ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਐਸ.ਵਾਈ.ਐਲ. ਨੂੰ ਟੱਕ ਲਾਉਣ ਵੇਲੇ ਕੈਪਟਨ ਇੰਦਰਾ ਗਾਂਧੀ ਕੋਲ ਕੀ ਕਰਨ ਗਿਆ ਸੀ: ਢੀਂਡਸਾ

July 25, 2016 | By

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛਿਆ ਕਿ ਉਸ ਨੇ ਐਸਵਾਈਐਲ ਬਣਾਉਣ ਦੇ ਮੁੱਦੇ ’ਤੇ ਇੰਦਰਾ ਗਾਂਧੀ ਦਾ ਸਮੱਰਥਨ ਕਰਕੇ ਪੰਜਾਬ ਦੇ ਇਤਿਹਾਸ ਵਿਚ ਕਾਲਾ ਅਧਿਆਏ ਕਿਉਂ ਲਿਖਿਆ ਸੀ।

ਇੱਥੋਂ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਉਨ੍ਹਾਂ ਕਾਂਗਰਸੀ ਆਗੂਆਂ ਵਿਚੋਂ ਇਕ ਹੈ ਜਿਸ ਨੇ ਸੂਬੇ ਦੇ ਹਿੱਤਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਐਸਵਾਈਐਲ ਬਣਾਉਣ ਦੇ ਫੈਸਲੇ ਦਾ ਅਖਬਾਰਾਂ ਵਿਚ ਇਸ਼ਤਿਹਾਰ ਦੇ ਕੇ ਸਵਾਗਤ ਕੀਤਾ ਸੀ ਅਤੇ ਨਹਿਰ ਦੇ ਉਦਘਾਟਨ ਸਮਾਗਮ ਵਿਚ ਵੀ ਸ਼ਾਮਲ ਹੋਇਆ ਸੀ।

ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ (ਫਾਈਲ ਫੋਟੋ)

ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ (ਫਾਈਲ ਫੋਟੋ)

ਢੀਂਡਸਾ ਨੇ ਕਿਹਾ ਕਿ ਪੰਜਾਬੀਆਂ ਨੂੰ ਧੋਖਾ ਦੇ ਕੇ ਹੁਣ ਇਸ ਮੁੱਦੇ ’ਤੇ ਅਮਰਿੰਦਰ ਮਗਰਮੱਛੀ ਹੰਝੂ ਨਾ ਵਹਾਵੇ। ਉਨ੍ਹਾਂ ਕਿਹਾ ਕਿ ਘਟੀਆ ਸਿਆਸਤ ਕਰਕੇ ਕੈਪਟਨ ਆਪਣੇ ਗੁਨਾਹਾਂ ਨੂੰ ਮਿਟਾ ਨਹੀਂ ਸਕਦਾ ਅਤੇ ਉਸ ਨੂੰ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਪੰਜਾਬ ਦੇ ਹਿੱਤਾਂ ’ਤੇ ਡਾਕਾ ਮਾਰਨ ਵਾਲੇ ਫੈਸਲੇ ਦਾ ਕੈਪਟਨ ਨੇ ਸਵਾਗਤ ਕਿਉਂ ਕੀਤਾ ਸੀ ਜਿਸ ਰਾਹੀਂ ਕਿ ਕਾਨੂੰਨ ਦੀ ਉਲੰਘਣਾ ਕਰਕੇ ਪੰਜਾਬ ਦੇ ਦਰਿਆਈ ਪਾਣੀ ਦੂਜੇ ਸੂਬਿਆਂ ਨੂੰ ਦਿੱਤੇ ਜਾਣੇ ਸਨ।

ਢੀਂਡਸਾ ਨੇ ਕਿਹਾ ਕਿ ਹਰ ਹਾਲਤ ਵਿਚ ਪੰਜਾਬ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਿਆ ਜਾਵੇਗਾ ਅਤੇ ਪੰਜਾਬ ਵਿਰੋਧੀ ਤਾਕਤਾਂ ਨੂੰ ਪੰਜਾਬ ਦੇ ਪਾਣੀ ਦੀ ਵੰਡ ਕਰਨ ਦੇ ਮਨਸੂਬਿਆਂ ਵਿਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਪੁਸ਼ਟੀ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਕਰ ਚੁੱਕੇ ਹਨ ਜਿਨ੍ਹਾਂ ਨੇ ਕਿ ਵਿਧਾਨ ਸਭਾ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰਵਾ ਕੇ ਐਸਵਾਈਐਲ ਦੀ ਜ਼ਮੀਨ ਕਿਸਾਨਾਂ ਨੂੰ ਮੋੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇੱਥੇ ਹੀ ਬਸ ਨਹੀਂ ਬਲਕਿ ਸ਼੍ਰੌਮਣੀ ਅਕਾਲੀ ਦਲ ਪਾਣੀਆਂ ਦੀ ਰਾਖੀ ਲਈ ਕਿਸੇ ਵੀ ਪ੍ਰਕਾਰ ਦੀ ਕੁਰਬਾਨੀ ਕਰਨ ਲਈ ਤਿਆਰ ਹੈ ਅਤੇ ਨਹਿਰ ਨੂੰ ਕਿਸੇ ਵੀ ਹਾਲਤ ਵਿਚ ਬਣਨ ਨਹੀਂ ਦਿੱਤਾ ਜਾਵੇਗਾ ਕਿਉਂਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਇਕ ਤੁਪਕਾ ਵੀ ਵਾਧੂ ਪਾਣੀ ਨਹੀਂ ਹੈ।

ਇਹ ਵੀ ਪੜ੍ਹੋ: ਪਾਣੀਆਂ ਦਾ ਮਸਲਾ: ਬਾਦਲ ਅਤੇ ਕੈਪਟਨ ਪੰਜਾਬ ਦੇ ਰਾਇਪੇਰੀਅਨ ਹੱਕਾਂ ਦਾ ਕਤਲ ਕਰਨ ਲਈ ਬਰਾਬਰ ਦੇ ਦੋਸ਼ੀ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , ,