ਸਿਆਸੀ ਖਬਰਾਂ

ਬਾਦਲ ਨੂੰ ਸਿਰੋਪਾ ਪਾਉਣ ਤੋਂ ਇਨਕਾਰ ਕਰਨ ਵਾਲੇ ਅਰਦਾਸੀਏ ਭਾਈ ਬਲਬੀਰ ਸਿੰਘ ‘ਆਪ’ ਵਿਚ ਹੋਏ ਸ਼ਾਮਿਲ

January 27, 2017 | By

ਚੰਡੀਗੜ੍ਹ: ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾ ਪਾਉਣ ਤੋਂ ਇਨਕਾਰ ਕਰਨ ਵਾਲੇ ਅਰਦਾਸੀਏ ਭਾਈ ਬਲਬੀਰ ਸਿੰਘ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਿਲ ਹੋ ਗਏ।

ਭਾਈ ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਬਾਦਲ ਨੂੰ ਸਿਰੋਪਾ ਪਾਉਣ ਤੋਂ ਇਸ ਲਈ ਇਨਕਾਰ ਕਰ ਦਿੱਤਾ ਸੀ, ਕਿਉਂਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਸਨ ਅਤੇ ਉਨ੍ਹਾਂ ਨੂੰ ਪਤਾ ਚੱਲਿਆ ਸੀ ਕਿ ਇਸ ਪਾਪ ਵਿੱਚ ਸ਼ਾਮਿਲ ਲੋਕਾਂ ਨੂੰ ਬਾਦਲ ਪਰਿਵਾਰ ਵੱਲੋਂ ਮਾਲੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਐਨੀ ਵੱਡੀ ਪੱਧਰ ਉਤੇ ਘਟਨਾਵਾਂ ਸੱਤਾਧਾਰੀ ਪਾਰਟੀ ਦੀ ਸ਼ਹਿ ਤੋਂ ਬਿਨਾਂ ਨਹੀਂ ਹੋ ਸਕਦੀਆਂ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਨਾ ਫੜੇ ਜਾਣ ਕਾਰਨ ਮੇਰਾ ਸਰਕਾਰ ਦੇ ਖਿਲਾਫ ਵਿਰੋਧ ਸੀ।

balbir singh joins AAP

ਭਾਈ ਬਲਬੀਰ ਸਿੰਘ ‘ਅਰਦਾਸੀਆ’ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਸਮੇਂ, ਨਾਲ ਖੜ੍ਹੇ ਹਨ ਸੰਜੈ ਸਿੰਘ, ਗੁਰਪ੍ਰੀਤ ਸਿੰਘ ਵੜੈਚ (ਘੁੱਗੀ)

ਭਾਈ ਬਲਬੀਰ ਸਿੰਘ ਨੇ ਕਿਹਾ ਕਿ ਉਹ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਬਰਕਰਾਰ ਰੱਖਣ ਲਈ ਕੰਮ ਕਰਦੇ ਰਹਿਣਗੇ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਧਾਰਮਿਕ ਗ੍ਰੰਥਾਂ ਦੇ ਦੋਸ਼ੀਆਂ ਨੂੰ ਫੜ ਕੇ ਸਖਤ ਸਜਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ ਸਿੱਖ ਅਤੇ ਹਰ ਕੋਈ ਵਿਅਕਤੀ ਜਿਹੜਾ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ ਨੂੰ ਮੰਨਦਾ ਹੈ, ਬੇਅਦਬੀ ਘਟਨਾਵਾਂ ਦੀ ਟੀਸ ਉਹੀ ਜਾਣ ਸਕਦਾ ਹੈ।

ਰਸਮੀ ਤੌਰ ਉਤੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਭਾਈ ਬਲਬੀਰ ਸਿੰਘ ਨੇ ਲੰਬੀ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖਿਲਾਫ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਰਨੈਲ ਸਿੰਘ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਸੀ।

ਇਸ ਦੌਰਾਨ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਅਤੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਭਾਈ ਬਲਬੀਰ ਸਿੰਘ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨਾਂ ਨੂੰ ਭਰੋਸਾ ਦਿੱਤਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਠੇਸ ਨਹੀਂ ਪਹੁੰਚਣ ਦਿੱਤੀ ਜਾਵੇਗੀ ਅਤੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਫੜ ਕੇ ਮਿਸਾਲੀ ਸਜਾ ਦਿੱਤੀ ਜਾਵੇਗੀ, ਤਾਂ ਜੋ ਕੋਈ ਹੋਰ ਵਿਅਕਤੀ ਅਜਿਹੀ ਘਟਨਾ ਕਰਨ ਦੀ ਹਿੰਮਤ ਨਾ ਕਰ ਸਕੇ।

ਇਸ ਦੌਰਨ ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਨੇ ਕਿਹਾ ਕਿ ਭਾਈ ਬਲਬੀਰ ਸਿੰਘ ਨੇ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦੀ ਰਹਿਨੁਮਾਈ ਕੀਤੀ ਹੈ। ਆਪ ਡਾਇਲਾਗ ਕਮੇਟੀ ਦੇ ਚੇਅਰਮੈਨ ਕੰਵਰ ਸੰਧੂ ਨੇ ਵੀ ਭਾਈ ਬਲਬੀਰ ਸਿੰਘ ਦਾ ਪਾਰਟੀ ਵਿਚ ਸ਼ਾਮਿਲ ਹੋਣ ਉਤੇ ਧੰਨਵਾਦ ਕੀਤਾ।

ਜ਼ਿਕਰਯੋਗ ਹੈ ਕਿ ਜਦੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਰਬਾਰ ਸਾਹਿਬ ਮੱਥਾ ਟੇਕਣ ਗਏ ਸਨ, ਤਾਂ ਭਾਈ ਬਲਬੀਰ ਸਿੰਘ ਨੇ ਉਨ੍ਹਾਂ ਨੂੰ ਸਿਰੋਪਾ ਪਾਉਣ ਤੋਂ ਇਨਕਾਰ ਕਰ ਦਿੱਤਾ ਸੀ। ਸਿਰੋਪਾ ਪਾਉਣ ਤੋਂ ਮਨ੍ਹਾ ਕਰਨ ਦੀ ਵਜ੍ਹਾ ਨਾਲ ਐਸਜੀਪੀਸੀ ਨੇ ਭਾਈ ਬਲਬੀਰ ਸਿੰਘ ਦਾ ਅੰਮ੍ਰਿਤਸਰ ਤੋਂ ਬਾਹਰ ਤਬਾਦਲਾ ਕਰ ਦਿੱਤਾ ਸੀ।

ਸਬੰਧਤ ਖ਼ਬਰ:

ਸਿਰੋਪਾ ਨਾ ਦੇਣ ਕਰਕੇ ਭਾਈ ਬਲਵੀਰ ਸਿੰਘ ਦਾ ਮਾਛੀਵਾੜਾ ਵਿਖੇ ਤਬਾਦਲਾ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,