆਖਰੀ ਦਮ ਤੱਕ ਮੁਕਾਬਲਾ ਕੀਤਾ ਅਤੇ ਇੱਕ ਅਸਾਵੀਂ ਜੰਗ ਦਾ ਸ਼ਾਨਾਮੱਤਾ ਇਤਿਹਾਸ ਦੁਨਿਆ ਸਾਹਮਣੇ ਸਿਰਜ ਕੇ ਰੱਖ ਦਿੱਤਾ ਹੈ,ਜਿਸ ਤੋਂ ਸਿੱਖ ਕੌਮ ਦੀਆਂ ਅਗਲੇਰੀਆਂ ਪੀੜ੍ਹੀਆਂ ਹਮੇਸ਼ਾਂ ਸੇਧ ਲੈਂਦੀਆਂ ਰਹਿਣਗੀਆਂ। ਦੂਜੇ ਪਾਸੇ ਮੁਗਲੀਆ ਅਤੇ ਹਿਟਲਰੀ ਜ਼ੁਲਮਾਂ ਨੂੰ ਮਾਤ ਪਾਉਂਦਿਆਂ ਭਾਰਤੀ ਫੌਜ ਵਲੋਂ ਨਿਰਦੋਸ਼ ਸਿੱਖ ਬਜੁਰਗਾਂ, ਸਿੱਖ ਬੀਬੀਆਂ ਅਤੇ ਦੁੱਧ ਚੁੰਘਦੇ ਬੱਚਿਆਂ ਨੂੰ ਕੋਹ ਕੋਹ ਕੇ ਸ਼ਹੀਦ ਕੀਤਾ ਗਿਆ । ਸਿੱਖ ਕੌਮ ਦੇ ਸਰਵਉੱਚ ਅਸਥਾਨ ਰਾਜਸੀ ਸ਼ਕਤੀ ਦੇ ਸੋਮੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕੀਤਾ ਗਿਆ, ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਗੋਲੀਆਂ ਨਾਲ ਛਲਣੀ ਕਰਦਿਆਂ ਜੁੱਗੋ ਜੁੱਗ ਅਟੱਲ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਵਿੱਤਰ ਸਰੂਪਾਂ ਸਮੇਤ ਸਿੱਖ ਇਤਿਹਾਸ, ਗੁਰ ਇਤਿਹਾਸ ਦੇ ਸਰੋਤ, ਗੁਰੂ ਸਾਹਿਬ ਦੇ ਹੱਥ ਲਿਖਤ ਹੁਕਮਨਾਮੇ ਅਗਨ ਭੇਂਟ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਸ ਖੂਨੀ ਅਤੇ ਅੱਤ ਵਹਿਸ਼ੀ ਹਮਲੇ ਨੂੰ ਸਿੱਖ ਕੌਮ ਸਦਾ ਯਾਦ ਰੱਖੇਗੀ, ਬਲਕਿ ਇਸ ਖੂਨੀ ਘੱਲੂਘਾਰੇ ਨਾਲ ਸਿਰਜੇ ਗਏ ਅਜ਼ਾਦ ਸਿੱਖ ਰਾਜ ਖਾਲਿਸਤਾਨ ਨਿਸ਼ਾਨੇ ਪ੍ਰਤੀ ਸੰਘਰਸ਼ਸ਼ੀਲ ਰਹੇਗੀ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,