ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਪੰਜਾਬੀ ਸੂਬਾ 50ਵਰ੍ਹੇ: ਬਾਦਲਾਂ ਨੇ ਪਾਣੀ, ਚੰਡੀਗੜ੍ਹ ਦੀ ਗੱਲ ਕੀਤੀ; ਭਾਜਪਾ ਨੇ ਕੋਈ ਹਾਮੀ ਨਾ ਭਰੀ

November 2, 2016 | By

ਅੰਮ੍ਰਿਤਸਰ: ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 1 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਹੋਏ ਸਮਾਗਮ ‘ਚ ਆਖਿਆ ਕਿ ਪੰਜਾਬ ਦੇ ਪਾਣੀ ਬਾਰੇ ਅਦਾਲਤ ਦਾ ਫੈਸਲਾ ਕੁੱਝ ਵੀ ਹੋਵੇ ਉਹ ਪਾਣੀ ਦੀ ਇਕ ਬੂੰਦ ਬਾਹਰ ਨਹੀਂ ਜਾਣ ਦੇਣਗੇ ਅਤੇ ਇਸ ਵਾਸਤੇ ਉਨ੍ਹਾਂ ਨੂੰ ਭਾਵੇਂ ਕੋਈ ਵੀ ਕੁਰਬਾਨੀ ਦੇਣੀ ਪਵੇ। ਉਨ੍ਹਾਂ ਕੇਂਦਰ ਨੂੰ ਪੰਜਾਬ ਨਾਲ ਨਿਆਂ ਕਰਨ ਦੀ ਅਪੀਲ ਕਰਦਿਆਂ ਆਖਿਆ ਕਿ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ ਵੀ ਪੰਜਾਬ ਨੂੰ ਦਿੱਤੇ ਜਾਣ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੋਵੇਂ ਸੂਬੇ ਦੇ ਵਿਕਾਸ ਲਈ ਕੋਈ ਵਿਸ਼ੇਸ਼ ਐਲਾਨ ਜਾਂ ਸੂਬੇ ਦੀਆਂ ਮੰਗਾਂ ਨੂੰ ਪੂਰਾ ਕਰਨ ਬਾਰੇ ਕੋਈ ਭਰੋਸਾ ਦਿੱਤੇ ਬਗੈਰ ਪਰਤ ਗਏ।

ਅੰਮ੍ਰਿਤਸਰ ਵਿੱਚ ਮੰਗਲਵਾਰ ਨੂੰ ਹੋਏ ਪੰਜਾਬੀ ਸੂਬੇ ਦੇ ਗੋਲਡਨ ਜੁਬਲੀ ਸਮਾਗਮ ਮੌਕੇ ਭਾਜਪਾ ਪ੍ਰਧਾਨ ਅਮਿਤ ਸ਼ਾਹ, ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਤੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ

ਅੰਮ੍ਰਿਤਸਰ ਵਿੱਚ ਮੰਗਲਵਾਰ ਨੂੰ ਹੋਏ ਪੰਜਾਬੀ ਸੂਬੇ ਦੇ ਗੋਲਡਨ ਜੁਬਲੀ ਸਮਾਗਮ ਮੌਕੇ ਭਾਜਪਾ ਪ੍ਰਧਾਨ ਅਮਿਤ ਸ਼ਾਹ, ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਤੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ

ਸੂਬੇ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਸਬੰਧੀ ਇਥੇ ਵਿਸ਼ੇਸ਼ ਸਮਾਗਮ ਕਰਵਾਏ ਗਏ, ਜਿਸ ਤਹਿਤ ਜਨਤਕ ਰੈਲੀ ਰਣਜੀਤ ਐਵੇਨਿਊ ਵਿੱਚ ਕੀਤੀ ਗਈ। ਸਮਾਗਮ ਵਿੱਚ ਪੰਜਾਬੀ ਸੂਬਾ ਸੰਘਰਸ਼ ਅਤੇ ਰਾਜ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਰੈਲੀ ਦੌਰਾਨ ਬਾਦਲ ਨੇ ਕੇਂਦਰੀ ਮੰਤਰੀ ਤੇ ਭਾਜਪਾ ਪ੍ਰਧਾਨ ਦੀ ਹਾਜ਼ਰੀ ਵਿੱਚ ਆਖਿਆ ਕਿ ਪੰਜਾਬ ਦੇ ਪਾਣੀਆਂ ਬਾਰੇ ਅਦਾਲਤ ਭਾਵੇਂ ਕੋਈ ਵੀ ਫੈਸਲਾ ਕਰੇ ਰਾਜ ਦੇ ਪਾਣੀ ਦੀ ਬੂੰਦ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ। ਇਸ ਵਾਸਤੇ ਭਾਵੇਂ ਉਨ੍ਹਾਂ ਨੂੰ ਕੋਈ ਵੀ ਕੁਰਬਾਨੀ ਦੇਣੀ ਪਵੇ। ਕੇਂਦਰੀ ਆਗੂਆਂ ਨੂੰ ਨਿਆਂ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸੂਬੇ ਦੀ ਰਾਜਧਾਨੀ ਅਤੇ ਪੰਜਾਬੀ ਬੋਲਦੇ ਇਲਾਕੇ ਵੀ ਪੰਜਾਬ ਨੂੰ ਦਿੱਤੇ ਜਾਣ। ਉਨ੍ਹਾਂ ਆਖਿਆ ਕਿ ਕੇਂਦਰ ਵਿੱਚ ਅਕਾਲੀਆਂ ਦੀ ਭਾਈਵਾਲ ਐਨਡੀਏ ਸਰਕਾਰ ਹੈ ਅਤੇ ਲੋਕ ਮਿਹਣੇ ਮਾਰ ਰਹੇ ਹਨ ਕਿ ਕੇਂਦਰ ਵਿੱਚ ਆਪਣੀ ਸਰਕਾਰ ਹੋਣ ਦੇ ਬਾਵਜੂਦ ਸੂਬੇ ਨਾਲ ਬੇਇਨਸਾਫ਼ੀ ਜਾਰੀ ਹੈ।

ਆਉਂਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ 5 ਸਾਲਾਂ ਦੌਰਾਨ ਸੂਬੇ ਦਾ ਵਿਕਾਸ ਹੋਇਆ ਹੈ ਅਤੇ ਅਗਲੇ ਪੰਜ ਸਾਲ ਸੂਬੇ ਦੀ ਖੁਸ਼ਹਾਲੀ ਲਈ ਹੋਣਗੇ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਨੂੰ ਇਕ ਹੋਰ ਮੌਕਾ ਮਿਲਿਆ ਤਾਂ ਅਜਿਹੀਆਂ ਨੀਤੀਆਂ ਬਣਾਈਆਂ ਜਾਣਗੀਆਂ, ਜਿਸ ਨਾਲ ਹਰੇਕ ਪੰਜਾਬੀ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ।

ਇਸ ਤੋਂ ਪਹਿਲਾਂ ਜੇਤਲੀ ਨੇ ਸੰਬੋਧਨ ਦੌਰਾਨ ਪੰਜਾਬੀ ਸੂਬੇ ਨਾਲ ਜੁੜੀਆਂ ਮੰਗਾਂ ਬਾਰੇ ਕੋਈ ਜ਼ਿਕਰ ਨਹੀਂ ਕੀਤਾ, ਜਦ ਕਿ ਉਨ੍ਹਾਂ ਤੋਂ ਪਹਿਲਾਂ ਸੰਬੋਧਨ ਕਰ ਕੇ ਗਏ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਐਲਾਨ ਕੀਤਾ ਸੀ ਕਿ ਸੂਬੇ ਦੀ ਰਾਜਧਾਨੀ, ਪੰਜਾਬੀ ਬੋਲਦੇ ਇਲਾਕੇ ਅਤੇ ਸੂਬੇ ਦੇ ਪਾਣੀ ਦੇ ਹੱਕ ਪ੍ਰਾਪਤ ਕਰਨ ਲਈ ਨਿਰੰਤਰ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਕੇਂਦਰੀ ਮੰਤਰੀ ਨੇ ਪੰਜਾਬੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਰਾਜ ਦਾ ਵਿਕਾਸ ਕੀਤਾ ਹੈ। ਉਨ੍ਹਾਂ 1984 ਨੂੰ ਵਿਨਾਸ਼ ਤੇ 2016 ਨੂੰ ਵਿਕਾਸ ਦਾ ਵਰ੍ਹਾ ਕਰਾਰ ਦਿੱਤਾ। ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਆਖਿਆ ਕਿ ਕੇਂਦਰ ਸਰਕਾਰ ਨੇ 2016 ਦਾ ਵਰ੍ਹਾ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਹੈ ਅਤੇ ਹਰੇਕ ਸੂਬੇ ਵਿੱਚ ਇਸ ਸਬੰਧੀ ਸਮਾਗਮ ਕੀਤੇ ਜਾਣਗੇ। ਉਨ੍ਹਾਂ ਸੂਬੇ ਦੀ 50ਵੀਂ ਵਰ੍ਹੇਗੰਢ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਨੂੰ ਵਧਾਈ ਦਿੱਤੀ। ਪੰਡਾਲ ਵਿੱਚ 2 ਮੰਚ ਬਣਾਏ ਗਏ ਸਨ, ਜਿਨ੍ਹਾਂ ਵਿਚੋਂ ਇੱਕ ’ਤੇ ਪੰਜਾਬੀ ਸੂਬੇ ਵਿੱਚ ਯੋਗਦਾਨ ਪਾਉਣ ਵਾਲੇ ਸੰਘਰਸ਼ਸ਼ੀਲ ਯੋਧੇ ਤੇ ਉਨ੍ਹਾਂ ਦੇ ਪਰਿਵਾਰ, ਦੂਜੇ ਮੰਚ ’ਤੇ ਅਕਾਲੀ-ਭਾਜਪਾ ਗੱਠਜੋੜ ਦੇ ਸੀਨੀਅਰ ਆਗੂ ਅਤੇ ਮੁੱਖ ਮਹਿਮਾਨ ਬੈਠੇ ਸਨ। ਇਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਸਮਾਗਮ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੈ ਸਾਂਪਲਾ, ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ, ਐਮਪੀ ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ ਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੰਬੋਧਨ ਕੀਤਾ। ਮੰਚ ’ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਅਨਿਲ ਜੋਸ਼ੀ ਸਮੇਤ ਮੰਤਰੀ ਮੰਡਲ ਦੇ ਕਈ ਮੈਂਬਰ, ਵਿਧਾਇਕ ਤੇ ਅਕਾਲੀ-ਭਾਜਪਾ ਗੱਠਜੋੜ ਦੇ ਸੀਨੀਅਰ ਆਗੂ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਤੇ ਹੋਰ ਵੀ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , , ,