ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਹਰਿਆਣਾ ਨਾਲ ਕੋਈ ਗੁੱਝਾ ਸਮਝੌਤਾ ਕਰਨ ਦੀ ਕੋਸ਼ਿਸ਼ ਬਾਰੇ ਬਾਦਲ ਦਲ ਦੇ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਲਾਏ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਕਿ ਇਹ ਮਸਲਾ ਸੁਪਰੀਮ ਕੋਰਟ ਵਿੱਚ ਹੈ ਤੇ ਖੱਟੜ ਸਰਕਾਰ ਨਾਲ ਗੁੱਝੇ ਜਾਂ ਕਿਸੇ ਹੋਰ ਸਮਝੌਤੇ ’ਤੇ ਪਹੁੰਚਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਕੈਪਟਨ ਅਮਰਿੰਦਰ ਸਿੰਘ ਨੇ ਚੰਦੂਮਾਜਰਾ ਦੇ ਇਲਜ਼ਾਮਾਂ ਨੂੰ ਮਨਘੜਤ ਦੱਸਦਿਆਂ ਕਿਹਾ ਕਿ ਇਨ੍ਹਾਂ ਵਿੱਚ ਰੱਤੀ ਭਰ ਵੀ ਸੱਚਾਈ ਨਹੀਂ। ਉਨ੍ਹਾਂ ਨੇ ਐਸ.ਵਾਈ.ਐਲ. ਵਰਗੇ ਨਾਜ਼ੁਕ ਮੁੱਦੇ ’ਤੇ ਚੰਦੂਮਾਜਰਾ ਨੂੰ ਗੈਰਜ਼ਰੂਰੀ ਬਿਆਨ ਜਾਰੀ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਇਹ ਮਸਲਾ ਸੁਪਰੀਮ ਕੋਰਟ ਵਿੱਚ ਹੈ ਤੇ ਕੇਂਦਰ ਸਰਕਾਰ ਇਸ ਮੁੱਦੇ ਦੇ ਗੱਲਬਾਤ ਰਾਹੀਂ ਹੱਲ ਲਈ “ਮਾਹੌਲ ਪ੍ਰਦਾਨ” ਕਰ ਰਹੀ ਹੈ।
ਕੈਪਟਨ ਨੇ ਕਿਹਾ ਕਿ ਬਾਦਲ ਦਲ ਵਾਲੇ ਹੀ ਆਪਣੇ ਵਿੱਤੀ ਤੇ ਸਿਆਸੀ ਹਿੱਤਾਂ ਨੂੰ ਵਧਾਉਣ ਲਈ ਲਈ ਗੁੱਝੇ ਸਮਝੌਤੇ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਇਸ ਤਰ੍ਹਾਂ ਦੀਆਂ ਸਰਗਰਮੀਆਂ ਕਰਨ ਲਈ ਨਾ ਤਾਂ ਸਮਾਂ ਹੈ ਤੇ ਨਾ ਹੀ ਇਸ ਤਰ੍ਹਾਂ ਦੀ ਸੁਭਾਅ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਬਾਦਲ-ਭਾਜਪਾ ਸਰਕਾਰ ਵੱਲੋਂ ਸੂਬੇ ਦੀ ਕੀਤੀ ਤਬਾਹੀ ਕਾਰਨ ਇਸ ਨੂੰ ਮੁੜ ਪੈਰਾਂ ’ਤੇ ਲਿਆਉਣ ਲਈ ਕੋਸ਼ਿਸ਼ਾਂ ਕਰਨ ਵਿੱਚ ਰੁੱਝੀ ਹੋਈ ਹੈ।
ਸਬੰਧਤ ਖ਼ਬਰ:
ਪੰਜਾਬ ਦੇ ਪਾਣੀਆਂ ਦਾ ਮਸਲਾ: ਬਾਦਲ ਅਤੇ ਕੈਪਟਨ ਪੰਜਾਬ ਦੇ ਰਾਇਪੇਰੀਅਨ ਹੱਕਾਂ ਦਾ ਕਤਲ ਕਰਨ ਲਈ ਬਰਾਬਰ ਦੇ ਦੋਸ਼ੀ …
ਮੁੱਖ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਸੁਪਰੀਮ ਕੋਰਟ ਤੇ ਕੇਂਦਰ ਸਰਕਾਰ ਪਾਣੀ ਦੀ ਥੁੜ ਦਾ ਸ਼ਿਕਾਰ ਹੋਏ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਸ.ਵਾਈ.ਐਲ. ਮਸਲੇ ਦੇ ਆਪਸੀ ਹੱਲ ਲਈ ਅੱਗੇ ਆਉਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਦੇ ਵਿਰੁੱਧ ਹਰਿਆਣਾ ਨਾਲ ਕਿਸੇ ਵੀ ਸਮਝੌਤੇ ’ਤੇ ਹਸਤਾਖਰ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਜੋ ਵੀ ਕਰਨਗੇ ਖੁੱਲ੍ਹੇ ਰੂਪ ਵਿੱਚ ਹੀ ਕਰਨਗੇ ਤੇ ਇਸ ਸਬੰਧ ਵਿੱਚ ਕੋਈ ਵੀ ਗੁੱਝਾ ਸਮਝੌਤਾ ਨਹੀਂ ਹੋਵੇਗਾ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: