ਖਾਸ ਖਬਰਾਂ » ਪੰਜਾਬ ਦੀ ਰਾਜਨੀਤੀ » ਸਿੱਖ ਖਬਰਾਂ

ਬਰਗਾੜੀ ਮੋਰਚੇ ‘ਤੇ ਪਹੁੰਚੇ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ

June 9, 2018 | By

ਕੋਟਕਪੂਰਾ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਵਿਚ ਸ਼ਹੀਦ ਹੋਏ ਸਿੰਘਾਂ ਦੇ ਕਾਤਲਾਂ ਨੂੰ ਸਜ਼ਾਵਾਂ ਦੀ ਮੰਗ ਕਰਦਿਆਂ ਬਰਗਾੜੀ ਵਿਖੇ ਮੋਰਚੇ ‘ਤੇ ਬੈਠੇ ਭਾਈ ਧਿਆਨ ਸਿੰਘ ਮੰਡ ਨੂੰ ਸਮਰਥਨ ਦੇਣ ਲਈ ਬੀਤੇ ਕੱਲ੍ਹ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਅਤੇ ਭਾਈ ਜਸਬੀਰ ਸਿੰਘ ਰੋਡੇ ਪਹੁੰਚੇ।

ਉਨ੍ਹਾਂ ਧਰਨੇ ’ਤੇ ਬੈਠੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਚੁੱਕੇ ਕਦਮ ਦੀ ਹਮਾਇਤ ਦਾ ਐਲਾਨ ਕੀਤਾ। ਉਨ੍ਹਾਂ ਸੰਘਰਸ਼ ਨਾਲ ਜੁੜੇ ਮੁੱਦਿਆਂ ਨੂੰ ਕੌਮੀ ਮਸਲਾ ਕਰਾਰ ਦਿੰਦਿਆਂ ਇਕਜੁੱਟਤਾ ਨਾਲ ਅੰਦੋਲਨ ਕਰਨ ਦੀ ਅਪੀਲ ਕੀਤੀ।

ਬਾਬਾ ਹਰਨਾਮ ਸਿੰਘ ਧੁੰਮਾ ਨੇ ਆਪਣੇ ਸੰਖੇਪ ਸੰਬੋਧਨ ਵਿੱਚ ਭਾਈ ਮੰਡ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਮਸਲਾ ਗੁਰੂ ਗ੍ਰੰਥ ਸਾਹਿਬ ਦੇ ਅਦਬ-ਸਤਿਕਾਰ ਦਾ ਹੈ ਅਤੇ ਇਸ ਮੁੱਦੇ ’ਤੇ ਵਿਸ਼ਵ ਭਰ ਦੇ ਲੋਕਾਂ ਨੂੰ ਮਤਭੇਦ ਭੁਲਾ ਕੇ ਤਨ, ਮਨ ਅਤੇ ਧਨ ਨਾਲ ਯੋਗਦਾਨ ਪਾ ਕੇ ਸੰਘਰਸ਼ ਨੂੰ ਕਾਮਯਾਬ ਕਰਨਾ ਚਾਹੀਦਾ ਹੈ। ਉਨ੍ਹਾਂ ਸਰਕਾਰ ਨੂੰ ਮਸਲੇ ਦੇ ਹੱਲ ਲਈ ਕਦਮ ਚੁੱਕਣ ਦੀ ਅਪੀਲ ਕਰਦਿਆਂ ਚਿਤਾਵਨੀ ਦਿੱਤੀ ਕਿ ਕਿਧਰੇ ਅਜਿਹਾ ਨਾ ਹੋਵੇ ਕਿ ਮਸਲਾ ਏਨਾ ਗੰਭੀਰ ਹੋ ਜਾਵੇ ਕਿ ਗੱਲ ਸਰਕਾਰ ਦੇ ਵੱਸ ਵਿੱਚ ਹੀ ਨਾ ਰਹੇ।

ਟਕਸਾਲ ਮੁਖੀ ਨੇ ਕਿਸੇ ਦਾ ਨਾਂ ਲਏ ਬਿਨਾਂ ‘ਵਿਰੋਧੀਆਂ’ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ ਕਿ ਪਿਛੋਕੜ ਵਿੱਚ ਜਿਹੜੇ ਲੋਕਾਂ ਕੋਲ ਸੰਘਰਸ਼ ਦੀ ਅਗਵਾਈ ਸੀ, ਉਹ ਦੁਬਿਧਾ ਦਾ ਸ਼ਿਕਾਰ ਸਨ ਅਤੇ ਉਹ ਸਾਰਿਆਂ ਨੂੰ ਨਾਲ ਲੈ ਕੇ ਨਹੀਂ ਚੱਲਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਬੀਤੇ ਤੋਂ ਸਬਕ ਲਿਆ ਜਾਵੇ ਅਤੇ ਪੁਰਾਣੀਆਂ ਗਲਤੀਆਂ ਨਾ ਦੁਹਰਾਈਆਂ ਜਾਣ।

ਇਸ ਮੌਕੇ ਦਲ ਖ਼ਾਲਸਾ ਦੇ ਪ੍ਰਧਾਨ ਭਾਈ ਹਰਪਾਲ ਸਿੰਘ ਚੀਮਾ, ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਜਸਬੀਰ ਸਿੰਘ ਖਡੂਰ ਸਾਹਿਬ, ਜਸਵਿੰਦਰ ਸਿੰਘ ਸਾਹੋ ਕੇ, ਰਣਜੀਤ ਸਿੰਘ ਵਾਂਦਰ, ਸੁਖਪਾਲ ਸਿੰਘ ਬਰਗਾੜੀ ਆਦਿ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,