ਸਿਆਸੀ ਖਬਰਾਂ » ਸਿੱਖ ਖਬਰਾਂ

ਭਾਰਤ ਦੇ ਗ੍ਰਹਿ ਮੰਤਰਾਲੇ ਵਲੋਂ ਇਜਾਜ਼ਤ ਮਿਲਣ ਤੋਂ ਬਾਅਦ ਸ਼੍ਰੋਮਣੀ ਕਮੇਟੀ 5 ਨੂੰ ਪ੍ਰਧਾਨ ਚੁਣੇਗੀ

October 28, 2016 | By

ਅੰਮ੍ਰਿਤਸਰ: ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ 2011 ਵਿੱਚ ਹੋਈਆਂ ਚੋਣਾਂ ਨੂੰ ਹਰੀ ਝੰਡੀ ਦਿੱਤੇ ਜਾਣ ਮਗਰੋਂ ਹੁਣ ਭਾਰਤ ਦੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀ ਇਸ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੀ ਹਾਮੀ ਭਰ ਦਿੱਤੀ ਹੈ। ਇਸ ਤਹਿਤ ਪੰਜ ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਜਨਰਲ ਇਜਲਾਸ ਸੱਦਿਆ ਗਿਆ ਹੈ। ਇਸ ਪਲੇਠੇ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਮੈਂਬਰੀ ਅੰਤ੍ਰਿੰਗ ਕਮੇਟੀ ਦੀ ਚੋਣ ਹੋਵੇਗੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਦੱਸਿਆ ਕਿ ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਇਜਾਜ਼ਤ ਮਿਲਣ ਕਰਕੇ 5 ਨਵੰਬਰ ਨੂੰ ਜਨਰਲ ਇਜਲਾਸ ਦੀ ਪਹਿਲੀ ਮੀਟਿੰਗ ਸੱਦੀ ਗਈ ਹੈ। ਇਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾਵੇਗੀ। ਇਹ ਮੀਟਿੰਗ 5 ਨਵੰਬਰ ਨੂੰ ਦਰਬਾਰ ਸਾਹਿਬ ਸਮੂਹ ’ਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਵੇਗੀ। ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਕਾਰਜਕਾਰਨੀ ਦੇ ਮੈਂਬਰਾਂ ਦੀ ਚੋਣ ਹੋਵੇਗੀ। ਉਨ੍ਹਾਂ ਦੱਸਿਆ ਕਿ ਜਲਦੀ ਹੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪਲੇਠੇ ਸਦਨ ਦੀ ਪ੍ਰਧਾਨਗੀ ਕਿਸੇ ਸਿੱਖ ਡਿਪਟੀ ਕਮਿਸ਼ਨਰ ਕੋਲੋਂ ਹੀ ਕਰਵਾਈ ਜਾਵੇਗੀ। ਜਨਰਲ ਇਜਲਾਸ ਦੀ ਤਰੀਕ ਤੈਅ ਹੋਣ ਤੋਂ ਬਾਅਦ ਹੁਣ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੇ ਨਾਵਾਂ ਦੀ ਚਰਚਾ ਨੇ ਜ਼ੋਰ ਫੜ ਲਿਆ ਹੈ। ਇਨ੍ਹਾਂ ਵਿੱਚ ਅਵਤਾਰ ਸਿੰਘ ਮੱਕੜ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਤੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਆਦਿ ਦੇ ਨਾਮ ਦੀ ਚਰਚਾ ਹੈ।

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ 170 ਮੈਂਬਰਾਂ ਦੀ ਚੋਣ ਵਾਸਤੇ ਆਮ ਚੋਣਾਂ 18 ਸਤੰਬਰ 2011 ਨੂੰ ਹੋਈਆਂ ਸਨ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਸੰਤ ਸਮਾਜ ਦੋਵਾਂ ਨੇ ਕੁੱਲ 170 ਸੀਟਾਂ ਵਿੱਚੋਂ 157 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ। ਸਤੰਬਰ 2011 ਵਿੱਚ ਹੋਈਆਂ ਚੋਣਾਂ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਪਹਿਲਾਂ ਹੀ ਦਸੰਬਰ 2011 ਵਿੱਚ ਇਸ ਚੋਣ ਪ੍ਰਕਿਰਿਆ ’ਤੇ ਉਸ ਵੇਲੇ ਰੋਕ ਲੱਗ ਗਈ ਸੀ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਹਿਜਧਾਰੀਆਂ ਨੂੰ ਵੋਟ ਪਾਉਣ ਤੋਂ ਰੋਕਣ ਬਾਰੇ ਕੇਂਦਰ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਗਿਆ ਸੀ। ਇਹ ਮਾਮਲਾ ਪਿਛਲੇ ਪੰਜ ਸਾਲ ਤੋਂ ਸੁਪਰੀਮ ਕੋਰਟ ਦੇ ਵਿਚਾਰਅਧੀਨ ਸੀ। ਇਸ ਦੌਰਾਨ ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਕਮੇਟੀ ਦਾ ਕੰਮਕਾਜ ਚਲਾਉਣ ਲਈ ਨਵੰਬਰ 2010 ਦੀ ਅੰਤ੍ਰਿੰਗ ਕਮੇਟੀ ਨੂੰ ਅਧਿਕਾਰ ਦਿੱਤੇ ਗਏ ਸਨ। ਕੇਸ ਦੀ ਚੱਲ ਰਹੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੰਸਦ ਰਾਹੀਂ ਸੋਧ ਕਰਦਿਆਂ ਸਹਿਜਧਾਰੀ ਸਿੱਖਾਂ ਨੂੰ ਵੋਟ ਪਾਉਣ ਤੋਂ ਰੋਕਣ ਸਬੰਧੀ ਕਾਨੂੰਨ ਬਣਾ ਦਿੱਤਾ ਗਿਆ ਸੀ। ਕੇਂਦਰ ਦੇ ਫ਼ੈਸਲੇ ਮਗਰੋਂ ਹੁਣ 15 ਸਤੰਬਰ 2016 ਨੂੰ ਸੁਪਰੀਮ ਕੋਰਟ ਨੇ ਸਹਿਜਧਾਰੀ ਸਿੱਖ ਫੈਡਰੇਸ਼ਨ ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ, ਜਿਸ ਰਾਹੀਂ ਉਨ੍ਹਾਂ ਨੇ ਸਹਿਜਧਾਰੀ ਸਿੱਖਾਂ ਨੂੰ ਵੋਟ ਪਾਉਣ ਦਾ ਹੱਕ ਮੰਗਿਆ ਸੀ। ਸੁਪਰੀਮ ਕੋਰਟ ਨੇ ਇਸ ਪਟੀਸ਼ਨ ਨੂੰ ਰੱਦ ਕਰਦਿਆਂ ਸਤੰਬਰ 2011 ਵਿੱਚ ਸ਼੍ਰੋਮਣੀ ਕਮੇਟੀ ਦੀਆਂ ਹੋਈਆਂ ਆਮ ਚੋਣਾਂ ਨੂੰ ਜਾਇਜ਼ ਕਰਾਰ ਦਿੱਤਾ ਸੀ। ਇਸ ਤਹਿਤ 2011 ਦੇ ਸਦਨ ਦੀ ਪਹਿਲੀ ਮੀਟਿੰਗ ਹੋਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,