ਭਾਈ ਬਲਵੰਤ ਸਿੰਘ ਰਾਜੋਆਣਾ ਆਪਣੇ ਭੈਣ ਕਮਲਦੀਪ ਕੌਰ ਨਾਲ (ਫਾਈਲ ਫੋਟੋ)

ਸਿੱਖ ਖਬਰਾਂ

ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦੇ ਖਿਲਾਫ ਭੈਣ ਕਮਲਦੀਪ ਕੌਰ ਪਹੁੰਚੀ ਹਾਈ ਕੋਰਟ

By ਸਿੱਖ ਸਿਆਸਤ ਬਿਊਰੋ

October 04, 2017

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਚ ਫ਼ਾਂਸੀ ਦੀ ਸਜ਼ਾ ਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਅਪਣੇ ਭਰਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਦੇ ਹੋਏ ਰਿਹਾਈ ਦੀ ਮੰਗ ਕੀਤੀ ਹੈ। ਵਕੀਲ ਗੁਰਸ਼ਰਨ ਕੌਰ ਮਾਨ ਰਾਹੀਂ ਦਾਇਰ ਇਸ ਕੇਸ ਨੂੰ ਸੁਣਵਾਈ ਲਈ ਅੱਜ ਜਸਟਿਸ ਆਰ.ਕੇ. ਜੈਨ ਦੀ ਅਦਾਲਤ ਚ ਸੂਚੀਬੱਧ ਕੀਤਾ ਗਿਆ। ਬੈਂਚ ਹੁਣ ਇਸ ਕੇਸ ਉਤੇ ਅਗਲੀ ਸੁਣਵਾਈ 2 ਨਵੰਬਰ 2017 ਨੂੰ ਕਰੇਗਾ।

ਇਸ ਤੋਂ ਪਹਿਲਾਂ ਪ੍ਰੈਸ ਦੇ ਨਾਂ ਜਾਰੀ ਬਿਆਨ ਚ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ 22 ਦਸੰਬਰ 1995 ਨੂੰ ਬੇਅੰਤ ਕੇਸ ਵਿਚ ਹੋਈ ਗ੍ਰਿਫਤਾਰੀ ਤੋਂ ਬਾਅਦ ਉਹਨਾਂ ਨੇ ਇਸ ਕੇਸ ਦੀ ਸੁਣਵਾਈ ਦੌਰਾਨ ਅਦਾਲਤ ਵਿਚ ਖੜ੍ਹੇ ਹੋ ਕੇ ਸਿਰਫ਼ ਅਪਣੇ ਕੀਤੇ ਹੋਏ ਕੰਮ ਨੂੰ ਸਵੀਕਾਰ ਹੀ ਨਹੀਂ ਕੀਤਾ ਸਗੋਂ ਅਦਾਲਤ ਨੂੰ ਇਹ ਵੀ ਦਸਿਆ ਕਿ ਇਹ ਸੱਭ ਕੁੱਝ ਉਨ੍ਹਾਂ ਕਿਉਂ ਕੀਤਾ ਹੈ। ਤਕਰੀਬਨ 12 ਸਾਲ ਲੰਬੀ ਇਸ ਅਦਾਲਤੀ ਪ੍ਰਕਿਰਿਆ ਤੋਂ ਬਾਅਦ ਚੰਡੀਗੜ੍ਹ ਦੀ ਸੈਸ਼ਨ ਅਦਾਲਤ ਨੇ 31 ਜੁਲਾਈ 2007 ਨੂੰ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਅਤੇ ਇਸ ਸਜ਼ਾ ਦੇ ਵਿਰੁਧ ਉਨ੍ਹਾਂ ਨੂੰ ਅਪੀਲ ਕਰਨ ਲਈ ਸੱਤ ਦਿਨਾਂ ਦਾ ਸਮਾਂ ਦਿਤਾ ਗਿਆ। ਪਰ ਭਾਈ ਰਾਜੋਆਣਾ ਨੇ ਉਸ ਸਮੇਂ ਹੀ ਅਦਾਲਤ ਵਿੱਚ ਲਿਖ਼ਤੀ ਤੌਰ ‘ਤੇ ਕਹਿ ਦਿਤਾ ਕਿ ਉਨ੍ਹਾਂ ਨੂੰ ਇਹ ਸਜ਼ਾ ਮਨਜ਼ੂਰ ਹੈ ਅਤੇ ਉਹ ਇਸ ਸਜ਼ਾ ਵਿਰੁਧ ਹਾਈ ਕੋਰਟ ਵਿਚ ਕੋਈ ਅਪੀਲ ਨਹੀਂ ਕਰਨਾ ਚਾਹੁੰਦੇ। ਫਿਰ ਹਾਈ ਕੋਰਟ ਨੇ 11 ਅਕਤੂਬਰ 2010 ਨੂੰ ਭਾਈ ਰਾਜੋਆਣਾ ਦੀ ਸਜ਼ਾ ਨੂੰ ਬਰਕਰਾਰ ਰੱਖਿਆ। ਫਿਰ ਮਾਰਚ 2012 ਨੂੰ ਚੰਡੀਗੜ੍ਹ ਦੀ ਸ਼ੈਸਨ ਅਦਾਲਤ ਨੇ ਭਾਈ ਰਾਜੋਆਣਾ ਨੂੰ 31 ਮਾਰਚ 2012 ਸਵੇਰੇ 9:30 ਵਜੇ ਫਾਂਸੀ ਦੇ ਤਖ਼ਤੇ ‘ਤੇ ਲਟਕਾਉਣ ਦੇ ਆਦੇਸ਼ ਜਾਰੀ ਕਰ ਦਿੱਤੇ।

ਸਬੰਧਤ ਖ਼ਬਰ: ਭਾਈ ਜਗਤਾਰ ਸਿੰਘ ਤਾਰਾ ਨੇ ਅਦਾਲਤ ਦੇ ਸਾਹਮਣੇ ਲਈ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਕਤਲ ਦੀ ਜ਼ਿੰਮੇਵਾਰੀ …

ਬੀਬੀ ਰਾਜੋਆਣਾ ਨੇ ਅਗੇ ਕਿਹਾ ਫਿਰ ਭਾਈ ਰਾਜੋਆਣਾ ਨੇ 3 ਨਵੰਬਰ 2016 ਨੂੰ ਹੁਕਮਰਾਨਾਂ ਵੱਲੋਂ ਇਸ ਅਪੀਲ ‘ਤੇ ਫੈਸਲਾ ਲੈਣ ਵਿੱਚ ਜਾਣਬੁੱਝ ਕੇ ਕੀਤੀ ਜਾ ਰਹੀ ਦੇਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਅਪੀਲ ਦੀ ਪੈਰਵਾਈ ਨਾ ਕਰਨ ਦੇ ਰੋਸ ਵਜੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਭੁੱਖ ਹੜਤਾਲ ਦੇ ਸੱਤਵੇਂ ਦਿਨ 10 ਨਵੰਬਰ 2016 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਹੁਣਾਂ ਨੇ ਲਿਖਤੀ ਤੌਰ ‘ਤੇ ਬਲਵੰਤ ਸਿੰਘ ਰਾਜੋਆਣਾ ਨਾਲ ਵਾਅਦਾ ਕੀਤਾ ਕਿ ਉਹ ਇਸ ਸਬੰਧੀ ਇੱਕ ਵਫ਼ਦ ਬਣਾ ਕੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੇ ਗ੍ਰਹਿ ਵਿਭਾਗ ਨਾਲ ਤਾਲਮੇਲ ਕਰਕੇ ਇਸ ਅਪੀਲ ‘ਤੇ ਫੈਸਲਾ ਕਰਨ ਲਈ ਯਤਨ ਕਰਨਗੇ। ਬੀਬੀ ਰਾਜੋਆਣਾ ਨੇ ਕਿਹਾ ਕਿ ਭਾਈ ਰਾਜੋਆਣਾ ਨੇ ਉਨ੍ਹਾਂ ਦੇ ਲਿਖਤੀ ਭਰੋਸੇ ‘ਤੇ ਯਕੀਨ ਕਰਦੇ ਹੋਏ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ। ਜਿਸ ਮਗਰੋਂ 22 ਜਨਵਰੀ 2017 ਨੂੰ ਸ਼੍ਰੋਮਣੀ ਕਮੇਟੀ ਵਲੋਂ ਇਸ ਸਬੰਧੀ ਇੱਕ ਸੱਤ ਮੈਂਬਰੀ ਕਮੇਟੀ ਬਣਾਉਣ ਦਾ ਐਲਾਣ ਕਰ ਦਿੱਤਾ। ਇਨ੍ਹਾਂ ਸੱਤ ਮੈਬਰਾਂ ਵਿੱਚ ਖ਼ੁਦ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ,ਮਨਜੀਤ ਸਿੰਘ ਜੀ.ਕੇ ਪ੍ਰਧਾਨ ਦਿੱਲੀ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ, ਮਨਜਿੰਦਰ ਸਿੰਘ ਸਿਰਸਾ ਭਾਜਪਾ ਵਿਧਾਇਕ ਅਤੇ ਜਨਰਲ ਸਕੱਤਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ, ਹਰਚਰਨ ਸਿੰਘ ਸਾਬਕਾ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ, ਅਵਤਾਰ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਅਤੇ ਪਰਮਜੀਤ ਸਿੰਘ ਥਿਆੜਾ ਨਾਮ ਸ਼ਾਮਿਲ ਸਨ।

ਪਰ ਅਫ਼ਸੋਸ ਅੱਜ 11 ਮਹੀਨੇ ਬੀਤ ਜਾਣ ਦੇ ਬਾਵਯੂਦ ਵੀ ਇਸ ਕਮੇਟੀ ਦੀ ਨਾ ਹੀ ਕੋਈ ਮੀਟਿੰਗ ਹੋਈ ਹੈ ਅਤੇ ਨਾ ਹੀ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਨਾ ਹੀ ਪੰਜਾਬ ਸਰਕਾਰ ਤੱਕ ਕੋਈ ਪਹੁੰਚ ਕੀਤੀ ਗਈ ਹੈ, ਇਹ ਗੱਲਾਂ ਖਾਲਸਾ ਪੰਥ ਨੂੰ ਗੁੰਮਰਾਹ ਕਰਨ ਲਈ ਸਿਰਫ ਅਖ਼ਬਾਰੀ ਬਿਆਨਾਂ ਤੱਕ ਹੀ ਸੀਮਿਤ ਰਹੀਆਂ। ਬੀਬੀ ਰਾਜੋਆਣਾ ਨੇ ਕਿਹਾ ਚਾਹੀਦਾ ਤਾਂ ਇਹ ਸੀ ਕਿ ਜਦੋਂ ਸ਼੍ਰੋਮਣੀ ਗੁਰਦੁਆਰਾ ਕਮੇਟੀ ਵਲੋਂ ਦਾਇਰ ਕੀਤੀ ਗਈ ਅਪੀਲ ਤੇ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਜਾਣਬੁੱਝ ਕੇ ਫੈਸਲਾ ਲੈਣ ਵਿੱਚ ਦੇਰੀ ਕੀਤੀ ਜਾ ਰਹੀ ਹੈ, ਤਾਂ ਸ਼੍ਰੋਮਣੀ ਕਮੇਟੀ ਕੇਂਦਰੀ ਗ੍ਰਹਿ ਮੰਤਰਾਲੇ ਤੱਕ ਪਹੁੰਚ ਕਰਦੀ ਜਾਂ ਆਪਣੇ ਵਕੀਲਾਂ ਰਾਹੀਂ ਅਦਾਲਤ ਵਿੱਚ ਅਪੀਲ ਦਾਇਰ ਕਰਕੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਖ਼ਤਮ ਕਰਵਾਉਣ ਲਈ ਚਾਰਾਜੋਈ ਕਰਦੀ। ਸ਼੍ਰੋਮਣੀ ਕਮੇਟੀ ਵਲੋਂ ਅਜਿਹਾ ਕੁਝ ਵੀ ਨਹੀਂ ਕੀਤਾ ਗਿਆ। ਬੀਬੀ ਰਾਜੋਆਣਾ ਨੇ ਕਿਹਾ ਇਸ ਸਾਰੇ ਵਰਤਾਰੇ ਤੋਂ ਉਹਨਾਂ ਨੂੰ ਇਹੀ ਮਹਿਸੂਸ ਹੋ ਰਿਹਾ ਹੈ ਕਿ ਮਾਰਚ 2012 ਨੂੰ ਸਮੁੱਚੇ ਖਾਲਸਾ ਪੰਥ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਪ੍ਰਗਟਾਈਆਂ ਗਈਆਂ ਭਾਵਨਾਵਾਂ ਸਾਡੀ ਸਿੱਖ ਕੌਮ ਦੇ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਦੇ ਅਤੇ ਦੇਸ਼ ਦੇ ਹੁਕਮਰਾਨਾਂ ਦੇ ਧੋਖੇ ਦਾ ਸ਼ਿਕਾਰ ਹੋ ਗਈਆਂ ਹਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: Bhai Balwant Singh Rajoana’s Sisters moves to High Court Against Death Sentence …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: