ਖੇਤੀਬਾੜੀ » ਸਿਆਸੀ ਖਬਰਾਂ

ਮੁੱਖ ਮੰਤਰੀ ਵਲੋਂ ਨਰਮੇ ਦੀ ਫਸਲ ਦੇ ਨੁਕਸਾਨ ਦਾ ਜਾਇਜ਼ਾ, ਬੇਅਸਰ ਕੀਟਨਾਸ਼ਕਾਂ ਦੀ ਜਾਂਚ ਦਾ ਭਰੋਸਾ

August 12, 2017 | By

ਮਾਨਸਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲਵਾ ਪੱਟੀ ਵਿੱਚ ਚਿੱਟੀ ਮੱਖੀ ਨਾਲ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦਾ ਭਰੋਸਾ ਦਿੰਦਿਆਂ ਕਿਸਾਨਾਂ ਨੂੰ ਨੁਕਸਾਨ ਦਾ ਢੁੱਕਵਾਂ ਮੁਆਵਜ਼ਾ ਦੇਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਫ਼ਸਲ ਮਰਨ, ਰਕਬਾ ਵਾਹੁਣ ਅਤੇ ਝਾੜ ਘਟਣ ਕਰਕੇ ਕਿਸਾਨਾਂ ਦਾ ਜਿਹੜਾ ਨੁਕਸਾਨ ਹੋਇਐ, ਉਸ ਦਾ ਮੁਆਵਜ਼ਾ ਦੇਣ ਵਿੱਚ ਬਿਲਕੁਲ ਦੇਰੀ ਨਹੀਂ ਕੀਤੀ ਜਾਵੇਗੀ। ਉਹ ਸ਼ੁੱਕਰਵਾਰ (11 ਅਗਸਤ) ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲਾ ਕਲਾਂ ਅਤੇ ਸਾਹਨਿਆਂਵਾਲੀ ਦੇ ਉਨ੍ਹਾਂ ਖੇਤਾਂ ਦਾ ਦੌਰਾ ਕਰਨ ਲਈ ਪੁੱਜੇ ਸਨ, ਜਿਨ੍ਹਾਂ ਵਿਚ ਕਿਸਾਨਾਂ ਨੇ ਚਿੱਟੀ ਮੱਖੀ ਦੇ ਹਮਲੇ ਤੋਂ ਘਬਰਾ ਕੇ ਨਰਮੇ ਨੂੰ ਵਾਹ ਦਿੱਤਾ ਸੀ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿੰਡ ਸਾਹਨਿਆਂਵਾਲੀ ਵਿੱਚ ਨਰਮੇ ਉੱਤੇ ਚਿੱਟੀ ਮੱਖੀ ਦੇ ਹਮਲੇ ਨੂੰ ਵੇਖਦੇ ਹੋਏ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿੰਡ ਸਾਹਨਿਆਂਵਾਲੀ ਵਿੱਚ ਨਰਮੇ ਉੱਤੇ ਚਿੱਟੀ ਮੱਖੀ ਦੇ ਹਮਲੇ ਨੂੰ ਵੇਖਦੇ ਹੋਏ

ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਿੱਟੀ ਮੱਖੀ ਦੇ ਹਮਲੇ ਲਈ ਵਰਤੀਆਂ ਜਾਣ ਵਾਲੀਆਂ ਕੀਟਨਾਸ਼ਕਾਂ ਦੇ ਬੇ-ਅਸਰ ਹੋਣ ਵਾਲੇ ਪੂਰੇ ਮਾਮਲੇ ਦੀ ਸਖ਼ਤੀ ਨਾਲ ਪੜਤਾਲ ਕਰਵਾਈ ਜਾਵੇਗੀ ਅਤੇ ਇਸ ਲਈ ਜ਼ਿੰਮੇਵਾਰ ਦਵਾਈ ਕੰਪਨੀਆਂ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ, ਜਦੋਂ ਕਿ ਕਿਸਾਨਾਂ ਦੀ ਇਸ ਔਖੀ ਘੜੀ ਬਾਂਹ ਫੜ੍ਹਨ ਤੋਂ ਭੱਜਣ ਵਾਲੇ ਖੇਤੀਬਾੜੀ ਅਧਿਕਾਰੀਆਂ ਨੂੰ ਬਿਲਕੁਲ ਨਹੀਂ ਬਖ਼ਸ਼ਿਆ ਜਾਵੇਗਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਕਰਮਚਾਰੀ ਵੀ ਅਣਗਹਿਲੀ ਵਰਤਣ ਦੇ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਨੂੰ ਵੀ ਸਜ਼ਾ ਭੁਗਤਣੀ ਪਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੌਨਸੂਨ ਦੌਰਾਨ ਐਤਕੀਂ ਘੱਟ ਮੀਂਹ ਪੈਣ ਕਰ ਕੇ ਸੋਕੇ ਅਤੇ ਹੁੰਮਸ ਵਿੱਚ ਚਿੱਟੀ ਮੱਖੀ ਦਾ ਫੈਲਾਅ ਹੋਣ ਦੀ ਸਥਿਤੀ ਨਾਲ ਨਜਿੱਠਣ ਵਾਸਤੇ ਢੰਗ ਤਰੀਕੇ ਤਲਾਸ਼ਣ ਲਈ ਬੁੱਧਵਾਰ ਨੂੰ ਮੀਟਿੰਗ ਸੱਦੀ ਗਈ ਹੈ। ਮੀਟਿੰਗ ਦੌਰਾਨ ਵਿਆਪਕ ਨਿਗਰਾਨੀ ਯੋਜਨਾ ਨੂੰ ਅੰਤਿਮ ਰੂਪ ਦੇ ਕੇ ਲਾਗੂ ਕੀਤਾ ਜਾਵੇਗਾ।

ਇਸ ਮੌਕੇ ਮੁੱਖ ਮੰਤਰੀ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਵਧੀਕ ਚੀਫ ਸੈਕਟਰੀ ਐਮ.ਪੀ..ਸਿੰਘ, ਸਪੈਸ਼ਲ ਸੈਕਟਰੀ ਖੇਤੀਬਾੜੀ ਵਿਕਾਸ ਗਰਗ, ਕਮਿਸ਼ਨਰ ਐਗਰੀਕਲਚਰ ਬਲਵਿੰਦਰ ਸਿੱਧੂ, ਡਿਪਟੀ ਕਮਿਸ਼ਨਰ ਧਰਮ ਪਾਲ ਗੁਪਤਾ, ਐਸ.ਐਸ.ਪੀ. ਪਰਮਬੀਰ ਸਿੰਘ ਪਰਮਾਰ, ਡਾਇਰੈਕਟਰ ਖੇਤੀਬਾੜੀ ਜਸਵੀਰ ਸਿੰਘ ਬੈਂਸ ਆਦਿ ਮੌਜੂਦ ਸਨ।

Related Topics: , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: