Site icon Sikh Siyasat News

ਕਾਬੁਲ ‘ਚ ਸਿੱਖਾਂ ‘ਤੇ ਹਮਲੇ ਦੀ ਦਮਦਮੀ ਟਕਸਾਲ ਮੁਖੀ ਨੇ ਕੀਤੀ ਸਖ਼ਤ ਨਿਖੇਧੀ

ਚੰਡੀਗੜ੍ਹ: ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਅਫ਼ਗਾਨਿਸਤਾਨ ਦੇ ਸ਼ਹਿਰ ਕਾਬੁਲ ਦੇ ਗੁਰਦੁਆਰਾ ਸਾਹਿਬ ਵਿਖੇ ਬੇਗੁਨਾਹ ਲੋਕਾਂ ਤੇ ਸਿੱਖ ਸੰਗਤਾਂ ਉਤੇ ਕੀਤੇ ਗਏ ਜਾਨ ਲੇਵਾ ਹਮਲੇ ਦੀ ਸਖਤ ਨਿਖੇਧੀ ਕੀਤੀ ਹੈ। ਉਨਾਂ ਭਾਰਤ ਸਰਕਾਰ ਨੂੰ ਉਕਤ ਹਮਲੇ ਪ੍ਰਤੀ ਗੰਭੀਰਤਾ ਦਿਖਾਉਣ ਅਤੇ ਅਫ਼ਗਾਨਿਸਤਾਨ ਦੀ ਸਰਕਾਰ ‘ਤੇ ਉਥੋਂ ਦੇ ਸਿੱਖ ਭਾਈਚਾਰੇ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਬਾਅ ਪਾਉਣ ਲਈ ਕਿਹਾ।

ਉਹਨਾਂ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਨੂੰ ਅਫਗਾਨੀ ਸਿਖਾਂ ‘ਤੇ ਹੋ ਰਹੇ ਹਮਲਿਆਂ ਨੂੰ ਰੋਕਣ ਲਈ ਕੌਮਾਂਤਰੀ ਪਧੱਰ ‘ਤੇ ਅਵਾਜ ਬੁਲੰਦ ਕਰਨ ਦੀ ਵੀ ਅਪੀਲ ਕੀਤੀ।

ਦਮਦਮੀ ਟਕਸਾਲ ਦੇ ਮੁਖੀ ਨੇ ਇਸ ਨੂੰ ਅਮਾਨਵੀ ਤੇ ਵਹਿਸ਼ੀ ਕਾਰੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਵਿਸ਼ਵ ਦੀ ਸਮੂਹ ਸਿੱਖ ਸੰਗਤ ਅਫਗਾਨੀ ਸਿੱਖਾਂ ਨਾਲ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਸਰਬੱਤ ਦਾ ਭਲਾ ਮੰਗਣ ਵਾਲਾ ਅਤੇ ਹਰ ਸਮੇ ਲੋੜਵੰਦਾਂ ਅਤੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਹੈ।

ਜਿਸ ਦਾ ਕਿਸੇ ਵੀ ਜਾਤ ਜਾਂ ਫਿਰਕੇ ਨਾਲ ਕੋਈ ਵੈਰ ਵਿਰੋਧ ਨਹੀਂ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਦੇ ਹਿਤਾਂ ਅਤੇ ਵਿਕਾਸ ਵਿਚ ਉਥੋਂ ਦੇ ਸਿੱਖ ਭਾਈਚਾਰੇ ਦੀ ਵੱਡੀ ਭੂਮਿਕਾ ਅਤੇ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ‘ਚ ਸਿੱਖ ਭਾਈਚਾਰੇ ‘ਤੇ ਇਹ ਪਹਿਲਾ ਹਮਲਾ ਨਹੀਂ ਹੈ ਇਸ ਤੋਂ ਪੂਰਵ ਸਿੱਖ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਚੁਕਿਆ ਹੈ।

ਅਸੁਰੱਖਿਆ ਦੀ ਭਾਵਨਾ ਨਾਲ ਸੈਕੜਿਆਂ ਦੀ ਗਿਣਤੀ ਵਿਚ ਅਫ਼ਗਾਨੀ ਸਿੱਖ ਆਪਣੇ ਵਤਨ ਤੋਂ ਹਿਜ਼ਰਤ ਕਰਨ ਲਈ ਮਜਬੂਰ ਹਨ। ਉਨਾਂ ਭਾਰਤ ਸਰਕਾਰ ਅਤੇ ਅਫ਼ਗਾਨਿਸਤਾਨ ਸਰਕਾਰ ਨੂੰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਢੁੱਕਵੇਂ ਕਦਮ ਚੁੱਕੇ ਜਾਣ ਦੀ ਅਪੀਲ ਕੀਤੀ ਹੈ। 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version