ਸਿੱਖ ਖਬਰਾਂ

ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ ਆਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਸਮਾਗਮਾਂ ਦੀ ਸ਼ੁਰੂਆਤ

June 20, 2014 | By

ਆਨੰਦਪੁਰ ਸਾਹਿਬ ( 19  ਜੂਨ 2013): ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੁਆਰਾ ਵਰੋਸਾਈ , ਪਾਵਨ ਪਵਿੱਤਰ ਖਾਲਸੇ ਦੀ ਜਨਮ ਧਰਤੀ ਸ੍ਰੀ ਅਨੰਦਪੁਰ ਸਾਹਿਬ ਜੀ ਦਾ 350 ਸਾਲਾ ਸਥਾਪਨਾ ਦਿਵਸ 19 ਜੂਨ 2015 ਨੂੰ ਸ਼ਤਾਬਦੀ ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦੀਆਂ ਸਮੁੱਚੀਆਂ ਤਿਆਰੀਆਂ ਲਈ ਅੱਜ ਪਲੇਠੀ ਮੀਟਿੰਗ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸਰਪਰਸਤੀ ਹੇਠ ਹੋਈ ਆਨੰਦਪੁਰ ਸਾਹਿਬ ਦਾ 350 ਸਾਲਾ ਸਥਾਪਨਾ ਦਿਵਸ ਮਨਾਉਣ ਦੀ ਸ਼ੁਰੂਆਤ ਹੋਈ। ਇਸ ਤੋਂ ਪਹਿਲਾਂ ਗੁਰਦੁਆਰਾ ਭੋਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਵੱਲੋਂ ਅਰਦਾਸ ਕਰਨ ਤੋਂ ਬਾਅਦ ਹੈੱਡ ਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ ਨੇ ਹੁਕਮਨਾਮਾ ਲਿਆ। ਇਸ ਤੋਂ ਬਾਅਦ ਦਸਮੇਸ਼ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮਾਂ ਦੀ ਆਰੰਭਤਾ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ  ਨੇ ਕਥਾ-ਵਿਚਾਰ ਅਤੇ ਭਾਈ ਸਤਿੰਦਰਬੀਰ ਸਿੰਘ ਤੇ ਭਾਈ ਰਾਇ ਸਿੰਘ ਦੇ ਹਜ਼ੂਰੀ ਰਾਗੀ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਮਾਤਾ ਨਾਨਕੀ ਦੇ ਨਾਂ ’ਤੇ ਇਸ ਪਵਿੱਤਰ ਨਗਰ ਦਾ ਨਾਂ ‘ਚੱਕ ਨਾਨਕੀ’ ਰੱਖਿਆ ਸੀ। ਉਨ੍ਹਾਂ ਕਿਹਾ ਕਿ ਹਰ ਸਿੱਖ ਨੂੰ ਸਿੱਖੀ ’ਤੇ ਮਾਣ ਕਰਦਿਆਂ ਅੰਮ੍ਰਿਤ ਛਕਣਾ ਚਾਹੀਦਾ ਹੈ ਅਤੇ ਸਿੰਘ ਸਜੋ ਲਹਿਰ ਸ਼ੁਰੂ ਕਰਨੀ ਚਾਹੀਦੀ ਹੈ ਤਾਂ ਕਿ ਪਤਿਤਪੁਣੇ ਤੇ ਨਸ਼ਿਆਂ ਨੂੰ ਠੱਲ੍ਹ ਪੈ ਸਕੇ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸਮੁੱਚੇ ਖ਼ਾਲਸਾ ਪੰਥ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾਣਗੇ।

ਇਸ ਮੌਕੇ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੇ ਸੰਗਤਾਂ ਨੂੰ ਦੱਸਿਆ ਕਿ 19 ਜੂਨ 1665 ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਮੋੜ੍ਹੀ ਬਾਬਾ ਗੁਰਦਿੱਤਾ ਜੀ ਤੋਂ ਗਡਵਾਈ ਜਿਸ ਦਾ 19 ਜੂਨ 2015 ਨੂੰ 350 ਸਾਲਾ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸ਼ਤਾਬਦੀ ਨੂੰ ਸ੍ਰੋ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡੇ ਪੱਧਰ ਤੇ ਮਨਾਉਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਅਪੀਲ ਕੀਤੀ ਕਿ 19 ਜੂਨ 2015 ਤਕ ਹਰ ਪਰਿਵਾਰ ਘੱਟੋ-ਘੱਟ ਇੱਕ ਵਾਰ ਜ਼ਰੂਰ ਆਨੰਦਪੁਰ ਸਾਹਿਬ ਦੇ ਦਰਸ਼ਨ ਕਰ ਕੇ ਹਾਜ਼ਰੀ ਭਰੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ 19 ਜੂਨ 2015 ਨੂੰ ਆਨੰਦਪੁਰ ਸਾਹਿਬ ਦਾ 350ਵਾਂ ਸਥਾਪਨਾ ਦਿਵਸ ਮਨਾਇਆ ਜਾਵੇਗਾ। ਸਾਲ ਭਰ ਚੱਲਣ ਵਾਲੇ ਇਨ੍ਹਾਂ ਗੁਰਮਤਿ ਸਮਾਗਮਾਂ ਰਾਹੀਂ ਸਮੁੱਚੀ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਦਾ ਵਿਸ਼ੇਸ਼ ਉਪਰਾਲਾ ਕੀਤਾ ਜਾਵੇਗਾ।

 ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ 350ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਨਗਰ ਕੀਰਤਨ ਆਨੰਦਪੁਰ ਸਾਹਿਬ ਦੀ ਧਰਤੀ ’ਤੇ ਲਿਆਂਦੇ ਜਾਣਗੇ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ, ਤਖ਼ਤ ਸ੍ਰੀ ਹਜ਼ੂਰ ਸਾਹਿਬ, ਕੁਰੂਕਸ਼ੇਤਰ ਅਤੇ ਦਿੱਲੀ ਤੋਂ ਆਉਣਗੇ। ਉਨ੍ਹਾਂ ਸਮੂਹ ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਸੰਤ ਸਮਾਜ, ਦਮਦਮੀ ਟਕਸਾਲ ਅਤੇ ਸਿੰਘ ਸਭਾਵਾਂ ਨੂੰ ਇਨ੍ਹਾਂ ਸਮਾਗਮਾਂ ’ਚ ਵੱਧ ਤੋਂ ਵੱਧ ਹਿੱਸਾ ਲੈਣ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਸਮੁੱਚੇ ਪ੍ਰੋਗਰਾਮ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦੀ ਦੇਖ-ਰੇਖ ਹੇਠ ਹੋਣਗੇ।

ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ, ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, , ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਸਤਨਾਮ ਸਿੰਘ ਨੀਲਧਾਰੀ ਅਤੇ ਬਾਬਾ ਭਾਗ ਸਿੰਘ ਨੇ ਵਿਚਾਰ ਸਾਂਝੇ ਕੀਤੇ। ਮੰਚ ਦੀ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਨੇ ਨਿਭਾਈ।

ਇਸੇ ਦੌਰਾਨ ਇੱਕ ਗੈਰ ਸਰਕਾਰੀ ਸਿੱਖ ਸੰਸਥਾ “ਈਕੋ ਸਿੱਖ” ਨੇ ਪ੍ਰੈਸ ਨੂੰ ਜਾਰੀ ਨੋਟ ਵਿੱਚ ਪੰਜਾਬ ਸਰਕਾਰ ਅਤੇ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਨਤੀ ਕੀਤੀ ਕਿ ਇਸ ਪਵਿੱਤਰ ਸ਼ਹਿਰ ਦੇ ਕੁਦਰਤੀ ਵਾਤਾਵਰਨ ਨੂੰ ਕਾਇਮ ਰੱਖਣ ਲਈ ਕਦਮ ਚੁੱਕੇ ਜਾਣ।

 

“ਈਕੋ ਸਿੱਖ” ਦੇ ਪ੍ਰਧਾਨ ਡਾ. ਰਾਜਵੰਤ ਸਿੰਘ ਨੇ ਕਿਹਾ ਕਿ ਅਨੰਦਪੁਰ ਸਾਹਿਬ ਨੂੰ ਹਰਿਆ-ਭਰਿਆ ਸ਼ਹਿਰ ਐਲਾਨਣਾ ਚਾਹੀਦਾ ਹੈ ਅਤੇ ਸ਼ਹਿਰ ਦੇ ਸ਼ਾਂਤ ਵਾਤਵਰਨ ਨੂੰ ਹਰ ਹੀਲੇ ਬਚਾਇਆ ਜਾਣਾ ਚਾਹੀਦਾ ਹੈ।

 

ਸੰਸਥਾ ਦੇ ਪੰਜਾਬ ਦੇ ਕਨਵੀਨਰ ਰਣਜੋਧ ਸਿੰਘ ਨੇ ਕਿਹਾ ਕਿ ਸ਼ਹਿਰ ਦੀਆਂ ਪਵਿੱਤਰ ਇਮਾਰਤਾਂ ਦੇ ਕੋਲ ਨਵੀਂ ਉਸਾਰੀ ‘ਤੇ ਪਾਬੰਦੀ ਲਾ ਦੇਣੀ ਚਾਹੀਦੀ ਹੈ ਅਤੇ ਸ਼ਹਿਰ ਦੇ ਕੁਦਰਤੀ ਵਾਤਾਵਰਣ ਨਾਲ ਛੇੜ-ਛਾੜ ਨਹੀਂ ਹੋਣੀ ਚਾਹੀਦੀ।ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਨੰਦਪੁਰ ਸਾਹਿਬ ਨੂੰ ਪਲਾਸਟਿਕ ਰਹਿਤ ਸ਼ਹਿਰ ਐਲਾਨ ਕਰੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: