ਸਿੱਖ ਖਬਰਾਂ

ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਗੁ: ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

By ਸਿੱਖ ਸਿਆਸਤ ਬਿਊਰੋ

July 09, 2017

ਅੰਮ੍ਰਿਤਸਰ: ਦਰਬਾਰ ਸਾਹਿਬ ਦੇ ਦੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਉਣ, ਸੱਚ ਤੇ ਧਰਮ ਦੀ ਖਾਤਰ ਬੰਦ-ਬੰਦ ਕਟਵਾ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ (9 ਜੁਲਾਈ) ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਗੁਰਦੁਆਰਾ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਲਿਆ। ਇਸ ਮੌਕੇ ਹਾਜ਼ਰ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਭਾਈ ਹਰਮਿੱਤਰ ਸਿੰਘ ਨੇ ਜਿਥੇ ਸ਼ਹੀਦ ਭਾਈ ਮਨੀ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਇਆ ਉਥੇ ਹੀ ਸਿੱਖ ਧਰਮ ਅੰਦਰ ਸ਼ਹਾਦਤ ਦੇ ਸੰਕਲਪ ਅਤੇ ਸਿੱਖ ਇਤਿਹਾਸ ਅੰਦਰ ਸ਼ਹਾਦਤਾਂ ਦੀ ਲੰਮੀ ਲੜੀ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੰਗਤ ਨੂੰ ਭਾਈ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਗੁਰਮਤਿ ਜੁਗਤਿ ਅਨੁਸਾਰ ਜੀਵਨ ਜਿਉਣ ਦੀ ਅਪੀਲ ਵੀ ਕੀਤੀ।

ਇਸ ਸਮੇਂ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਭਾਈ ਭਾਈ ਗੁਰਪ੍ਰੀਤ ਸਿੰਘ ਭੰਗੂ ਦੇ ਢਾਡੀ ਜਥੇ ਅਤੇ ਭਾਈ ਤਰਸੇਮ ਸਿੰਘ ਪ੍ਰਚਾਰਕ ਨੇ ਢਾਡੀ ਵਾਰਾਂ ਅਤੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਨਿਹਾਲ ਕੀਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: