ਸਿਆਸੀ ਖਬਰਾਂ

ਦਿੱਲੀ ’ਚ ਪ੍ਰਦੂਸ਼ਣ: ਪੰਜਾਬ ਨੇ ਕਿਹਾ ਅਸੀਂ ਜ਼ਿੰਮੇਵਾਰ ਨਹੀਂ; ਬਾਦਲ ਨੇ ਕੇਜਰੀਵਾਲ ਦਾ ਅਸਤੀਫਾ ਮੰਗਿਆ

By ਸਿੱਖ ਸਿਆਸਤ ਬਿਊਰੋ

November 08, 2016

ਨਵੀਂ ਦਿੱਲੀ: ਦਿੱਲੀ ’ਚ ਪ੍ਰਦੂਸ਼ਣ ਦੇ ਚਿੰਤਾਜਨਕ ਵਧਦੇ ਪੱਧਰ ਨੂੰ ਦੇਖਦਿਆਂ ਉਥੇ ਸਿਹਤ ਐਮਰਜੈਂਸੀ ਵਰਗੇ ਹਾਲਾਤ ਹੋਣ ਦਾ ਦਾਅਵਾ ਕਰਦਿਆਂ ਸੁਪਰੀਮ ਕੋਰਟ ’ਚ ਪਟੀਸ਼ਨਾਂ ਦਾਖ਼ਲ ਕੀਤੀਆਂ ਗਈਆਂ ਹਨ। ਚੀਫ਼ ਜਸਟਿਸ ਟੀ ਐਸ ਠਾਕੁਰ ਦੀ ਅਗਵਾਈ ਹੇਠਲੀ ਬੈਂਚ ਨੇ ਕਿਹਾ ਕਿ ਉਹ ਮੰਗਲਵਾਰ ਨੂੰ ਅਰਜ਼ੀਆਂ ’ਤੇ ਸੁਣਵਾਈ ਕਰਨਗੇ। ਬੈਂਚ ’ਚ ਜਸਟਿਸ ਡੀ ਵਾਈ ਚੰਦਰਚੂੜ੍ਹ ਅਤੇ ਐਲ ਨਾਗੇਸ਼ਵਰ ਰਾਓ ਸ਼ਾਮਲ ਹਨ।

ਈਪੀਸੀਏ ਦੀ ਤਾਜ਼ਾ ਰਿਪੋਰਟ ’ਚ ਕਿਹਾ ਗਿਆ ਹੈ ਕਿ 5 ਨਵੰਬਰ ਨੂੰ ਪੀਐਮ 2.5 ਦਾ ਪੱਧਰ 837.7 ਯੂਜੀ/ਐਮ3 ਰਿਹਾ ਜੋ ਕਰੀਬ 14.4 ਗੁਣਾ ਵੱਧ ਹੈ ਅਤੇ ਇਹ ਲੰਡਨ ਸਮੌਗ ਤੋਂ ਵੱਧ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੌਗ ਪਿੱਛੇ ਕਈ ਕਾਰਨ ਹਨ ਅਤੇ ਲੋਕਾਂ ਨੂੰ ਰਾਹਤ ਦੇਣ ਲਈ ਤੁਰੰਤ ਕਦਮ ਚੁੱਕਣ ਦੀ ਲੋੜ ਹੈ।

ਈਪੀਸੀਏ ਨੇ ਪੰਜਾਬ ਅਤੇ ਹਰਿਆਣਾ ਨੂੰ ਪਰਾਲੀ ਸਾੜੇ ਜਾਣ ਤੋਂ ਸਖ਼ਤੀ ਨਾਲ ਰੋਕੇ ਜਾਣ ਦੇ ਸੁਝਾਅ ਵੀ ਦਿੱਤੇ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦੀ ਵਰਤੋਂ ਊਰਜਾ ਅਤੇ ਖਾਦ ਲਈ ਕੀਤੇ ਜਾਣ ਦੀ ਵਕਾਲਤ ਕੀਤੀ।

ਦਿੱਲੀ ਅਤੇ ਨੇੜਲੇ ਇਲਾਕਿਆਂ ’ਚ ਧੂੰਏਂ ਦੀ ਚਾਦਰ ਪੱਸਰੀ ਹੋਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਸੱਦੀ ਗਈ ਬੈਠਕ ’ਚ ਪੰਜਾਬ ਦੇ ਖੇਤੀਬਾੜੀ ਮੰਤਰੀ ਤੋਤਾ ਸਿੰਘ ਨੇ ਦਾਅਵਾ ਕੀਤਾ ਕਿ ਦਿੱਲੀ ’ਚ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ ਹੈ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਮੌਗ ਲਈ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੇ ਦਾਅਵਿਆਂ ਦੀ ਨਿਖੇਧੀ ਕੀਤੀ। ਤੋਤਾ ਸਿੰਘ ਨੇ ਕਿਹਾ ਕਿ ਕੇਜਰੀਵਾਲ ਜਦੋਂ ਪੰਜਾਬ ’ਚ ਹੁੰਦੇ ਹਨ ਤਾਂ ਉਹ ਕਿਸਾਨਾਂ ਦੀ ਗੱਲ ਕਰਦੇ ਹਨ ਪਰ ਬਾਹਰ ਜਾਂਦਿਆਂ ਹੀ ਉਨ੍ਹਾਂ ਖ਼ਿਲਾਫ਼ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਉਂਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੇਜਰੀਵਾਲ ਆਪਣਾ ਸਟੈਂਡ ਬਦਲ ਰਹੇ ਹਨ। ਕੇਂਦਰੀ ਵਾਤਾਵਰਨ ਮੰਤਰੀ ਅਨਿਲ ਦਵੇ ਦੀ ਅਗਵਾਈ ਹੇਠ ਹੋਈ ਬੈਠਕ ’ਚ ਦਿੱਲੀ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਯੂਪੀ ਦੇ ਨੁਮਾਇੰਦੇ ਹਾਜ਼ਰ ਸਨ।

ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡਾਂ ਵਿੱਚ ਦੋ ਰੋਜ਼ਾ ਸੰਗਤ ਦਰਸ਼ਨ ਪ੍ਰੋਗਰਾਮ ਦੇ ਪਹਿਲੇ ਦਿਨ ਪਿੰਡ ਜਖਵਾਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਲੀ ਵਿੱਚ ਪ੍ਰਦੂਸ਼ਣ ਵਧਣ ਸਬੰਧੀ ਪੰਜਾਬ ’ਤੇ ਲਾਏ ਜਾ ਰਹੇ ਦੋਸ਼ਾਂ ਬਾਰੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਵਿੱਚ ਪ੍ਰਦੂਸ਼ਣ ਵਧਣ ਦਾ ਪੰਜਾਬ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਸਾਰੇ ਮੋਰਚਿਆਂ ’ਤੇ ਫੇਲ੍ਹ ਹੋ ਗਈ ਹੈ ਅਤੇ ਉਹ ਆਪਣੀਆਂ ਨਾਕਾਮੀਆਂ ਦਾ ਠੀਕਰਾ ਦੂਸਰਿਆਂ ਦੇ ਸਿਰ ਭੰਨਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਮੁੱਖ ਮੰਤਰੀ ਆਪਣੇ ਰਾਜ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਨਹੀਂ ਕਰ ਸਕਦਾ, ਉਸ ਨੂੰ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਆਖਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: