ਖਾਸ ਖਬਰਾਂ » ਸਿਆਸੀ ਖਬਰਾਂ

ਪੰਜਾਬ ਵਿਧਾਨ ਸਭਾ ‘ਚ ਪੰਜ ਦਿਨਾਂ ਦਾ ਵਿਸ਼ੇਸ਼ ਸੈਸ਼ਨ ਹੋਵੇ: ਆਪ ਪੰਜਾਬ

August 14, 2018 | By

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਬੰਦੇ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਦੌਰਾਨ ਪੰਜ ਦਿਨਾਂ ਦੇ ਵਿਸ਼ੇਸ਼ ਸੈਸ਼ਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹਨਾਂ 5 ਦਿਨਾਂ ਦੋਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ, ਪੰਜਾਬ ਦੇ ਨੌਜਵਾਨਾਂ ਉੱਤੇ ਬੇਰੁਜ਼ਗਾਰੀ ਅਤੇ ਨਸ਼ੇ ਦੀ ਮਾਰ, ਪ੍ਰਦੂਸ਼ਿਤ ਹੋ ਰਹੇ ਪੰਜਾਬ ਦੇ ਦਰਿਆ, ਪਾਣੀ ਦੇ ਕੁਦਰਤੀ ਸਰੋਤਾਂ ਅਤੇ ਖੁਦਕੁਸ਼ੀਆਂ ਕਰ ਰਹੇ ਪੰਜਾਬ ਦੇ ਕਿਸਾਨਾਂ- ਮਜ਼ਦੂਰਾਂ ਨਾਲ ਸੰਬੰਧਿਤ ਮੁੱਦਿਆਂ ਦੇ ਸਾਰਥਿਕ ਹੱਲ ਲਈ ਇੱਕ-ਇੱਕ ਦਿਨ ਸੰਜੀਦਾ ਬਹਿਸ ਨੂੰ ਸਮਰਪਿਤ ਕੀਤਾ ਜਾ ਸਕੇ।

ਪੰਜਾਬ ਵਿਧਾਨ ਸਭਾ (ਪ੍ਰਤੀਕਾਤਮਕ ਤਸਵੀਰ)

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ ਦਿਨ ਦਾ ਸੈਸ਼ਨ ਪੰਜਾਬ ਦੀ ਰਾਜਧਾਨੀ, ਪੰਜਾਬੀ ਬੋਲਦੇ ਇਲਾਕਿਆਂ ਅਤੇ ਪੰਜਾਬ ਦੇ ਦਰਿਆਈ ਪਾਣੀਆਂ ਵਰਗੇ ਰਵਾਇਤੀ ਮੁੱਦਿਆਂ ਲਈ ਰਾਖਵਾਂ ਰੱਖਣ ਦੀ ਮੰਗ ਕੀਤੀ ਹੈ।ਇਹਨਾਂ ਮੁੱਦਿਆਂ ਉੱਤੇ ਪੰਜਾਬ ਵਿਧਾਨ ਸਭਾ ‘ਚ ਮੌਜੂਦ ਸਾਰੀਆਂ ਧਿਰਾਂ ਆਪਣਾ ਪੱਖ ਸਪੱਸ਼ਟ ਕਰਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਦੀਆਂ ਘਟਨਾਵਾਂ ਉੱਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਪੈਰਵੀ ਵੀ ਪਿਛਲੀ ਬਾਦਲ ਸਰਕਾਰ ਦੀ ਤਰ੍ਹਾਂ ਗਹਿਰੇ ਸ਼ੱਕ ਅਤੇ ਸ਼ੰਕੇ ਪੈਦਾ ਕਰ ਰਹੀ ਹੈ।ਜਾਂਚ ਕਮਿਸ਼ਨ ਅਤੇ ਪੁਲਸ ਦੀ ਜਾਂਚ ਦੌਰਾਨ ਕੜੀਆਂ ਜੁੜਨ ਦੇ ਬਾਵਜੂਦ ਵੱਡੇ ਅਕਾਲੀ ਨੇਤਾਵਾਂ ਅਤੇ ਪੁਲਸ ਅਫ਼ਸਰਾਂ ‘ਤੇ ਕਾਰਵਾਈ ਦੀ ਥਾਂ ਇਸ ਨੂੰ ਸੀਬੀਆਈ ਦੇ ਹਵਾਲੇ ਕਰਨਾ ਜਾਂਚ ਨੂੰ ਲਟਕਾ ਕੇ ਦੋਸ਼ੀਆਂ ਨੂੰ ਬਚਾਉਣ ਵਾਲਾ ਕਦਮ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ 4 ਹਫ਼ਤਿਆਂ ‘ਚ ਨਸ਼ਾ ਖ਼ਤਮ ਕਰ ਕੇ ਨਸ਼ੇ ਦੇ ਵਪਾਰੀਆਂ ਨੂੰ ਜੇਲ੍ਹ ‘ਚ ਸੁੱਟਣ ਦੀ ਸਹੂੰ ਦਾ ਹਿਸਾਬ-ਕਿਤਾਬ ਇਸ ਸੈਸ਼ਨ ਦੌਰਾਨ ਦੇਣਾ ਪਵੇਗਾ।

ਚੀਮਾ ਨੇ ਸਪੱਸ਼ਟ ਕੀਤਾ ਕਿ ਇਹ ਪੰਜ ਦਿਨ ਸੈਸ਼ਨ ਦੇ ਵਿਧਾਨਿਕ ਕੰਮਾਂ-ਕਾਰਾਂ ਲਈ ਨਿਰਧਾਰਿਤ ਦਿਨਾਂ ਦਾ ਹਿੱਸਾ ਨਹੀਂ ਹੋਣੇ ਚਾਹੀਦੇ ਅਤੇ ਸਮੁੱਚੇ ਸਦਨ ਦੀ ਕਾਰਵਾਈ ਦਾ ਲਾਈਵ ਟੈਲੀਕਾਸਟ ਹੋਣਾ ਚਾਹੀਦਾ ਹੈ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: