ਖਾਸ ਖਬਰਾਂ » ਖੇਤੀਬਾੜੀ

ਕੇਂਦਰ ਸਰਕਾਰ ਦਾ ਬਜਟ ਪੰਜਾਬ ਅਤੇ ਕਿਸਾਨਾਂ ਲਈ ਨਿਰਾਸ਼ਾਜਨਕ: ਕੈਪਟਨ

February 2, 2018 | By

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਬਜਟ ਨੂੰ ਸੂਬੇ ਲਈ ‘ਨਿਰਾਸ਼ਾਜਨਕ’ ਕਰਾਰ ਦਿੰਦਿਆਂ ਕਿਸਾਨ ਵਿਰੋਧੀ ਅਤੇ ਦ੍ਰਿਸ਼ਟੀਹੀਣ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਕਦਮ ਚੁੱਕਣ ਵਿੱਚ ਅਸਫਲ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਬਜਟ ਵਿੱਚ ਨਾ ਕੇਵਲ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਬਾਰੇ ਕੋਈ ਐਲਾਨ ਕੀਤਾ ਗਿਆ ਹੈ ਸਗੋਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਵਿੱਚ ਵੀ ਕੇਂਦਰ ਸਰਕਾਰ ਅਸਫਲ ਰਹੀ ਹੈ। ਇਸ ਤੋਂ ਸਪੱਸ਼ਟ ਹੈ ਕਿ ਕੇਂਦਰ ਸਰਕਾਰ ਸੂਬੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਖੇਤੀਬਾੜੀ ਸੰਕਟ ਨੂੰ ਹੱਲ ਕਰਨ ਵੱਲ ਕੋਈ ਧਿਆਨ ਨਹੀਂ ਦੇਣਾ ਚਾਹੁੰਦੀ। ਪੰਜਾਬ ਨੇ ਆਰਥਿਕ ਸੰਕਟ ਦੇ ਬਾਵਜੂਦ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਵੱਲ ਨੂੰ ਕਦਮ ਚੁੱਕੇ ਹਨ ਅਤੇ ਉਮੀਦ ਸੀ ਕਿ ਕੇਂਦਰ ਵੀ ਇਸ ਸਬੰਧ ਵਿੱਚ ਕੁਝ ਪਹਿਲਕਦਮੀਆਂ ਕਰੇਗਾ। ਕੈਪਟਨ ਨੇ ਘੱਟੋ-ਘੱਟ ਸਮਰਥਨ ਮੁਲ ਨੂੰ ਨਿਰਧਾਰਤ ਕਰਦੇ ਸਮੇਂ ਖਰਚੇ ਦਾ 1.5 ਗੁਣਾ ਵਾਧਾ ਕਰਨ ਦੇ ਪ੍ਰਸਤਾਵ ਬਾਰੇ ਕਿਹਾ ਕਿ ਇਸ ਸਬੰਧੀ ਵੇਰਵਿਆਂ ਨੂੰ ਘੋਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਕੇਂਦਰ ਨੂੰ ਸਵਾਮੀਨਾਥਨ ਰਿਪੋਰਟ ਪੂਰੀ ਤਰ੍ਹਾਂ ਲਾਗੂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਇਸ ਮੁੱਦੇ ਬਾਰੇ ਗੰਭੀਰ ਹੈ ਤਾਂ ਇਸ ਮੁੱਦੇ ’ਤੇ ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦ ਦੀ ਰਿਪੋਰਟ ਲਾਗੂ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਰਾਸ਼ਟਰੀ ਬਾਗਬਾਨੀ ਯੂਨੀਵਰਸਿਟੀ ਦੀ ਸਥਾਪਨਾ ਨਾਲ ਫਸਲੀ ਵਿਿਭੰਨਤਾ ਦੇ ਯਤਨਾਂ ਵਿੱਚ ਪੰਜਾਬ ਦੀ ਮਦਦ ਕਰਨ ਵਿੱਚ ਵੀ ਅਸਫਲ ਰਿਹਾ ਹੈ। ਉਨ੍ਹਾਂ ਨੇ ਕਿਸੇ ਵੀ ਖੇਤਰ ਵਿਚ ਕੇਂਦਰੀ ਸਪਾਂਸਰ ਸਕੀਮਾਂ ਵਿਚ ਮੌਜੂਦਾ 60: 40 ਦੇ ਅਨੁਸਾਰ ਫੰਡ ਮੁਹੱਈਆ ਕਰਵਾਉਣ ਦੀ ਨੀਤੀ ਵਿਚ ਤਬਦੀਲੀ ਲਿਆ ਕੇ ਇਸ ਨੂੰ 90:10 ਕਰਨ ਲਈ ਸੂਬਾ ਸਰਕਾਰ ਦੀ ਬੇਨਤੀ ਸਵੀਕਾਰ ਨਾ ਕਰਨ ਲਈ ਭਾਰਤ ਸਰਕਾਰ ਦੀ ਅਸਫਲਤਾ ਦੀ ਆਲੋਚਨਾ ਕੀਤੀ। ਪੰਜਾਬ ਲਈ ਕਿਸੇ ਵੀ ਨਵੀਂ ਰੇਲ ਲਾਈਨ ਦਾ ਐਲਾਨ ਨਹੀਂ ਕੀਤਾ ਗਿਆ। ਕੇਂਦਰ ਸਰਕਾਰ ਇਸ ਸਾਲ ਜਲ੍ਹਿਆਂਵਾਲੇ ਬਾਗ ਦੀ ਸ਼ਤਾਬਦੀ ਨੂੰ ਮਨਾਉਣ ਜਾਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਰ੍ਹੇਗੰਢ ਮਨਾਉਣ ਲਈ ਬਜਟ ਵਿੱਚ ਪੈਸਾ ਨਹੀਂ ਰੱਖਿਆ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਬਜਟ ਨੂੰ ਮੋਦੀ ਸਰਕਾਰ ਦੇ ਸ਼ਗੂਫਿਆਂ ਅਤੇ ਜੁਮਲਿਆਂ ਦੀਆਂ ਚੌਥੀ ਤੇ ਆਖ਼ਰੀ ਕੜੀ ਦੱਸਦਿਆਂ ਕਿਹਾ ਹੈ ਕਿ ਇਸ ਵਿੱਚ ਦੇਸ਼ ਦੇ ਕਿਸਾਨਾਂ, ਗ਼ਰੀਬਾਂ, ਬੇਰੁਜ਼ਗਾਰਾਂ ਅਤੇ ਨੌਕਰੀਪੇਸ਼ਾ ਲੋਕਾਂ ਲਈ ਕੋਈ ਠੋਸ ਪਹਿਲਕਦਮੀ ਨਹੀਂ ਕੀਤੀ ਗਈ ਹੈ। ਜਾਖੜ ਨੇ ਬਜਟ ਨੂੰ ਦਿਸ਼ਾਹੀਣ ਦੱਸਦਿਆਂ ਕਿਹਾ ਕਿ ਦੇਸ਼ ਵਿੱਚ ਕਿਸਾਨੀ ਦੀ ਭਲਾਈ ਪ੍ਰਤੀ ਇਸ ਬਜਟ ਵਿੱਚ ਕੋਈ ਠੋਸ ਐਲਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਦਾ ਕਿਸਾਨ ਕਰਜ਼ੇ ਦੇ ਬੋਝ ਹੇਠ ਦੱਬ ਚੁੱਕਾ ਹੈ, ਪਰ ਬਜਟ ਵਿੱਚ ਵਿੱਤ ਮੰਤਰੀ ਨੇ ਕਰਜ਼ਾ ਮੁਆਫ਼ੀ ਬਾਰੇ ਪੂਰੀ ਤਰ੍ਹਾਂ ਚੁੱਪ ਧਾਰ ਰੱਖੀ ਹੈ।

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰੀ ਬਜਟ ਨੂੰ ਨਿਰਾਸ਼ਾਜਨਕ ਦੱਸਦਿਆਂ ਕਿਹਾ ਕਿ ਕੇਂਦਰੀ ਬਜਟ ਪੰਜਾਬ ਲਈ ਰਾਹਤ ਭਰਿਆ ਨਹੀਂ ਹੈ ਅਤੇ ਸੂਬੇ ਨੂੰ ਐਕਸਾਈਜ਼ ਡਿਊੁਟੀ ਦਾ ਕਰੀਬ ਇੱਕ ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਉਠਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਕਿਸਾਨ ਪੱਖੀ ਬਜਟ ਹੋਣ ਦਾ ਢੰਡੋਰਾ ਪਿੱਟਿਆ ਜਾ ਰਿਹਾ ਹੈ, ਪਰ ਇਸ ਵਿੱਚ ਕਿਸਾਨਾਂ ਲਈ ਕੁਝ ਨਹੀਂ ਹੈ।

ਉਨ੍ਹਾਂ ਕਿਹਾ ਕਿ ਬਜਟ ਵਿੱਚ ਮਹਾਤਮਾ ਗਾਂਧੀ ਦੀ ਜੈਅੰਤੀ ਲਈ 150 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ ਜਦਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਜਲ੍ਹਿਆਂਵਾਲਾ ਬਾਗ਼ ਦੇ ਸੌ ਸਾਲਾਂ ਸਾਕੇ ਸਬੰਧੀ ਹੋਣ ਵਾਲੇ ਪ੍ਰੋਗਰਾਮਾਂ ਲਈ ਪੈਸਾ ਨਹੀਂ ਰੱਖਿਆ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,