ਸਿੱਖ ਖਬਰਾਂ

ਸ਼੍ਰੋਮਣੀ ਕਮੇਟੀ ਪ੍ਰਧਾਨ ਖਿਲਾਫ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦੀ ਸ਼ਿਕਾਇਤ ਅਦਾਲਤ ਵਿੱਚ ਦਰਜ਼ ਕਰਵਾਈ

January 20, 2016 | By

ਮੁਕੇਰੀਆਂ (19 ਜਨਵਰੀ, 2016): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਅਵਤਾਰ ਸਿੰਘ ਖਿਲਾਫ ਸਥਾਨਿਕ ਅਦਾਲਤ ਵਿੱਚ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੇ ਦੋਸ਼ਾਂ ਅਧੀਨ ਪਰਚਾ ਦਰਜ਼ ਕਰਨ ਲਈ ਸ਼ਿਕਾਇਤ ਦਰਜ਼ ਕਰਵਾਈ ਗਈ ਹੈ।

ਮਨਜੀਤ ਸਿੰਘ ਆਪਣੇ ਸਾਥੀਆਂ ਨਾਲ ਦਾਇਰ ਕੀਤੇ ਸ਼ਿਕਾਇਤ ਦੀਆਂ ਕਾਪੀਆਂ ਦਿਖਾਉਂਦੇ ਹੋਏ

ਮਨਜੀਤ ਸਿੰਘ ਆਪਣੇ ਸਾਥੀਆਂ ਨਾਲ ਦਾਇਰ ਕੀਤੇ ਸ਼ਿਕਾਇਤ ਦੀਆਂ ਕਾਪੀਆਂ ਦਿਖਾਉਂਦੇ ਹੋਏ

ਬੀਤੀ 1 ਜਨਵਰੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਤਖ਼ਤਾਂ ਦੇ ਜਥੇਦਾਰਾਂ ਖ਼ਿਲਾਫ਼ ਫ਼ੈਸਲਾ ਲੈਣ ਵਾਲੇ ਪੰਜ ਪਿਆਰਿਆਂ ਨੂੰ ਬਰਖ਼ਾਸਤ ਕਰ ਦਿੱਤਾ ਸੀ। ਇਸ ਨੂੰ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੱਸਦਿਆਂ ਅਵਤਾਰ ਸਿੰਘ ਖ਼ਿਲਾਫ਼ ਧਾਰਾ 295, 298, 500 ਤਹਿਤ ਕੇਸ ਦਾਇਰ ਲਈ ਸ਼ਿਕਾਇਤ ਦਰਜ਼ ਕਰਵਾਈ ਗਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਵਿਰੁੱਧ ਸ਼ਿਕਾਇਤ ਕਰਨ ਵਾਲ਼ਿਆ ਮਨਜੀਤ ਸਿੰਘ, ਦਰਸ਼ਨ ਸਿੰਘ, ਰਵੇਲ ਸਿੰਘ, ਅਮਰਜੀਤ ਸਿੰਘ, ਗੁਰਮੁੱਖ ਸਿੰਘ, ਤਰਨਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਅਵਤਾਰ ਸਿੰਘ ਨੇ ਪੰਜ ਪਿਆਰਿਆਂ ਨੂੰ ਬਰਖ਼ਾਸਤ ਕਰ ਕੇ ਸਿੱਖ ਮਾਣ-ਮਰਿਆਦਾ ਨੂੰ ਚੁਣੌਤੀ ਦਿੱਤੀ ਹੈ। ਪੰਜ ਪਿਆਰਿਆਂ ਨੇ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਰਾਖੀ ਕਰਦਿਆਂ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਵਾਲੇ ਜਥੇਦਾਰਾਂ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਸਨ, ਜਿਨ੍ਹਾਂ ਨੂੰ ਸਿੱਧੀ ਚੁਣੌਤੀ ਦਿੰਦਿਆਂ ਅਵਤਾਰ ਸਿੰਘ ਨੇ ਪੰਜ ਪਿਆਰਿਆਂ ਨੂੰ ਬਰਖ਼ਾਸਤ ਕੀਤਾ।

ਉਨ੍ਹਾਂ ਕਿਹਾ ਕਿ 2 ਜਨਵਰੀ ਨੂੰ ਪੰਜ ਪਿਆਰਿਆਂ ਨੂੰ ਕੌਮ ਦੇ ਨਾਮ ਸੰਦੇਸ਼ ਦੇਣ ਤੋਂ ਰੋਕਣ ਲਈ ਪੁਲੀਸ ਦੀ ਸਹਾਇਤਾ ਨਾਲ ਉਨ੍ਹਾਂ ਨੂੰ ਦਰਬਾਰ ਸਾਹਿਬ ਨਾ ਜਾਣ ਦੇਣਾ ਸਿੱਖੀ ਸਿਧਾਂਤਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਪੰਜ ਪਿਆਰਿਆਂ ਦੀ ਹੋਂਦ ਖ਼ਤਮ ਕਰਨ ਕੀ ਕੋਝੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਹੋਇਆ ਹੈ।

ਉਪਰੋਕਤ ਆਗੂਆਂ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਪੰਜ ਪਿਆਰੇ ਸਾਜ ਕੇ ਉਨ੍ਹਾਂ ਤੋਂ ਖ਼ੁਦ ਅੰਮ੍ਰਿਤ ਛਕਿਆ ਸੀ ਅਤੇ ਪੰਜ ਪਿਆਰਿਆਂ ਨੂੰ ਆਪਣਾ ਸਰੂਪ ਦੱਸਿਆ ਸੀ। ਉਨ੍ਹਾਂ ਕਿਹਾ ਕਿ ਦੇਖਣ ਵਾਲੀ ਗੱਲ ਇਹ ਹੈ ਕਿ ਪੰਜ ਪਿਆਰਿਆਂ ਨੂੰ ਉਪਰੋਕਤ ਫ਼ੈਸਲਾ ਲੈਣ ਲਈ ਮਜ਼ਬੂਰ ਕਿਉਂ ਹੋਣਾ ਪਿਆ। ਜੇਕਰ ਤਖ਼ਤਾਂ ਦੇ ਜਥੇਦਾਰ ਆਪਣੀ ਡਿਊਟੀ ਸਹੀ ਤਰੀਕੇ ਨਾਲ ਨਿਭਾਉਂਦੇ ਤਾਂ ਇਹ ਨੌਬਤ ਨਹੀਂ ਸੀ ਆਉਣੀ। ਐਸਡੀਜੇਐਮ ਸੁਮਿਤ ਮੱਕੜ ਦੀ ਅਦਾਲਤ ਵਿੱਚ ਦਾਇਰ ਸ਼ਿਕਾਇਤ ‘ਤੇ ਅਗਲੀ ਸੁਣਵਾਈ 17 ਫਰਵਰੀ ਨੂੰ ਰੱਖੀ ਗਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,