ਸਿਆਸੀ ਖਬਰਾਂ

‘ਆਪ’ ਆਗੂਆਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਧਰਨਾ, ਬਾਅਦ ‘ਚ ਪੁਲਿਸ ਨੇ ਉਥੋਂ ਹਟਾਇਆ

September 5, 2017 | By

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੇ ਲੁਧਿਆਣਾ ਦੇ ਸਿਟੀ ਸੈਂਟਰ ਸਕੈਮ, ਅੰਮ੍ਰਿਤਸਰ ਇੰਪਰੂਵਮੈਂਟ ਟਰਸੱਟ ਘੋਟਾਲੇ ਅਤੇ ਰਾਣਾ ਗੁਰਜੀਤ ਦੇ ਰੇਤ ਖੱਡ ਨਿਲਾਮੀ ਘੋਟਾਲੇ ਖਿਲਾਫ ਪ੍ਰਦਰਸ਼ਨ ਕਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਸਮੇਤ ਹੋਰ ਵਿਧਾਇਕਾਂ ਅਤੇ ਆਗੂਆਂ ਨੂੰ ਪੁਲਿਸ ਨੇ ਐਮ.ਐਲ.ਏ. ਹੋਸਟਲ ਦੇ ਬਾਹਰ ਗ੍ਰਿਫਤਾਰ ਕਰ ਲਿਆ। ਪੁਲਿਸ ਨਾਲ ਟਕਰਾਅ ਮਗਰੋਂ ਆਪ ਆਗੂਆਂ ਨੂੰ ਗ੍ਰਿਫਤਾਰ ਕਰਕੇ ਸੈਕਟਰ 17 ਦੇ ਥਾਣੇ ਵਿਖੇ ਲੈ ਕੇ ਜਾਇਆ ਗਿਆ।

ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਲੋਕ ਇਨਸਾਫ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ

ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਲੋਕ ਇਨਸਾਫ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ

‘ਆਪ’ ਕਾਰਜਕਰਤਾਵਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਤੇ ਬਾਦਲਾਂ ਦਾ ਅੰਦਰਖਾਤੇ ਜਾਰੀ ਗਠਜੋੜ ਹੁਣ ਪੰਜਾਬ ਦੇ ਲੋਕਾਂ ਸਾਹਮਣੇ ਜਗਜਾਹਿਰ ਹੋ ਗਿਆ ਹੈ ਕਿਉਂਕਿ ਇਹ ਦੋਵੇਂ ਇਕ ਦੂਸਰੇ ਨੂੰ ਬਚਾ ਰਹੇ ਹਨ। ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਸਿਆਸੀ ਜਮਾਤਾਂ ਦੇ ਆਗੂ ਭ੍ਰਿਸ਼ਟਾਚਾਰ ਵਿਚ ਡੁੱਬੇ ਹੋਏ ਹਨ ਪਰ ਲੋਕਾਂ ਦੀਆਂ ਅੱਖਾਂ ਵਿਚ ਘਟਾ ਪਾਉਣ ਲਈ ਝੂਠੇ ਜਾਂਚ ਕਮਿਸ਼ਨ ਬਣਾ ਕੇ ਉਨ੍ਹਾਂ ਕੋਲੋਂ ‘ਕਲੀਨ ਚਿੱਟ’ ਲੈ ਲੈਂਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਬਿਕਰਮ ਮਜੀਠੀਆ, ਤੋਤਾ ਸਿੰਘ, ਆਦੇਸ਼ ਪ੍ਰਤਾਰ ਕੈਰੋਂ ਅਤੇ ਹੋਰ ਅਕਾਲੀ ਆਗੂ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਕਲੀਨ ਚਿੱਟ ਪ੍ਰਾਪਤ ਕਰ ਚੁੱਕੇ ਹਨ ਤਾਂ ਪਿਛਲੇ 10 ਸਾਲਾਂ ਦੌਰਾਨ ਪੰਜਾਬ ਨੂੰ ਲੁਟਿਆ ਕਿਸਨੇ ਹੈ।

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਾਂਗਰਸ ਨੂੰ ਬਾਦਲ ਦਲ ਵਾਂਗ ਪੰਜਾਬ ਨੂੰ ਲੁੱਟਣ ਨਹੀਂ ਦੇਵੇਗੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਲੰਟੀਅਰ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਭ੍ਰਿਸ਼ਟਾਚਾਰ ਦੇ ਵਿਰੁੱਧ ਅਵਾਜ਼ ਚੁੱਕਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਭ੍ਰਿਸ਼ਟਾਚਾਰ ਦੇ ਮੁਕਦਮਾ ਦਰਜ ਕਰਕੇ ਵਿਧਾਨ ਦੀ ਕਮੇਟੀ ਦੀ ਰਿਪੋਰਟ ਦੇ ਅਧਾਰ ‘ਤੇ ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਇਕ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ ਪਰ ਉਸੇ ਸਰਕਾਰ ਨੇ ਹੀ 2016 ਵਿਚ ਕੈਪਟਨ ਨੂੰ ਉਸੇ ਮਾਮਲੇ ਵਿਚ ਕਲੀਨ ਚਿੱਟ ਦੇ ਦਿੱਤੀ ਸੀ। ਇਸਤੋਂ ਸਾਫ ਸਿੱਧ ਹੁੰਦਾ ਹੈ ਕਿ ਦੋਵੇਂ ਰਾਜਸੀ ਪਰਿਵਾਰ ਆਪਸ ਵਿਚ ਮਿਲੇ ਹੋਏ ਹਨ ਅਤੇ ਰੱਲ ਕੇ ਪੰਜਾਬ ਨੂੰ ਲੁਟਣ ਦਾ ਕਾਰਜ ਕਰ ਰਹੇ ਹਨ।

ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ

ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ

ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਰਹਿੰਦਿਆਂ ਅੰਮ੍ਰਿਤਸਰ ਇੰਪਰੂਵਮੈਂਟ ਟਰਸੱਟ ਅਤੇ ਲੁਧਿਆਣਾ ਸਿਟੀ ਸੈਂਟਰ ਸਕੈਮ ਦੀ ਨਿਰਪੱਖ ਜਾਂਚ ਨਹੀਂ ਹੋ ਸਕਦੀ ਕਿਉਂ ਜੋ ਕੈਪਟਨ ਅਮਰਿੰਦਰ ਸਿੰਘ ਖੁਦ ਵਿਜੀਲੈਂਸ ਦੇ ਮੁੱਖੀ ਹਨ। ਉਨ੍ਹਾਂ ਕਿਹਾ ਕਿ ਮੋਹਾਲੀ ਦੀ ਅਦਾਲਤ ਨੇ ਅੰਮ੍ਰਿਤਸਰ ਇੰਪਰੂਵਮੈਂਟ ਟਰਸੱਟ ਕੇਸ ਵਿਚ ਵਿਜੀਲੈਂਸ ਬਿਊਰੋ ਵਲੋਂ ਕੇਸ ਨੂੰ ਬੰਦ ਕਰਨ ਸੰਬੰਧੀ ਪੇਸ਼ ਕੀਤੀ ਅਰਜ਼ੀ ਨੂੰ ਰੱਦ ਕਰਦਿਆਂ ਅਦਾਲਤ ਨੇ ਕਿਹਾ ਸੀ ਕਿ ਇਹ ਰਿਪੋਰਟ ਤੱਥਾਂ ਤੋਂ ਵਾਂਝੀ ਹੈ। ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਅਦਾਲਤ ਵੀ ਇਸ ਗੱਲ ਨੂੰ ਕਬੂਲਦੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਇਸ ਘੋਟਾਲੇ ਵਿਚ ਸ਼ਾਮਲ ਹਨ।

ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਭ੍ਰਿਸ਼ਟਾਚਾਰ ਦੇ ਖਿਲਾਫ ‘ਜੀਰੋ ਟੋਲਰੈਂਸ’ ਦਾ ਵਾਅਦਾ ਕੀਤਾ ਸੀ ਪਰ ਹੁਣ ਉਹ ਆਪਣੇ ਭ੍ਰਿਸ਼ਟ ਮੰਤਰੀ ਰਾਣਾ ਗੁਰਜੀਤ ਖਿਲਾਫ ਕੋਈ ਕਾਰਵਾਈ ਕਰਨ ਤੋਂ ਬਚ ਰਹੇ ਹਨ ਅਤੇ ਸਗੋਂ ਉਨ੍ਹਾਂ ਨੂੰ ਇਸ ਮਾਮਲੇ ਵਿਚ ਬਚਾ ਰਹੇ ਹਨ। ਜਸਟਿਸ ਨਾਰੰਗ ਕਮਿਸ਼ਨ ਵਲੋਂ ਪੇਸ਼ ਕੀਤੀ ਰਿਪੋਰਟ ਝੂਠ ਦਾ ਪੁਲੰਦਾ ਅਤੇ ਰਾਣਾ ਗੁਰਜੀਤ ਨੂੰ ਬਚਾਉਣ ਦੀ ਕਾਰਵਾਈ ਮਾਤਰ ਹੀ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

AAP Leaders Staged Dharna Outside Punjab CM’s Residence, Were Later Whisked Away By Police …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , ,