ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਪਾਣੀ ਵਿਵਾਦ: ਕੇਂਦਰ ਵਲੋਂ ਸਾਰੇ ਟ੍ਰਿਬਿਊਨਲਾਂ ਨੂੰ ਮਿਲਾ ਕੇ ਇਕ ਸਥਾਈ ਟ੍ਰਿਬਿਊਨਲ ਦੇ ਗਠਨ ਦਾ ਫੈਸਲਾ

December 19, 2016 | By

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸਾਰੇ ਅੰਤਰਰਾਜੀ ਦਰਿਆਵਾਂ ਦੇ ਪਾਣੀ ਸਬੰਧੀ ਵਿਵਾਦਾਂ ਦੇ ਨਿਪਟਾਰੇ ਦੇ ਲਈ ਸਾਰੇ ਵਰਤਮਾਨ ਟ੍ਰਿਬਿਊਨਲਾਂ ਨੂੰ ਮਿਲਾ ਕੇ ਇਕ ਸਥਾਈ ਟ੍ਰਿਬਿਊਨਲ ਦਾ ਗਠਨ ਕਰਨ ਦਾ ਫੈਸਲਾ ਕੀਤਾ ਹੈ। ਟ੍ਰਿਬਿਊਨਲ ਦੇ ਇਲਾਵਾ, ਸਰਕਾਰ ਨੇ ਜ਼ਰੂਰਤ ਪੈਣ ‘ਤੇ ਵਿਵਾਦਾਂ ‘ਤੇ ਗੌਰ ਕਰਨ ਦੇ ਲਈ ਅੰਤਰਰਾਜੀ ਜਲ ਵਿਵਾਦ ਐਕਟ 1956 ਵਿਚ ਸੋਧ ਕਰਕੇ ਕੁਝ ਬੈਂਚਾਂ ਸਥਾਪਤ ਕਰਨ ਦਾ ਪ੍ਰਸਤਾਵ ਵੀ ਦਿੱਤਾ ਹੈ। ਟ੍ਰਿਬਿਊਨਲ ਦੇ ਉਲਟ, ਇਹ ਬੈਂਚਾਂ ਵਿਸ਼ੇਸ਼ ਵਿਵਾਦ ਹੱਲ ਹੋਣ ਦੇ ਬਾਅਦ ਹੋਂਦ ਵਿਚ ਨਹੀਂ ਰਹਿਣਗੀਆਂ। ਐਕਟ ਵਿਚ ਸੋਧ ਨੂੰ ਮਨਜ਼ੂਰੀ ਦਾ ਫੈਸਲਾ ਇਸ ਹਫਤੇ ਹੋਈ ਕੇਂਦਰੀ ਕੈਬਨਿਟ ਦੀ ਬੈਠਕ ਵਿਚ ਕੀਤਾ ਗਿਆ। ਇਸ ਸੋਧ ਨੂੰ ਸੰਸਦ ਦੇ ਅਗਲੇ ਇਜਲਾਸ ਵਿਚ ਪੇਸ਼ ਕੀਤੇ ਜਾਣ ਦੀ ਆਸ ਹੈ। ਜਲ ਸ੍ਰੋਤ ਮੰਤਰਾਲੇ ਦੇ ਸਕੱਤਰ ਸ਼ਸ਼ੀ ਸ਼ੇਖਰ ਨੇ ਕਿਹਾ ਕਿ, ‘ਕੇਵਲ ਇਕ ਸਥਾਈ ਟ੍ਰਿਬਿਊਨਲ ਹੋਵੇਗਾ, ਜਿਸਦੀ ਪ੍ਰਧਾਨਗੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੇ ਹੱਥ ਵਿਚ ਹੋਵੇਗੀ। ਜ਼ਰੂਰਤ ਪੈਣ ‘ਤੇ ਬੈਂਚਾਂ ਦਾ ਗਠਨ ਕੀਤਾ ਜਾਵੇਗਾ, ਵਿਵਾਦ ਦੇ ਹੱਲ ਹੋਣ ਉਪਰੰਤ ਇਹ ਬੈਂਚਾਂ ਹੋਂਦ ‘ਚ ਨਹੀਂ ਰਹਿਣਗੀਆਂ’।

{ਫਾਈਲ ਫੋਟੋ}

{ਫਾਈਲ ਫੋਟੋ}

ਇਸ ਤੋਂ ਪਹਿਲਾਂ ਸ਼ੇਖਰ ਨੇ ਕਿਹਾ ਕਿ ਜਲ ਟ੍ਰਿਬਿਊਨਲਾਂ ਨੇ ਵਿਵਾਦਾਂ ਸਬੰਧੀ ਆਖਰੀ ਫੈਸਲਾ ਸੁਣਾਉਣ ਦੇ ਲਈ ਕਈ ਸਾਲ ਲਏ ਜਦਕਿ ਪ੍ਰਸਤਾਵਿਤ ਟ੍ਰਿਬਿਊਨਲ ਦੇ ਤਿੰਨ ਸਾਲਾਂ ਵਿਚ ਆਪਣਾ ਫੈਸਲਾ ਸੁਣਾਉਣ ਦੀ ਸੰਭਾਵਨਾ ਹੈ। ਟ੍ਰਿਬਿਊਨਲ ਦੇ ਨਾਲ, ਸੋਧ ਦੇ ਜ਼ਰੀਏ ਵਿਵਾਦ ਨਿਪਟਾਰਾ ਕਮੇਟੀ (ਡੀ.ਆਰ.ਸੀ.) ਬਣਾਉਣ ਦਾ ਵੀ ਪ੍ਰਸਤਾਵ ਹੈ। ਇਸ ਕਮੇਟੀ ਵਿਚ ਮਾਹਿਰ ਅਤੇ ਨੀਤੀ-ਨਿਰਮਾਤਾ ਸ਼ਾਮਿਲ ਹੋਣਗੇ ਅਤੇ ਇਸ ਕਮੇਟੀ ਵੱਲੋਂ ਟ੍ਰਿਬਿਊਨਲ ਤੋਂ ਪਹਿਲਾਂ ਵਿਵਾਦਾਂ ‘ਤੇ ਗੌਰ ਕਰਨ ਦਾ ਪ੍ਰਸਤਾਵ ਹੈ। ਉਨ੍ਹਾਂ ਦੱਸਿਆ ਕਿ, ਜਦੋਂ ਵੀ ਕੋਈ ਸੂਬਾ ਬੇਨਤੀ ਕਰੇਗਾ, ਤਾਂ ਕੇਂਦਰ ਡੀ.ਆਰ.ਸੀ. ਦਾ ਗਠਨ ਕਰੇਗਾ। ਉਨ੍ਹਾਂ ਕਿਹਾ ਕਿ ਸਾਨੂੰ ਜ਼ਿਆਦਾਤਾਰ ਵਿਵਾਦਾਂ ਦੇ ਡੀ.ਆਰ.ਸੀ. ਪੱਧਰ ‘ਤੇ ਹੀ ਹੱਲ ਹੋਣ ਦੀ ਉਮੀਦ ਹੈ, ਪ੍ਰੰਤੂ ਜੇਕਰ ਕੋਈ ਸੂਬਾ ਸੰਤੁਸ਼ਟ ਨਹੀਂ ਹੁੰਦਾ ਤਾਂ ਉਹ ਟ੍ਰਿਬਿਊਨਲ ਤੱਕ ਪਹੁੰਚ ਕਰ ਸਕਦਾ ਹੈ’।

ਟ੍ਰਿਬਿਊਨਲ ਨੂੰ ਜ਼ਿਆਦਾ ਤਾਕਤਾਂ ਦੇਣ ਦੇ ਮੱਦੇਨਜ਼ਰ ਇਹ ਵੀ ਪ੍ਰਸਤਾਵ ਹੈ ਕਿ ਜਦੋਂ ਵੀ ਟ੍ਰਿਬਿਊਨਲ ਆਦੇਸ਼ ਦੇਵੇਗਾ, ਇਹ ਫੈਸਲਾ ਆਪ ਹੀ ਨੋਟੀਫਾਈ ਹੋ ਜਾਵੇਗਾ। ਜਦਕਿ ਹੁਣ ਤੱਕ ਫੈਸਲੇ ਨੂੰ ਨੋਟੀਫਾਈ ਕਰਨ ਲਈ ਸਰਕਾਰ ਦੀ ਲੋੜ ਹੈ’ ਜੋ ਇਸ ਨੂੰ ਲਾਗੂ ਕਰਨ ‘ਚ ਦੇਰੀ ਦਾ ਕਾਰਨ ਬਣਦਾ ਹੈ। ਦੱਸਣਯੋਗ ਹੈ ਕਿ ਮੌਜੂਦਾ ਸਮੇਂ ਵਿਚ ਅੱਠ ਟ੍ਰਿਬਿਊਨਲ ਹਨ, ਜਿਨ੍ਹਾਂ ਵਿਚ ਕਾਵੇਰੀ, ਰਾਵੀ ਤੇ ਬਿਆਸ, ਵਨਸਾਦਹਰਾ ਅਤੇ ਕ੍ਰਿਸ਼ਨਾ ਦਰਿਆਵਾਂ ਦੇ ਪਾਣੀਆਂ ਸਬੰਧੀ ਟ੍ਰਿਬਿਊਨਲ ਸ਼ਾਮਿਲ ਹਨ।

ਪੰਜਾਬ ਦੇ ਪਾਣੀਆਂ ਸਬੰਧੀ ਵਧੇਰੇ ਜਾਣਕਾਰੀ ਲਈ ਪੜ੍ਹੋ:

ਪਾਣੀਆਂ ਦੇ ਸਮਝੌਤੇ – ਪੰਜਾਬ ਦੇ ਪਾਣੀਆਂ ਦੀ ਲੁੱਟ:

ਭਾਰਤ ਦੀ ਸਰਕਾਰ ਨੇ ਪੰਜਾਬ ਦੀ ਮਾਲਕੀ ਵਾਲੇ ਪਾਣੀਆਂ ਨੂੰ ਗੈਰ-ਰਾਏਪੇਰੀਅਨ ਰਾਜਾਂ ਨੂੰ ਦੇਣ ਵਾਸਤੇ ਗੈਰ-ਕਾਨੂੰਨੀ ਅਤੇ ਗੈਰ ਸੰਵਿਧਾਨਕ ਸਮਝੌਤਿਆਂ ਨੂੰ ਲਾਗੂ ਕੀਤਾ। ਇਨ੍ਹਾਂ ਗ਼ੈਰ-ਸੰਵਿਧਾਨਕ ਸਮਝੌਤਿਆਂ ਵਿੱਚ 1955 ਅਤੇ 1976 ਦੇ ਕੇਂਦਰ ਸਰਾਕਰ ਦੇ ਨੋਟੀਫਿਕੇਸ਼ਨ, 1981 ਦਾ ਇੰਦਰਾ ਅਵਾਰਡ ਅਤੇ 1986 ਦਾ ਅਰੈਡੀ ਟ੍ਰਿਬਿਊਨਲ ਸ਼ਾਮਲ ਹਨ।

ਸਮਝੌਤਿਆਂ ਨੂੰ ਰੱਦ ਕਰਨ ਵਾਲੇ ਪੰਜਾਬ ਦਾ ਕਾਨੂੰਨ, ਇਸਦੀ ਮੱਦ ਨੰ: 5 ਅਤੇ ਪੰਜਾਬ ਦੇ ਰਾਇਪੇਰੀਅਨ ਹੱਕ:

ਪੰਜਾਬ ਦੀ ਆਪਣੀ ਹੀ ਵਿਧਾਨ ਸਭਾ ਅਤੇ ਪੰਜਾਬ ਦੇ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਹੀ ਪੰਜਾਬ ਦੇ ਪਾਣੀਆਂ ਦੇ ਮਾਮਲੇ ‘ਤੇ 2004 ਵਿੱਚ ਪਹਿਲਾਂ ਹੋਏ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕਰਕੇ ਪੰਜਾਬ ਦੇ ਰਾਇਪੇਰੀਅਨ ਹੱਕਾਂ ਦਾ ਕਤਲ ਕਰ ਦਿੱਤਾ ਹੈ।

ਪੰਜਾਬ ਵਿਧਾਨ ਸਭਾ ਨੇ 12 ਜੁਲਾਈ 2004 ਨੂੰ ਭਾਰਤੀ ਸੁਪਰੀਮ ਕੋਰਟ ਵੱਲੋਂ ਵਿਵਾਦਤ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ 14 ਜੁਲਾਈ 2004 ਤੱਕ ਮੁਕੰਮਲ ਕਰਨ ਦੇ ਦਿੱਤੇ ਹੁਕਮਾਂ ਨੂੰ ਬੇਅਸਰ ਕਰਨ ਵਾਲੇ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕੀਤਾ ਸੀ।

ਇਸ ਕਾਨੂੰਨ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੇਸ਼ ਕੀਤਾ ਸੀ ਅਤੇ ਇਸਨੂੰ ਬਾਦਲ ਦਲ ਅਤੇ ਭਾਜਪਾ ਨੇ ਹਮਾਇਤ ਦਿੱਤੀ ਸੀ। ਇਸ ਤਰ੍ਹਾਂ ਇਹ ਕਾਨੂੰਨ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਸੀ।

ਭਾਵੇਂ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਇਸ ਕਾਨੂੰਨ ਨੇ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਨਣੋਂ ਰੋਕ ਦਿੱਤਾ ਹੈ, ਪਰ ਇਸ ਨਾਲ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋ ਗਿਆ ਹੈ। ਇਸ ਕਾਨੂੰਨ ਦੇ ਲਾਗੂ ਹੋਣ ਤੋਂ ਪਹਿਲਾਂ ਪੰਜਾਬ ਦਾ ਪਾਣੀ ਗੈਰ ਕਾਨੂੰਨੀ ਸਮਝੌਤਿਆਂ ਰਾਹੀਂ ਲੁੱਟਿਆ ਜਾ ਰਿਹਾ ਸੀ, ਪਰ ਇਸ ਕਾਨੂੰਨ ਦੀ ਧਾਰਾ 5 ਨੇ ਗੈਰ-ਰਾਇਪੇਰੀਅਨ ਰਾਜਾਂ ਨੂੰ ਪੰਜਾਬ ਦੇ ਗੈਰ-ਕਾਨੂੰਨੀ ਤੌਰ ‘ਤੇ ਖੋਹੇ ਜਾ ਰਹੇ ਪਾਣੀਆਂ ‘ਤੇ ਕਾਨੂੰਨੀ ਮੋਹਰ ਲਾ ਦਿੱਤੀ ਹੈ।

ਇਹ ਸੁਣਨ ਨੂੰ ਅਜੀਬ ਲੱਗੇਗਾ ਪਰ ਇਹ ਸਹੀ ਹੈ ਕਿ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਣਨ ਤੋਂ ਰੋਕਣ ਲਈ (ਜਿਸ ਰਾਹੀਂ 34 ਐਲ.ਏ.ਐਫ. ਪਾਣੀ ਜਾਣਾ ਸੀ) ਪੰਜਾਬ ਵਿਧਾਨ ਸਭਾ ਨੇ ਹਰਿਆਣਾ ਨੂੰ (59.5 ਐਲ.ਏ.ਐਫ.) ਰਾਜਸਥਾਨ ਨੂੰ (86 ਐਲ.ਏ.ਐਫ.), ਅਤੇ ਦਿੱਲੀ ਨੂੰ (2 ਐਲ.ਏ.ਐਫ.) ਪਾਣੀ ਗੈਰ-ਕਾਨੂੰਨੀ ਸਮਝੌਤਿਆਂ ਰਾਹੀਂ ਵੱਡੀ ਮਾਤਰਾ ਵਿੱਚ ਦਿੱਤੇ ਜਾਣ ਨੂੰ ਸਹੀ ਮੰਨ ਕੇ ਕਾਨੂੰਨੀ ਸਹਿਮਤੀ ਦੇ ਦਿੱਤੀ।

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਚੀਫ ਇੰਜੀਨੀਅਰ ਜੀ.ਐਸ. ਢਿੱਲੋਂ ਮੁਤਾਬਕ ਹਰਿਆਣਾ ਨੂੰ 34 ਐਲ.ਏ.ਐਫ. ਵਿਚੋਂ 18 ਐਲ.ਏ.ਐਫ. ਪਾਣੀ ਭਾਖੜਾ-ਬਿਆਸ ਪ੍ਰਬੰਧਕੀ ਬੋਰਡ ਵਲੋਂ ਪਹਿਲਾਂ ਹੀ ਵਾਧੂ ਛੱਡਿਆ ਜਾ ਰਿਹਾ ਹੈ। ਸ. ਢਿੱਲੋਂ ਦਾ ਕਹਿਣਾ ਹੈ ਕਿ ਹਾਂਸੀ-ਬੁਟਾਣਾ ਨਹਿਰ ਰਾਹੀਂ ਵੀ ਹਰਿਆਣਾ (ਭਾਖੜਾ ਮੁੱਖ ਲਾਈਨ ਤੋਂ ਵਾਧੂ ਪਾਣੀ ਛੱਡਣ ‘ਤੇ) 16 ਐਲ.ਏ.ਐਫ. ਪਾਣੀ ਬਿਨਾਂ ਐਸ.ਵਾਈ.ਐਲ. ਮੁਕੰਮਲ ਕੀਤੇ ਦੂਰ ਲਿਜਾ ਸਕਦਾ ਹੈ। ਜੋ ਕਿ ਇਸੇ ਉਦੇਸ਼ ਲਈ ਉਸਾਰੀ ਗਈ ਹੈ।

ਪੰਜਾਬ ਦੇ ਪਾਣੀਆਂ ਸੰਬੰਧੀ ਸਮਝੌਤਾ ਰੱਦ (2004) ਕਰਨ ਦਾ ਕਾਨੂੰਨ ਭਾਰਤੀ ਸੁਪਰੀਮ ਕੋਰਟ ਨੇ 10 ਨਵੰਬਰ 2016 ਨੂੰ ਰੱਦ ਕਰ ਦਿੱਤਾ ਸੀ।

ਦੇਖੋ ਵੀਡੀਓ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,