April 16, 2018 | By ਸਿੱਖ ਸਿਆਸਤ ਬਿਊਰੋ
ਅਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਜਦੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਵਿਵਾਦਿਤ ਫਿਲਮ ‘ਨਾਨਕ ਸ਼ਾਹ ਫਕੀਰ’ ਨੂੰ ਦਿੱਤੀ ਗਈ ਮਨਜ਼ੂਰੀ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਇਹ ਸਰਾਸਰ ਗ਼ਲਤ ਹੈ ਕਿਉਂਕਿ ਨਾ ਹੀ ਉਨ੍ਹਾਂ ਨੇ ਕਦੇ ਇਸ ਫਿਲਮ ਨੂੰ ਮਨਜ਼ੂਰੀ ਦਿੱਤੀ ਸੀ ਤੇ ਨਾ ਹੀ ਮੈਂ ਕਦੇ ਕਿਸੇ ਨੂੰ ਅਜਿਹਾ ਕਰਨ ਲਈ ਕੋਈ ਚਿੱਠੀ ਜਾਰੀ ਕੀਤੀ ਸੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ (ਫਾਈਲ ਫੋਟੋ)
ਉਨ੍ਹਾਂ ਦਾਅਵਾ ਕੀਤਾ ਕਿ ਉਹ ਜਦੋਂ ਹਰਿੰਦਰ ਸਿੱਕਾ ਦੇ ਘਰ ਇਹ ਫਿਲਮ ਦੇਖਣ ਗਏ ਸਨ ਤਾਂ ਪਹਿਲਾ ਸੀਨ ਦੇਖਦੇ ਸਾਰ ਹੀ ਇਨਕਾਰ ਕਰਕੇ ਬਾਹਰ ਆ ਗਏ ਸੀ। ਉਨ੍ਹਾਂ ਨੇ ਸਿੱਕਾ ਨੂੰ ਇਹ ਫਿਲਮ ਐਨੀਮੇਸ਼ਨ ’ਚ ਤਬਦੀਲ ਕਰਨ ਜਾਂ ਫਿਲਮ ਦਾ ਪ੍ਰੋਜੈਕਟ ਰੱਦ ਕਰਨ ਲਈ ਕਿਹਾ ਸੀ। ਜਾਰੀ ਕੀਤੇ ਪੱਤਰ ਬਾਰੇ ਉਨ੍ਹਾਂ ਕਿਹਾ ਕਿ ਤਤਕਾਲੀ ਅਧਿਕਾਰੀ ਨੇ ਚਲਾਕੀ ਨਾਲ ਆਪਣੇ ਪੱਧਰ ’ਤੇ ਹੀ ਜਾਰੀ ਕਰ ਦਿੱਤਾ ਸੀ।
ਇਹ ਪ੍ਰਗਟਾਵਾ ਅੱਜ ਇੱਥੇ ਤਖਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਬਾਦਲਾਂ ਨੇ ਉਨ੍ਹਾਂ ਨੂੰ ਕਿਸੇ ਵੀ ਮੁਲਾਜ਼ਮ ਦੀ ਭਰਤੀ ਸਬੰਧੀ ਜਾਂ ਕਿਸੇ ਦੇ ਖ਼ਿਲਾਫ਼ ਕੋਈ ਸਿਫਾਰਿਸ਼ ਨਹੀਂ ਕੀਤੀ।
ਉਨ੍ਹਾਂ ਕਿਹਾ “ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੇਰੇ ਕਾਰਜਕਾਲ ਦੌਰਾਨ ਕਦੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਂਦੇ ਵਿਦਿਅਕ ਅਦਾਰਿਆਂ ਦੇ ਕਿਸੇ ਵੀ ਮਾਮਲੇ ਵਿੱਚ ਦਖਲਅੰਦਾਜ਼ੀ ਨਹੀਂ ਕੀਤੀ ਹੈ।”
Related Topics: Avtar Singh Makkar, Nanak Shah Fakir Film Controversy, SGPC