ਵੀਡੀਓ

ਆਪ ਦਾ ਬਰਨਾਲਾ ਜਲਸਾ – ਸਾਰੀਆਂ ਸੀਟਾਂ ਤੇ ਆਪੇ ਚੋਣ ਲੜਾਂਗੇ: ਕੇਜਰੀਵਾਲ; ਮੈਂ ਸ਼ਰਾਬ ਛੱਡੀ: ਭਗਵੰਤ ਮਾਨ

January 21, 2019 | By

ਬਰਨਾਲਾ/ਚੰਡੀਗੜ੍ਹ: ਲੰਘੇ ਕੱਲ ਬਰਨਾਲਾ ਵਿਖੇ ਹੋਈ ਆਮ ਆਮਦੀ ਪਾਰਟੀ (ਆਪ) ਦੇ ਜਲਸੇ ਦੌਰਾਨ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ਲੋਕ ਸਭਾ ਚੋਣਾਂ ਚ ਕਿਸੇ ਨਾਲ ਵੀ ਭਾਈਵਾਲੀ ਕਰਨ ਦੀ ਸੰਭਵਨਾ ਨੂੰ ਰੱਦ ਕਰਦਿਆਂ ਕਿਹਾ ਕਿ ਆਪ ਪੰਜਾਬ ਵਿਚ ਸਾਰੀਆਂ 13 ਲੋਕ ਸਭਾ ਸੀਟਾਂ ਤੇ ਇਕੱਲਿਆਂ ਹੀ ਚੋਣ ਲੜੇਗੀ।

ਅਰਿਵੰਦ ਕੇਜਰੀਵਾਲ (ਖੱਬੇ), ਮਨੀਸ਼ ਿਸਸੋਦੀਆ (ਿਵਚਕਾਰ) ਤੇ ਭਗਵੰਤ ਮਾਨ (ਸੱਜੇ) – 20 ਜਨਵਰੀ, 2019 (ਬਰਨਾਲਾ)

ਅਰਵਿੰਦ ਕੇਜਰੀਵਾਲ ਨੇ ਆਪਣੇ ਭਾਸ਼ਣ ਵਿਚ ਪੰਜਾਬ ਵਿਚਲੀ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਅਲੋਚਨਾ ਕੀਤੀ ਅਤੇ ਦਿੱਲੀ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਸਿਫਤਾਂ ਦੇ ਪੁਲ ਬੰਨ੍ਹੇ।

♦ ਭਗਵੰਤ ਮਾਨ ਨੇ ਆਪਣੀ ਮਾਂ ਦੀ ਹਾਜ਼ਰੀ ਵਿਚ ਸ਼ਰਾਬ ਛੱਡਣ ਦਾ ਐਲਾਨ ਕੀਤਾ

ਜਲਸੇ ਦੌਰਾਨ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਐਮ.ਪੀ. ਭਗਵੰਤ ਮਾਨ ਨੇ ਮੰਚ ਤੋਂ ਸ਼ਰਾਬ ਛੱਡਣ ਦਾ ਐਲਾਨ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਉਸਦੀ ਮਾਂ ਦਾ ਕਹਿਣਾ ਹੈ ਕਿ ਵਿਰੋਧੀ ਲੋਕ ਉਸ ਦੀ ਸ਼ਰਾਬ ਪੀਣ ਦੀ ਆਦਤ ਕਾਰਨ ਬਦਖੋਹੀ ਕਰਦੇ ਰਹਿੰਦੇ ਹਨ ਤੇ ਮਾਂ ਦੀ ਪ੍ਰੇਰਣਾ ਨਾਲ ਉਹ ਸ਼ਰਾਬ ਦਾ ਫਾਹਾ ਵੱਡ ਰਿਹਾ ਹੈ।

ਆਮ ਆਮਦੀ ਪਾਰਟੀ ਦੇ ਬਰਨਾਲਾ ਿਵਖੇ ਹੋਏ ਜਲਸੇ ਦੌਰਾਨ ਹੋਏ ਿੲਕੱਠ ਦਾ ਿੲਕ ਿਦ੍ਰਸ਼

♦ ਕੇਜਰੀਵਾਲ ਨੇ ਸ਼ਰਾਬ ਛੱਡਣ ਨੂੰ ਪੰਜਾਬ ਵੱਡੀ ਕੁਰਬਾਨੀ ਦੱਸਿਆ

ਪਹਿਲਾਂ ਭਗਵੰਤ ਮਾਨ ਨੇ ਕਿਹਾ ਕਿ ਮੈਂ ਪੰਜਾਬ ਦੀ ਖਾਤਿਰ ਸ਼ਰਾਬ ਛੱਡ ਰਿਹਾ ਹਾਂ ਤੇ ਬਾਅਦ ਵਿਚ ਬੋਲਦਿਆਂ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਛੱਡਣ ਦੇ ਐਲਾਨ ਨੂੰ ਭਗਵੰਤ ਮਾਨ ਵੱਲੋਂ ਪੰਜਾਬ ਲਈ ਕੀਤੀ ਗਈ ਵੱਡੀ ਕੁਰਬਾਨੀ ਦੱਸਿਆ।

ਿੲਕੱਠ ਦਾ ਿੲਕ ਹਵਾਈ ਿਦ੍ਰਸ਼

♦ ਟਵਿਟਰ ਤੇ ਭਗਵੰਤ ਮਾਨ ਦੇ ਐਲਾਨ ਬਾਰੇ ਗਾਹ ਪਿਆ

ਟੀਕਾ-ਟਿੱਪਣੀਆਂ ਲਈ ਮਸ਼ਹੂਰ ਬਿਜਲ-ਸੱਥ ਟਵਿਟਰ ਉੱਤੇ ਲੋਕਾਂ ਨੇ ਭਗਵੰਤ ਮਾਨ ਦੇ ਸ਼ਰਾਬ ਛੱਡਣ ਦੇ ਐਲਾਨ ਦਾ ਮੌਜੂ ਬਣਾਇਆ ਹੋਇਆ ਹੈ। ਲੋਕ ਸਵਾਲ ਕਰ ਰਹੇ ਹਨ ਕਿ ਇਹ ਉਹੀ ਆਮ ਆਮਦੀ ਪਾਰਟੀ ਹੈ ਜੋ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦਮਗਜ਼ੇ ਮਾਰਦੀ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਗੰਵਤ ਮਾਨ ਤੇ ਆਪ ਆਗੂ ਇਹ ਨਹੀਂ ਮੰਨਦੇ ਸਨ ਕਿ ਭਗਵੰਤ ਮਾਨ ਸ਼ਰਾਬ ਦਾ ਆਦੀ ਹੈ।

♦ ਜਲਸੇ ਤੋਂ ਬਾਅਦ ਦਾ ਸ਼ਰਾਬ ਦਾ ਦੌਰ ਚੱਲਿਆ

ਖਬਰਾਂ ਮੁਤਾਬਕ ਆਪ ਦੇ ਜਲਸੇ ਤੋਂ ਬਾਅਦ ਇਕੱਠ ਵਿਚ ਹਿੱਸਾ ਲੈਣ ਆਏ ਲੋਕ ਸ਼ਰੇਆਮ ਸ਼ਰਾਬ ਪੀਂਦੇ ਵੇਖੇ ਗਏ। ਇਸ ਪੱਖ ਤੋਂ ਵੀ ਆਮ ਆਮਦੀ ਪਾਰਟੀ ਦਾ ਜਲਸਾ ਦੂਜੀਆਂ ਸਿਆਸੀ ਪਾਰਟੀਆਂ ਵਰਗਾ ਹੀ ਸਾਬਤ ਹੋਈ।

♦ ਆਪ ਵੱਲੋਂ ਜਾਰੀ ਕੀਤਾ ਗਿਆ ਪ੍ਰੈਸ ਬਿਆਨ:

ਬਰਨਾਲਾ ਰੈਲੀ ਬਾਬਤ ਆਮ ਆਦਮੀ ਪਾਰਟੀ ਨੇ ਇਕ ਲਿਖਤੀ ਬਿਆਨ ਵੀ ਜਾਰੀ ਕੀਤਾ ਹੈ ਜੋ ਕਿ ਪਾਠਕਾਂ ਦੀ ਜਾਣਕਾਰੀ ਹਿਤ ਹੇਠਾਂ ਇੰਨ-ਬਿੰਨ ਸਾਂਝਾ ਕੀਤਾ ਜਾ ਰਿਹਾ ਹੈ:-

ਆਮ ਲੋਕਾਂ, ਦਲਿਤਾਂ ਤੇ ਗ਼ਰੀਬਾਂ ਲਈ ਹਾਅ ਦਾ ਨਾਅਰਾ ਲਗਾ ਕੇ ਕੇਜਰੀਵਾਲ ਨੇ ਵਜਾਇਆ ਚੋਣ ਬਿਗਲ

ਝਾੜੂ ਨੂੰ ਤੀਲਾ-ਤੀਲਾ ਕਰਨ ਵਾਲਾ ਕੋਈ ਪੈਦਾ ਨਹੀਂ ਹੋਇਆ-ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 20 ਜਨਵਰੀ 2019

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਰਨਾਲਾ ਵਿਖੇ ਲੋਕ ਸਭਾ ਚੋਣਾਂ ਦਾ ਬਿਗਲ ਵਜਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ-ਬੇਰੋਜਗਾਰਾਂ ਸਮੇਤ ਪੰਜਾਬ ਦੇ ਦਲਿਤਾਂ ਅਤੇ ਪਿਛੜੇ ਲੋਕਾਂ ਦੇ ਨਾਲ ਧੋਖਾ ਹੀ ਧੋਖਾ ਕੀਤਾ ਹੈ। ਜਦਕਿ ਦਿੱਲੀ ‘ਚ ਆਮ ਆਦਮੀ ਪਾਰਟੀ ਦੀ 3 ਸਾਲਾਂ ਦੀ ਸਰਕਾਰ ਨੇ ਸਿਹਤ, ਸਿੱਖਿਆ ਸਮੇਤ ਹਰ ਖੇਤਰ ਵਿਚ ਪ੍ਰਸ਼ੰਸਾਯੋਗ ਕੰਮ ਕਰਕੇ ਕਾਇਆ-ਕਲਪ ਹੀ ਬਦਲ ਕੇ ਰੱਖ ਦਿੱਤੀ ਹੈ, ਜੋ ਦੇਸ਼ਾਂ ਵਿਦੇਸ਼ਾਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹਰੇਕ ਵਰਗ ਸਮੇਤ ਆਮ ਲੋਕ, ਦਲਿਤ ਅਤੇ ਪਿਛੜੇ ਗ਼ਰੀਬ ਭਰਪੂਰ ਲਾਭ ਲੈ ਰਹੇ ਹਨ।

ਇਸ ਮੌਕੇ ਬੋਲਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੇ ਹੱਕ ਅਤੇ ਸੱਚ ਦੀ ਆਵਾਜ਼ ਬੁਲੰਦ ਕਰਦੀ ਆਈ ਹੈ ਅਤੇ ਉਹ ਲੋਕ ਜੋ ਕਹਿ ਰਹੇ ਹਨ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਤੀਲਾ-ਤੀਲਾ ਹੋ ਗਈ ਹੈ ਅੱਜ ਦੀ ਰੈਲੀ ਉਨ੍ਹਾਂ ਨੂੰ ਇੱਕ ਜਵਾਬ ਹੈ। ਉਨ੍ਹਾਂ ਕਿਹਾ ਕਿ ਕਿਸੇ ਵਿੱਚ ਵੀ ਐਨੀ ਹਿੰਮਤ ਨਹੀਂ ਕੀ ਆਮ ਆਦਮੀ ਪਾਰਟੀ ਨੂੰ ਖ਼ਤਮ ਕਰੇ ਕਿਉਂਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਕਾਂਗਰਸ ਅਤੇ ਅਕਾਲੀ ਦਲ ਨੇ ਮਿਲ ਕੇ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਪ੍ਰੰਤੂ ਸੱਚ ਦੀ ਤਾਕਤ ਨੂੰ ਕਦੀ ਝੁਕਾ ਨਹੀਂ ਸਕੇ।

ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉੱਤੇ ਵਰ੍ਹਦਿਆਂ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਦਲਿਤਾਂ, ਪਿਛੜੇ ਵਰਗ ਅਤੇ ਗ਼ਰੀਬ ਲੋਕਾਂ ਦੇ ਹੱਕ ਅਤੇ ਸੱਚ ਨੂੰ ਹਮੇਸ਼ਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਰਾਜ ਵਿੱਚ ਗ਼ਰੀਬ, ਦਲਿਤ ਅਤੇ ਪਿਛੜਾ ਵਰਗ ਹਮੇਸ਼ਾ ਦੁਖੀ ਰਿਹਾ ਹੈ। ਉਨ੍ਹਾਂ ਕਿਹਾ ਕਿ ਦਲਿਤਾਂ ਨੂੰ ਉਨ੍ਹਾਂ ਦੀਆਂ ਬਣਦੀਆਂ ਸੁਵਿਧਾਵਾਂ ਅਤੇ ਹੱਕ ਨਹੀਂ ਦਿੱਤੇ ਗਏ।

ਕੈਪਟਨ ਅਮਰਿੰਦਰ ਸਿੰਘ ਦੀ ਲੋਕ ਵਿਰੋਧੀ ਅਤੇ ਦਲਿਤ ਵਿਰੋਧੀ ਸੋਚ ਉੱਤੇ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਸੂਬੇ ਵਿੱਚ ਸਰਕਾਰੀ ਸਿੱਖਿਆ ਅਤੇ ਸਿਹਤ ਸੁਵਿਧਾਵਾਂ ਦਾ ਬੁਰਾ ਹਾਲ ਹੈ। ਜਿਸ ਕਾਰਨ ਗ਼ਰੀਬ ਅਤੇ ਦਲਿਤ ਸਿੱਖਿਆ ਅਤੇ ਸਿਹਤ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਸਰਕਾਰ ਦੁਆਰਾ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੀ ਆਲੋਚਨਾ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਇਸ ਨਾਲ ਉਹ ਗ਼ਰੀਬਾਂ ਅਤੇ ਦਲਿਤਾਂ ਤੋਂ ਉਨ੍ਹਾਂ ਦਾ ਜਿਊਣ ਦਾ ਹੱਕ ਵੀ ਖੋਹਣ ਜਾ ਰਹੀ ਹੈ। ਉਨ੍ਹਾਂ ਪੁੱਛਿਆ ਕਿ ਜੇਕਰ ਸਰਕਾਰ ਸਿੱਖਿਆ ਅਤੇ ਸਿਹਤ ਵਰਗੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਨਹੀਂ ਕਰ ਸਕਦੀ ਤਾਂ ਉਨ੍ਹਾਂ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਲੋਕਾਂ ਨੂੰ ਕਰਜ਼ ਮੁਆਫ਼ੀ, ਹਰ ਘਰ ਰੁਜ਼ਗਾਰ, ਪੈਨਸ਼ਨ ਅਤੇ ਸਮਾਰਟ ਫ਼ੋਨ ਦੇ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਏ ਸਨ, ਪ੍ਰੰਤੂ ਸਰਕਾਰ ਬਣਨ ਤੋਂ ਬਾਅਦ ਸਾਰੇ ਵਾਅਦਿਆਂ ਤੋਂ ਮੁੱਕਰ ਗਏ ਹਨ। ਜਿਸ ਕਾਰਨ ਪੰਜਾਬ ਦੇ ਗ਼ਰੀਬ ਅਤੇ ਦਲਿਤ ਲੋਕ ਠਗਿਆ ਹੋਇਆ ਮਹਿਸੂਸ ਕਰ ਰਹੇ ਹਨ।
ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਜੀਅ ਤੋੜ ਮਿਹਨਤ ਕੀਤੀ ਹੈ ਜਿਸ ਨਾਲ ਦਿੱਲੀ ਦੇ ਸਕੂਲਾਂ ਤੇ ਹਸਪਤਾਲਾਂ ਦੀ ਕਾਇਆ ਕਲਪ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਤਕਨੀਕਾਂ ਦੀ ਵਰਤੋਂ ਕਰਕੇ ਸਰਕਾਰੀ ਸਿੱਖਿਆ ਨੂੰ ਪ੍ਰਾਈਵੇਟ ਸਿੱਖਿਆ ਨਾਲੋਂ ਵਧੇਰੇ ਚੰਗਾ ਬਣਾ ਦਿੱਤਾ ਹੈ। ਜਿਸ ਨਾਲ ਗ਼ਰੀਬਾਂ ਅਤੇ ਦਲਿਤਾਂ ਦੇ ਬੱਚਿਆਂ ਨੂੰ ਇਹ ਸੁਵਿਧਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦਿੱਲੀ ਦੇ ਸਰਕਾਰੀ ਸਕੂਲਾਂ ਦਾ ਨਤੀਜਾ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸੀ ਅਤੇ 90 ਪ੍ਰਤੀਸ਼ਤ ਤੋਂ ਵੱਧ ਬੱਚੇ ਪਾਸ ਹੋਏ ਸਨ। ਇਸੇ ਤਰ੍ਹਾਂ ਸਰਕਾਰੀ ਹਸਪਤਾਲਾਂ ਦਾ ਕਾਇਆ ਕਲਪ ਕਰਦੇ ਹੋਏ ਗ਼ਰੀਬਾਂ ਲਈ ਮੁਫ਼ਤ ਦਵਾਈਆਂ ਅਤੇ ਇਲਾਜ ਦੀ ਸੁਵਿਧਾ ਪ੍ਰਦਾਨ ਕਰਕੇ ਦਸ ਲੱਖ ਤੱਕ ਰੁਪਏ ਦਾ ਮੁਫ਼ਤ ਇਲਾਜ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦਿੱਲੀ ਸਰਕਾਰ ਦੇ ਕੰਮਾਂ ਵਿੱਚ ਰੁਕਾਵਟਾਂ ਪਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪ੍ਰੰਤੂ ਸਰਕਾਰ ਨੂੰ ਦਲਿਤਾਂ ਅਤੇ ਗ਼ਰੀਬਾਂ ਦੀ ਭਲਾਈ ਦੇ ਕਾਰਜ ਕਰਨ ਤੋ ਰੋਕ ਨਹੀਂ ਸਕੀ।

ਭਗਵਤ ਮਾਨ ਦੀ ਤਾਰੀਫ਼ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਲੋਕਾਂ ਦੀ ਆਵਾਜ਼ ਨੂੰ ਲੋਕ ਸਭਾ ਵਿੱਚ ਜ਼ੋਰ-ਸ਼ੋਰ ਨਾਲ ਚੁੱਕਦੇ ਆਏ ਹਨ ਅਤੇ ਇੱਕ ਸੱਚੇ ਲੋਕ ਨੇਤਾ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਆਪਣਾ ਲੱਖਾਂ ਰੁਪਏ ਦੀ ਕਮਾਈ ਵਾਲਾ ਕਲਾਕਾਰ ਜੀਵਨ ਛੱਡ ਕੇ ਲੋਕ ਸੇਵਾ ਲਈ ਰਾਜਨੀਤੀ ਵਿੱਚ ਆਏ ਹਨ ਤੇ ਆਪਣਾ ਕਾਰਜ ਬਾਖ਼ੂਬੀ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲਾਂ ਅਤੇ ਕੈਪਟਨ ਨੇ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਅਤੇ ਕੁੱਟਿਆ ਹੈ ਅਤੇ ਭਗਵੰਤ ਮਾਨ ਹਮੇਸ਼ਾ ਸੱਚ ਦੀ ਆਵਾਜ਼ ਬੁਲੰਦ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ 2017 ਦੀਆਂ ਚੋਣਾਂ ਵਿੱਚ ਭਗਵੰਤ ਮਾਨ ਦੁਆਰਾ ਜਲਾਲਾਬਾਦ ਤੋਂ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜਨਾ ਉਨ੍ਹਾਂ ਦੀ ਲੋਕਾਂ ਪ੍ਰਤੀ ਨਿਸ਼ਠਾ ਨੂੰ ਬਿਆਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਸੂਬੇ ਦੇ ਸਭ ਤੋਂ ਹੰਕਾਰੀ ਵਿਅਕਤੀ ਹਨ ਜਿਸ ਕਾਰਨ ਭਗਵੰਤ ਮਾਨ ਨੇ ਉਨ੍ਹਾਂ ਦਾ ਹੰਕਾਰ ਤੋੜਨ ਲਈ ਚੋਣ ਲੜੀ ਸੀ ਪ੍ਰੰਤੂ ਅਕਾਲੀ ਦਲ ਅਤੇ ਕਾਂਗਰਸ ਦੀ ਮਿਲੀਭੁਗਤ ਕਾਰਨ ਉਹ ਜਿੱਤ ਨਹੀਂ ਸਕੇ।

ਇਸ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਐੱਮਪੀ ਸਾਧੂ ਸਿੰਘ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਜਸਟਿਸ ਜ਼ੋਰਾ ਸਿੰਘ, ਚੰਡੀਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਹਰਮੋਹਨ ਧਵਨ, ਵਿਧਾਇਕ ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਜੈ ਕ੍ਰਿਸ਼ਨ ਸਿੰਘ ਰੋੜੀ, ਅਮਰਜੀਤ ਸਿੰਘ ਸੰਦੋਆ, ਮਨਜੀਤ ਸਿੰਘ ਬਿਲਾਸਪੁਰ, ਰੁਪਿੰਦਰ ਰੂਬੀ, ਪ੍ਰੋਫੈਸਰ ਬਲਜਿੰਦਰ ਕੌਰ, ਮੀਤ ਹੇਅਰ, ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਤੋਂ ਉਮੀਦਵਾਰ ਕੁਲਦੀਪ ਧਾਲੀਵਾਲ, ਹੁਸ਼ਿਆਰਪੁਰ ਤੋਂ ਪਾਰਟੀ ਉਮੀਦਵਾਰ ਡਾ. ਰਵਜੋਤ ਸਿੰਘ, ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ, ਮਾਲਵਾ ਜ਼ੋਨ-1 ਦੇ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ, ਮਾਲਵਾ ਜ਼ੋਨ-2 ਦੇ ਪ੍ਰਧਾਨ ਦਲਬੀਰ ਢਿੱਲੋਂ ਅਤੇ ਹੋਰ ਆਗੂ ਵੀ ਮੌਜੂਦ ਸਨ।


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , ,

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: