ਸਿੱਖ ਖਬਰਾਂ

1986 ਸਾਕਾ ਨਕੋਦਰ ਦੇ ਸ਼ਹੀਦਾਂ ਦਾ 35ਵਾਂ ਸ਼ਹੀਦੀ ਦਿਹਾੜਾ 4 ਫਰਵਰੀ ਨੂੰ ਅੰਮ੍ਰਿਤਸਰ ਵਿਖੇ ਮਨਾਇਆ ਜਾਵੇਗਾ

February 2, 2021 | By

ਚੰਡੀਗੜ੍ਹ – ਸਾਕਾ ਨਕੋਦਰ ਦੇ ਸ਼ਹੀਦਾਂ ਦਾ 35ਵਾਂ ਸ਼ਹੀਦੀ ਦਿਹਾੜਾ 4 ਫ਼ਰਵਰੀ, ਦਿਨ ਵੀਰਵਾਰ ਨੂੰ ਕੌਮਾਂਤਰੀ ਗਲੋਬਲ ਜਾਗਰੁਕਤਾ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁ: ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ 4 ਫ਼ਰਵਰੀ, ਦਿਨ ਵੀਰਵਾਰ ਸਵੇਰ 6:30 ਵਜੇ ਗੁਰੂ ਗਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਵਿਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੇ ਪੰਥ ਦੇ ਮਾਣ ਮੱਤੇ ਸ਼ਹੀਦਾਂ ਦੀ ਯਾਦ ਵਿੱਚ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।

ਸ਼ਹੀਦਾਂ ਦੇ ਪਰਿਵਾਰਾਂ ਵਲੋਂ ਸਮੂਹ ਸਾਧ ਸੰਗਤ ਨੂੰ ਅਖੰਡ ਪਾਠ ਜੀ ਦੇ ਭੋਗ ਅਤੇ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ ਦੇ ਬੇਨਤੀ ਹੈ।

ਸਾਕਾ ਨਕੋਦਰ ਨੂੰ ਵਾਪਰਿਆਂ 35 ਸਾਲ ਬੀਤ ਚੁੱਕੇ ਹਨ। 4 ਫਰਵਰੀ 1986 ਨੂੰ ਪੰਜਾਬ ਪੁਲਿਸ ਨੇ ਨਕੋਦਰ ਵਿੱਚ ਸਿੱਖਾਂ ਦੇ ਇੱਕ ਸ਼ਾਂਤਮਈ ਕਾਫਿਲੇ ਉੱਪਰ ਗੋਲੀਆਂ ਚਲਾ ਕੇ ਚਾਰ ਸਿੱਖ ਨੌਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਸੀ। ਸਿੱਖਾਂ ਦਾ ਇਹ ਕਾਫਿਲਾ ਦੋ ਦਿਨ ਪਹਿਲਾਂ (ਭਾਵ 2 ਫਰਵਰੀ 1986) ਨੂੰ ਗੁਰਦੁਆਰਾ ਗੁਰੂ ਅਰਜਨ ਜੀ, ਨਕੋਦਰ ਵਿਖੇ ਅਗਨ ਭੇਟ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗੋਇੰਦਵਾਲ ਸਾਹਿਬ ਲਿਜਾਣ ਵਾਸਤੇ ਜਾ ਰਿਹਾ ਸੀ।

ਸਾਕਾ ਨਕੋਦਰ ਦੇ ਸ਼ਹੀਦਾਂ ਦੀ ਤਸਵੀਰ।

ਸਾਕਾ ਨਕੋਦਰ 1986 ਦੌਰਾਨ ਪੁਲੀਸ ਵੱਲੋਂ ਸਿੱਖ ਨੌਜਵਾਨਾਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਗਿਆ ਸੀ। ਪੁਲਿਸ ਨੇ ਇਹ ਸਾਕਾ ਵਰਤਾ ਦੇਣ ਤੋਂ ਬਾਅਦ ਸ਼ਹੀਦ ਹੋਏ ਸਿੱਖ ਨੌਜਵਾਨਾਂ ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ, ਸ਼ਹੀਦ ਭਾਈ ਬਲਧੀਰ ਸਿੰਘ ਜੀ ਰਾਮਗੜ੍ਹ, ਸ਼ਹੀਦ ਭਾਈ ਝਿਲਮਣ ਸਿੰਘ ਜੀ ਗੋਰਸੀਆਂ ਅਤੇ ਸ਼ਹੀਦ ਭਾਈ ਹਰਮਿੰਦਰ ਸਿੰਘ ਜੀ ਚਲੂਪੁਰ ਦੀਆਂ ਮ੍ਰਿਤਕ ਦੇਹਾਂ ਵੀ ਪਰਿਵਾਰਾਂ ਨੂੰ ਨਹੀਂ ਸਨ ਦਿੱਤੀਆਂ ਅਤੇ ਆਪੇ ਹੀ ਇਨ੍ਹਾਂ ਦਾ ਬਿਨਾ ਮਰਿਆਦਾ ਦੇ ਤੇਲ ਪਾ ਕੇ ਸਸਕਾਰ ਕਰ ਦਿੱਤਾ ਸੀ।

ਇਨ੍ਹਾਂ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੇ ਅੱਜ ਵੀ ਇਨ੍ਹਾਂ ਸ਼ਹੀਦ ਸਿੰਘਾਂ ਅਤੇ ਇਸ ਸਾਕੇ ਦੀ ਯਾਦ ਨੂੰ ਸੰਭਾਲਿਆ ਹੋਇਆ ਹੈ ਅਤੇ ਉਨ੍ਹਾਂ ਕੋਲ ਦੋਸ਼ੀਆਂ ਨੂੰ ਇਨਸਾਫ ਦੇ ਕਟਿਹਰੇ ਵਿੱਚ ਖੜ੍ਹਾ ਕਰਨ ਲਈ ਸੰਘਰਸ਼ ਕਰਨ ਵਾਸਤੇ ਲੋੜੀਂਦਾ ਸਿਰੜ ਵੀ ਹੈ।

ਭਾਵੇਂ ਕਿ ਸਾਢੇ ਤਿੰਨ ਦਹਾਕੇ ਦੇ ਅਰਸੇ ਦੌਰਾਨ ਤਿੰਨ ਸ਼ਹੀਦ ਸਿੰਘਾਂ ਦੇ ਮਾਤਾ ਪਿਤਾ ਜਹਾਨ ਤੋਂ ਚਲਾਣਾ ਕਰ ਗਏ ਹਨ ਪਰ ਹਾਲੇ ਵੀ ਉਨ੍ਹਾਂ ਦੇ ਪਰਿਵਾਰ ਅਤੇ ਪਿੱਛੇ ਬਚੇ ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਮਾਤਾ-ਪਿਤਾ ਹਰ ਸਾਲ ਸਾਕਾ ਨਕੋਦਰ 1986 ਦੇ ਸ਼ਹੀਦਾਂ ਨੂੰ ਯਾਦ ਕਰਦੇ ਹਨ। ਉਹ ਇਸ ਸਾਕੇ ਦੇ ਦੋਸ਼ੀ ਪੁਲਿਸ ਵਾਲਿਆਂ ਅਤੇ ਅਫਸਰਾਂ ਜਿਨ੍ਹਾਂ ਵਿਚ ਇਜਹਾਰ ਆਲਮ ਅਤੇ ਦਰਬਾਰਾ ਸਿੰਘ ਗੁਰੂ ਦੇ ਨਾਂ ਸ਼ੁਮਾਰ ਹਨ, ਨੂੰ ਕਟਹਿਰੇ ਵਿਚ ਖੜ੍ਹੇ ਕਰਨ ਲਈ ਯਤਨਸ਼ੀਲ ਰਹਿੰਦੇ ਹਨ। ਦੱਸਣਾ ਬਣਦਾ ਹੈ ਕਿ ਇਨ੍ਹਾਂ ਦੋਵਾਂ ਦੋਸ਼ੀਆਂ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਸਿਆਸੀ ਸਰਪ੍ਰਸਤੀ ਕਰਦਾ ਰਿਹਾ ਹੈ ਅਤੇ ਅੱਜ ਵੀ ਕਰ ਰਿਹਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,