ਸਿਆਸੀ ਖਬਰਾਂ » ਸਿੱਖ ਖਬਰਾਂ

ਅਮਰਿੰਦਰ ਦੇ ਖੁਲਾਸੇ ਤੋਂ ਬਾਅਦ: ਸ਼੍ਰੋਮਣੀ ਕਮੇਟੀ ਵਲੋਂ 21 ਸਿੱਖਾਂ ਦੇ ਝੂਠੇ ਮੁਕਾਬਲੇ ਦੀ ਜਾਂਚ ਦੀ ਮੰਗ

May 24, 2017 | By

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨੀਂ ਕੀਤੇ ਉਸ ਖੁਲਾਸੇ ਬਾਰੇ ਆਖਿਆ ਸੀ ਕਿ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਦੇ ਸਮੇਂ ਪੁਲਿਸ ਸਾਹਮਣੇ ਉਨ੍ਹਾਂ ਨੇ 21 ਸਿੱਖਾਂ ਨੂੰ ਪੇਸ਼ ਕਰਵਾਇਆ ਸੀ, ਜਿਨ੍ਹਾਂ ਨੂੰ ਬਾਅਦ ਵਿਚ ਮਾਰ ਦਿੱਤਾ ਗਿਆ।

ਸ਼੍ਰੋਮਣੀ ਕਮੇਟੀ ਦੇ ਦੋਹਾਂ ਆਗੂਆਂ ਨੇ ਕਿਹਾ ਕਿਉਂਕਿ ਮਾਮਲਾ ਮਨੁੱਖੀ ਅਧਿਕਾਰਾਂ ਦੇ ਘਾਣ ਅਤੇ ਸਿੱਖ ਨੌਜਵਾਨਾਂ ਨੂੰ ਝੂਠੇ ਮੁਕਾਬਲੇ ਵਿਚ ਮਾਰਨ ਦਾ ਹੈ, ਇਸ ਲਈ ਇਸ ਦੀ ਡੂੰਘਾਈ ਨਾਲ ਪੜਤਾਲ ਹੋਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਆਪ ਹੀ ਇਸ ਗੱਲ ਦਾ ਖੁਲਾਸਾ ਕਰਕੇ ਇਹ ਸਿੱਧ ਕੀਤਾ ਗਿਆ ਹੈ ਕਿ ਉਸ ਸਮੇਂ ਸਿੱਖਾਂ ਨੂੰ ਜਾਨੋਂ ਮਾਰਨ ਸਮੇਂ ਕਾਨੂੰਨ ਦੀਆਂ ਕਿਵੇਂ ਧੱਜੀਆਂ ਉਡਾਈਆਂ ਜਾਂਦੀਆਂ ਸਨ। ਉਨ੍ਹਾਂ ਇਹ ਵੀ ਆਖਿਆ ਕਿ ਇਕਬਾਲ ਕਰਨ ਵਾਲੇ ਵੀ ਕਿਉਂਕਿ ਖ਼ੁਦ ਮੁੱਖ ਮੰਤਰੀ ਹਨ, ਇਸ ਲਈ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ ਕਿ ਮਾਮਲੇ ਦੀ ਤਹਿ ਤੱਕ ਜਾ ਕੇ ਉਸ ਸਮੇਂ ਦਾ ਅਸਲ ਸੱਚ ਸਾਹਮਣੇ ਲਿਆਂਦਾ ਜਾਵੇ।

ਕੈਪਟਨ ਅਮਰਿੰਦਰ ਸਿੰਘ, ਪ੍ਰੋ. ਕਿਰਪਾਲ ਸਿੰਘ ਬਡੂੰਗਰ (ਫਾਈਲ ਫੋਟੋ)

ਕੈਪਟਨ ਅਮਰਿੰਦਰ ਸਿੰਘ, ਪ੍ਰੋ. ਕਿਰਪਾਲ ਸਿੰਘ ਬਡੂੰਗਰ (ਫਾਈਲ ਫੋਟੋ)

ਸ਼੍ਰੋਮਣੀ ਕਮੇਟੀ ਨੇ ਸਵਾਲ ਕੀਤਾ ਕਿ ਮੁੱਖ ਮੰਤਰੀ ਇਹ ਦੱਸਣ ਦੀ ਖੇਚਲ ਵੀ ਕਰਨ ਕਿ ਉਨ੍ਹਾਂ ਨੇ 21 ਸਿੱਖਾਂ ਨੂੰ ਬਚਾਉਣ ਲਈ ਇਹ ਕਦਮ ਚੁੱਕਿਆ ਸੀ ਜਾਂ ਖ਼ਤਮ ਕਰਵਾਉਣ ਲਈ? ਭਾਈ ਚਾਵਲਾ ਨੇ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਖ਼ੁਦ ਇਹ ਸਵੀਕਾਰਦੇ ਹਨ ਕਿ ਜਿਨ੍ਹਾਂ ਵਿਅਕਤੀਆਂ ਨੂੰ ਉਨ੍ਹਾਂ ਨੇ ਪੇਸ਼ ਕਰਵਾਇਆ ਸੀ, ਨੂੰ ਮਾਰ ਦਿੱਤਾ ਗਿਆ ਤਾਂ ਫਿਰ ਤੁਰੰਤ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਨੂੰ ਨਾਮਜ਼ਦ ਕਰਨਾ ਚਾਹੀਦਾ ਹੈ।

ਸ਼੍ਰੋਮਣੀ ਕਮੇਟੀ ਵਲੋਂ ਜਾਰੀ ਬਿਆਨ ‘ਚ ਕਿਹਾ ਗਿਆ ਕਿ ਜੇਕਰ ਕੇਸ ਦੀ ਬਾਰੀਕੀ ਨਾਲ ਜਾਂਚ ਹੋਵੇ ਤਾਂ ਕਈ ਤੈਹਾਂ ਖੁੱਲ੍ਹਣਗੀਆਂ। ਸ਼੍ਰੋਮਣੀ ਕਮੇਟੀ ਨੇ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੇ ਨਾਲ-ਨਾਲ ਮੁਆਵਜ਼ਾ ਦੇਣ ਦੀ ਵੀ ਗੱਲ ਕਹੀ। ਕਮੇਟੀ ਨੇ ਮਾਰੇ ਗਏ ਸਿੱਖ ਨੌਜੁਆਨਾਂ ਦੇ ਨਾਮ ਵੀ ਜਨਤਕ ਕਰਨ ਦੀ ਮੰਗ ਵੀ ਕੀਤੀ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

CM Amarinder’s Disclosure: SGPC Seeks Probe into Fake Encounter Killing of 21 Sikhs …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , , ,