ਭਾਈ ਬਲਵੰਤ ਸਿੰਘ ਰਾਜੋਆਣਾ (ਫਾਈਲ ਫੋਟੋ)

ਖਾਸ ਖਬਰਾਂ

ਭਾਈ ਰਾਜੋਆਣਾ ਦੀ ਫਾਂਸੀ ਸਬੰਧੀ ਸ਼ਰੋਮਣੀ ਕਮੇਟੀ ਦੇ ਵਫਦ ਦੀ 18 ਜੁਲਾਈ ਨੂੰ ਭਾਰਤ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ

By ਸਿੱਖ ਸਿਆਸਤ ਬਿਊਰੋ

July 17, 2018

ਅੰਮ੍ਰਿਤਸਰ: ਸਿਆਸੀ ਸਿੱਖ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਆਪਣੀ ਫਾਂਸੀ ਦੀ ਸਜ਼ਾ ਵਿਰੁਧ ਸ਼ਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਵੱਲੋਂ ਭਾਰਤੀ ਰਾਸ਼ਟਰਪਤੀ ਕੋਲ ਪਾਈ ਅਰਜੀ ‘ਤੇ ਭਾਰਤ ਸਰਕਾਰ ਵੱਲੋਂ ਫੈਸਲਾ ਲੈਣ ਵਿੱਚ ਕੀਤੀ ਜਾ ਰਹੀ ਦੇਰੀ ਦੇ ਮੱਦੇਨਜ਼ਰ ਅੱਜ ਤੋਂ ਪਟਿਆਲਾ ਜੇਲ੍ਹ ਵਿੱਚ ਭੁੱਖ ਹੜਤਾਲ ਰੱਖਣ ਦਾ ਐਲਾਨ ਕਰਨ ਤੋਂ ਬਾਅਦ ਹਰਕਤ ਵਿਚ ਆਉਂਦਿਆਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਕੋਲ ਪਹੁੰਚ ਕਰਨ ਦਾ ਐਲਾਨ ਕੀਤਾ ਹੈ।

ਸ਼੍ਰੋਮਣੀ ਕਮੇਟੀ ਵਲੋਂ ਜਾਰੀ ਕੀਤੇ ਬਿਆਨ ਮੁਤਾਬਿਕ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਭਾਰਤ ਦੇ ਗ੍ਰਹਿ ਮੰਤਰਾਲੇ ਨਾਲ ਰਾਬਤਾ ਕੀਤਾ ਜਾਂਦਾ ਰਿਹਾ ਹੈ ਅਤੇ ਹੁਣ 18 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਨਾਲ ਸਬੰਧਤ ਮੈਂਬਰ ਪਾਰਲੀਮੈਂਟ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਣਗੇ। ਇਸ ਸਬੰਧ ਵਿਚ ਸ਼ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼ਰੋਮਣੀ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ‘ਤੇ ਰੋਕ ਲਗਾਉਣ ਬਾਰੇ ਮਾਰਚ 2012 ਵਿਚ ਭਾਰਤ ਦੇ ਤਤਕਾਲੀ ਰਾਸ਼ਟਰਪਤੀ ਕੋਲ ਅਪੀਲ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਸ਼ਰੋਮਣੀ ਕਮੇਟੀ ਨੇ ਮੰਗ ਕੀਤੀ ਸੀ ਕਿ ਭਾਈ ਰਾਜੋਆਣਾ ਦੀ ਸਜ਼ਾ ਨੂੰ ਫਾਂਸੀ ਦੀ ਥਾਂ ਉਮਰ ਕੈਦ ਵਿਚ ਤਬਦੀਲ ਕੀਤਾ ਜਾਵੇ ਅਤੇ ਰਾਸ਼ਟਰਪਤੀ ਵੱਲੋਂ ਸ਼ਰੋਮਣੀ ਕਮੇਟੀ ਦੀ ਅਪੀਲ ਨੂੰ ਅਗਲੀ ਕਾਰਵਾਈ ਲਈ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਭੇਜ ਦਿੱਤਾ ਗਿਆ ਸੀ, ਜਿਸ ‘ਤੇ ਅਜੇ ਤੱਕ ਗ੍ਰਹਿ ਮੰਤਰਾਲੇ ਨੇ ਕੋਈ ਫੈਸਲਾ ਨਹੀਂ ਲਿਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ਨੂੰ ਲੈ ਕੇ ਸ਼ਰੋਮਣੀ ਕਮੇਟੀ ਵੱਲੋਂ ਲਗਾਤਾਰ ਗ੍ਰਹਿ ਮੰਤਰਾਲੇ ਨਾਲ ਰਾਬਤਾ ਰੱਖ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬੀਤੇ ਸਮੇਂ ‘ਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਜਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਏ ਸਨ ਤਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਨੂੰ ਇੱਕ ਮੰਗ ਪੱਤਰ ਦਿੱਤਾ ਸੀ, ਜਿਸ ਵਿਚ ਭਾਈ ਰਾਜੋਆਣਾ ਦੀ ਲੰਬਿਤ ਪਈ ਅਪੀਲ ‘ਤੇ ਛੇਤੀ ਫੈਸਲਾ ਕਰਨ ਦੀ ਮੰਗ ਵੀ ਸ਼ਾਮਲ ਸੀ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ, ਸ਼ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਦੇ ਇਕ ਵਫ਼ਦ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਸਮੇਂ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਇਹ ਮੰਗ ਉਨ੍ਹਾਂ ਕੋਲ ਚੁੱਕੀ ਸੀ। ਸ਼ਰੋਮਣੀ ਕਮੇਟੀ ਬੁਲਾਰੇ ਨੇ ਕਿਹਾ ਕਿ ਭਾਈ ਰਾਜੋਆਣੇ ਬਾਰੇ ਅਪੀਲ ਦੇ ਨਿਪਟਾਰੇ ਸਬੰਧੀ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਹੀ ਯਤਨ ਕਰਦੀ ਰਹੀ ਹੈ ਅਤੇ ਇਸ ਸਬੰਧ ਵਿਚ ਸੁਹਿਰਦ ਭਾਵਨਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਰੋਮਣੀ ਕਮੇਟੀ ਭਾਈ ਰਾਜੋਆਣੇ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਹੈ ਤੇ ਇਹ ਵੀ ਮਹਿਸੂਸ ਕਰਦੀ ਹੈ ਕਿ ਉਹ ਮਾਨਸਿਕ ਤਨਾਅ ਵਿੱਚੋਂ ਲੰਘ ਰਹੇ ਹਨ, ਪਰ ਭੁੱਖ ਹੜਤਾਲ ਇਸ ਮਸਲੇ ਦਾ ਹੱਲ ਨਹੀਂ ਹੈ। ਉਨ੍ਹਾਂ ਭਾਈ ਰਾਜੋਆਣਾ ਨੂੰ ਅਪੀਲ ਕੀਤੀ ਕਿ ਭੁੱਖ ਹੜਤਾਲ ਦਾ ਰਸਤਾ ਨਾ ਅਪਨਾਉਣ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: