ਲੇਖ

ਕੀ ਹਰਿਆਣਾ ਪੰਜਾਬ ਦੇ ਪਾਣੀਆਂ ’ਤੇ ਦਾਅਵਾ ਜਤਾਉਣ ਦਾ ਹੱਕਦਾਰ ਹੈ ?

March 4, 2018 | By

(ਕੌਮਾਂਤਰੀ ਨੇਮਾਂ, ਭਾਰਤੀ ਸੰਵਿਧਾਨ ਤੇ ਕਾਨੂੰਨ ਮੁਤਾਬਿਕ ਪੰਜਾਬ ਦੇ ਦਰਿਆਈ ਪਾਣੀਆਂ ਉੱਤੇ ਪੰਜਾਬ ਦਾ ਹੱਕ ਬਣਦਾ ਹੈ ਤੇ ਗੈਰ-ਤਟਵਰਤੀ ਸੂਬਿਆਂ; ਦਿੱਲੀ, ਰਾਜਸਥਾਨ ਤੇ ਹਰਿਆਣਾ ਦਾ ਪੰਜਾਬ ਦੇ ਦਰਿਆਈ ਪਾਣੀ ਉੱਤੇ ਕੋਈ ਹੱਕ ਨਹੀਂ ਬਣਦਾ, ਪਰ 47 ਦੀ ਵੰਡ ਦੇ ਸਮੇਂ ਤੋਂ ਹੀ ਪੰਜਾਬ ਦਾ ਪਾਣੀ ਬਿਨਾ ਕਾਨੂੰਨ ਵਿਚਾਰ ਦੇ ਕੇਂਦਰ ਸਰਕਾਰ ਵੱਲੋਂ ਧੱਕੇ ਨਾਲ ਇਨ੍ਹਾਂ ਸੂਬਿਆਂ ਨੂੰ ਲੁਟਾਇਆ ਜਾ ਰਿਹਾ ਹੈ। ਪੰਜਾਬ ਦੀਆਂ ਸਰਕਾਰਾਂ ਤੇ ਸਿਆਸੀ ਪਾਰਟੀਆਂ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਨਾਕਾਮ ਰਹੀਆਂ ਹਨ ਤੇ 2004 ਵਾਲਾ ਕਾਨੂੰਨ ਭਾਵੇਂ ਪਿਛਲੇ ਸਮਝੌਤੇ ਖਤਮ ਕਰਨ ਦੀ ਗੱਲ ਕਰਦਾ ਹੈ ਪਰ ਇਸ ਦੀ ਧਾਰਾ 5 ਰਾਹੀਂ ਪਿਛਲੇ ਤਕਰੀਬਨ ਸਾਰੇ ਗੈਰਕਾਨੂੰਨੀ ਤੇ ਗੈਰਵਿਧਾਨਕ ਸਮਝੌਤੇ ਰੱਦ ਕਰਨ ਦੀ ਬਜਾਏ ਲਾਗੂ ਕਰ ਦਿੱਤੇ ਗਏ ਹਨ। ਹੁਣ ਪੰਜਾਬ ਦੇ ਪਾਣੀਆਂ ਬਾਰੇ ਹਰਿਆਣਾ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਕੁਝ ਮਤੇ ਪ੍ਰਵਾਣ ਕੀਤੇ ਹਨ ਤੇ ਮਸਲਾ ਇਕ ਵਾਰ ਫਿਰ ਚਰਚਾ ਵਿਚ ਹੈ। ਹਰਿਆਣਾ ਦੇ ਇਸ ਕਦਮ ਦੀ ਕਾਨੂੰਨੀ, ਵਿਧਾਨਕ ਤੇ ਨੈਤਿਕ ਪੜਚੋਲ ਕਰਦੀ ਨੌਜਵਾਨ ਪੱਤਰਕਾਰ ਤੇ ਲੇਖਕ ਸ੍ਰ. ਸੁਰਜੀਤ ਸਿੰਘ ਗੋਪੀਪੁਰ ਇੱਕ ਲਿਖਤ 24 ਮਾਰਚ, 2011 ਦੇ ਰੋਜਾਨਾ ਅਜੀਤ ਵਿਚ ਛਪੀ ਹੈ, ਜਿਸ ਨੂੰ ਅਸੀਂ ਇਥੇ ਪਾਠਕਾਂ ਨਾਲ ਸਾਂਝਾ ਕਰਨ ਦੀ ਖੁਸ਼ੀ ਲੈ ਰਹੇ ਹਾਂ: ਸੰਪਾਦਕ।)

– ਸੁਰਜੀਤ ਸਿੰਘ ਗੋਪੀਪੁਰ

ਪਿਛਲੇ ਦਿਨੀਂ ਹਰਿਆਣਾ ਵਿਧਾਨ ਸਭਾ ਵੱਲੋਂ ਹਾਂਸੀ-ਬੁਟਾਣਾ ਨਹਿਰ ਤੇ ਸਤਲੁਜ-ਜਮਨਾ ਲਿੰਕ ਨਹਿਰ ਬਾਰੇ ਪ੍ਰਵਾਨ ਕੀਤੇ ਮਤਿਆਂ ਨਾਲ ਇਕ ਵਾਰ ਫਿਰ ਪੰਜਾਬ ਦੇ ਦਰਿਆਈ ਪਾਣੀਆਂ ਦੀ ਵੰਡ ਦਾ ਬੇਹੱਦ ਗੰਭੀਰ ਤੇ ਅਹਿਮ ਮੁੱਦਾ ਭਖ ਉਠਿਆ ਹੈ। ਪਹਿਲੇ ਮਤੇ ਤਹਿਤ ਹਰਿਆਣਾ ਦੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਭਾਖੜਾ ਨਹਿਰ ’ਚੋਂ ਸਮਾਣੇ ਨੇੜਿਉਂ ਕੱਢੀ ਗਈ ਹਾਂਸੀ-ਬੁਟਾਣਾ ਲਿੰਕ ਨਹਿਰ ਨੂੰ ਰਾਜ ਦੀ ਜੀਵਨ ਰੇਖਾ ਕਰਾਰ ਦਿੱਤਾ ਹੈ ਤੇ ਇਸ ਨੂੰ ਚਾਲੂ ਕਰਨ ਦਾ ਸੰਕਲਪ ਲਿਆ ਹੈ। ਇਹ ਲਿੰਕ ਨਹਿਰ ਹਰਿਆਣਾ ਦੇ 18 ਜ਼ਿਲ੍ਹਿਆਂ ਨੂੰ ਪਾਣੀ ਮੁਹੱਈਆ ਕਰਾਏਗੀ। ਦੂਜੇ ਮਤੇ ਵਿਚ ਸਤਲੁਜ-ਜਮਨਾ ਲਿੰਕ ਨਹਿਰ ਨੂੰ ਹਰਿਆਣੇ ਦੇ ਰਾਵੀ-ਬਿਆਸ ਪਾਣੀ ਵੰਡ ਵਿਚੋਂ ਬਣਦੇ ‘ਹਿੱਸੇ’ ਲਈ ਫ਼ੈਸਲਾਕੁੰਨ ਕੜੀ ਮੰਨਿਆ ਗਿਆ ਹੈ ਤੇ ਪੰਜਾਬ ਵਿਧਾਨ ਸਭਾ ਦੁਆਰਾ 2004 ਵਿਚ ਪਾਸ ਕੀਤੇ ‘ਪੰਜਾਬ ਸਮਝੌਤਿਆਂ ਦਾ ਖ਼ਾਤਮਾ ਕਾਨੂੰਨ’ ਨੂੰ ‘ਬੇਅਰਥ’ ਤੇ ‘ਗ਼ੈਰ ਸੰਵਿਧਾਨਕ’ ਗਰਦਾਨਿਆ ਹੈ, ਜਿਸ ਨੇ ਉਕਤ ਨਹਿਰ ਦੀ ਮੁਕੰਮਲ ਉਸਾਰੀ ’ਤੇ ਵਕਤੀ ਤੌਰ ’ਤੇ ਰੋਕ ਲਾ ਦਿੱਤੀ ਸੀ। ਇਹ ਤਾਂ ਸਪੱਸ਼ਟ ਹੀ ਹੈ ਕਿ ਇਨ੍ਹਾਂ ਮਤਿਆਂ ਦਾ ਨਾ ਤਾਂ ਪੰਜਾਬ ’ਤੇ ਕੋਈ ਅਸਰ ਪੈਂਦਾ ਹੈ, ਨਾ ਹੀ ਇਨ੍ਹਾਂ ਦੀ ਕੋਈ ਬਹੁਤੀ ਅਹਿਮੀਅਤ ਹੈ ਕਿਉਂਕਿ ਇਹ ਸਿਰਫ਼ ਮਤੇ ਹੀ ਹਨ, ਨਾ ਕਿ ਕਾਨੂੰਨ। ਅਸਲ ਸਵਾਲ ਇਹ ਹੈ ਕਿ ਕੀ ਹਰਿਆਣਾ ਵਿਧਾਨ ਸਭਾ ਪੰਜਾਬ ਦੇ ਪਾਣੀਆਂ ਦੇ ਸਬੰਧ ’ਚ ਕਿਸੇ ਤਰ੍ਹਾਂ ਦਾ ਫ਼ੈਸਲਾ ਲੈ ਸਕਦੀ ਹੈ? ਕੀ ਉਸ ਨੂੰ ਅਜਿਹੇ ਮਤਿਆਂ ਨੂੰ ਪਾਸ ਕਰਨ ਦਾ ਨੈਤਿਕ ਹੱਕ ਹੈ? ਕੀ ਉਹ ਇਸ ਸਬੰਧੀ ਕੋਈ ਕਾਨੂੰਨ ਬਣਾ ਸਕਦੀ ਹੈ? ਕੀ ਭਾਰਤ ਦਾ ਸੰਵਿਧਾਨ ਉਸ ਨੂੰ ਅਜਿਹੀ ਸਰਗਰਮੀ ਚਲਾਉਣ ਦਾ ਅਧਿਕਾਰ ਦਿੰਦਾ ਹੈ?

ਅਜਿਹੇ ਸਵਾਲਾਂ ਦਾ ਜਵਾਬ ਸੰਵਿਧਾਨ ਸਾਨੂੰ ਆਸਾਨੀ ਨਾਲ ਦੇ ਦਿੰਦਾ ਹੈ। ਪਹਿਲੀ ਗੱਲ, ਪੰਜਾਬ ਦੇ ਰਾਵੀ, ਬਿਆਸ ਤੇ ਸਤਲੁਜ ਦਰਿਆ ਪੰਜਾਬ, ਹਰਿਆਣਾ ਜਾਂ ਰਾਜਸਥਾਨ ਦੇ ਮਾਮਲੇ ’ਚ ਅੰਤਰ-ਸੂਬਾਈ ਨਹੀਂ ਹਨ। ਅਜਿਹੀ ਸਥਿਤੀ ਵਿਚ ਸੰਵਿਧਾਨ ਮੁਤਾਬਿਕ ਦਰਿਆਈ ਪਾਣੀਆਂ ’ਤੇ ਪੂਰਨ ਅਧਿਕਾਰ ਰਾਜਾਂ ਦਾ ਹੀ ਹੈ ਤੇ ਇਸ ਸਬੰਧੀ ਫ਼ੈਸਲਾ ਉਹੀ ਰਾਜ ਕਰ ਸਕਦਾ ਹੈ ਜਿਸ ਵਿਚੋਂ ਦਰਿਆ ਗੁਜ਼ਰਦੇ ਹੋਣ। ਕੇਂਦਰ ਇਸ ਸਬੰਧੀ ਕਿਸੇ ਤਰ੍ਹਾਂ ਦਾ ਕਾਨੂੰਨ ਨਹੀਂ ਬਣਾ ਸਕਦਾ ਜਾਂ ਦਖ਼ਲ ਨਹੀਂ ਦੇ ਸਕਦਾ ਹੈ। ਸੰਵਿਧਾਨ ਦੀ ਰਾਜ ਸੂਚੀ ਦੀ 17ਵੀਂ ਮੱਦ ਤਹਿਤ ਪਾਣੀ, ਪਾਣੀ ਦੀ ਸਪਲਾਈ, ਸਿੰਜਾਈ, ਭੰਡਾਰਨ, ਨਿਕਾਸ ਅਤੇ ਪਾਣੀ ਤੋਂ ਪੈਦਾ ਹੋਣ ਵਾਲੀ ਬਿਜਲੀ ਸੂਬਿਆਂ ਦੇ ਅਖ਼ਤਿਆਰ ਵਿਚ ਆਉਂਦੀ ਹੈ। ਕਿਉਂਕਿ ਸਤਲੁਜ, ਰਾਵੀ ਤੇ ਬਿਆਸ ਪੰਜਾਬ ਵਿਚੋਂ ਹੀ ਲੰਘਦੇ ਹਨ, ਇਸ ਲਈ ਪੰਜਾਬ ਹੀ ਇਨ੍ਹਾਂ ਦੇ ਪਾਣੀਆਂ ਸਬੰਧੀ ਕੋਈ ਫ਼ੈਸਲਾ ਲੈ ਸਕਦਾ ਹੈ ਜਾਂ ਕਾਨੂੰਨ ਬਣਾ ਸਕਦਾ ਹੈ।

ਇਸ ਤੋਂ ਇਲਾਵਾ ਸੰਵਿਧਾਨ ਤੇ ਇਸ ਤਹਿਤ ਬਣਾਏ ਗਏ ਕਾਨੂੰਨ ਦਰਿਆਈ ਪਾਣੀਆਂ ਦੀ ਵੰਡ ਸਬੰਧੀ ਕੌਮਾਂਤਰੀ ਨਿਯਮਾਂ ਜਿਵੇਂ ਰਿਪੇਰੀਅਨ ਸਿਧਾਂਤ ਅਤੇ ਨਦੀ ਖੇਤਰ ਸੰਕਲਪ ਨੂੰ ਮੰਨਦੇ ਹਨ। ਭਾਰਤ ਵਿਚ ਨਰਮਦਾ ਨਦੀ ਜਲ ਵਿਵਾਦ, ਕ੍ਰਿਸ਼ਨਾ ਨਦੀ ਦਾ ਵਿਵਾਦ ਤੇ ਕਾਵੇਰੀ ਜਲ ਵਿਵਾਦ ਰਿਪੇਰੀਅਨ ਕਾਨੂੰਨ ਮੁਤਾਬਿਕ ਹੀ ਹੱਲ ਕੀਤੇ ਗਏ ਸਨ। ਰਿਪੇਰੀਅਨ ਸਿਧਾਂਤ ਇਹ ਕਹਿੰਦਾ ਹੈ ਕਿ ਕਿਸੇ ਵੀ ਦਰਿਆ ਦੇ ਪਾਣੀ ਨੂੰ ਵਰਤਣ ਦਾ ਹੱਕ ਉਨ੍ਹਾਂ ਲੋਕਾਂ ਨੂੰ ਹੈ ਜੋ ਇਸ ਦੇ ਕੰਢੇ ’ਤੇ ਵਸਦੇ ਹਨ ਜਾਂ ਨੇੜੇ ਰਹਿੰਦੇ ਹਨ। ਇਸ ਸਿਧਾਂਤ ਅਨੁਸਾਰ ਪੰਜਾਬ, ਸਤਲੁਜ, ਰਾਵੀ ਤੇ ਬਿਆਸ ਦਰਿਆਵਾਂ ਦਾ ਰਿਪੇਰੀਅਨ ਸੂਬਾ ਹੈ ਤੇ ਹਰਿਆਣਾ ਜਾਂ ਰਾਜਸਥਾਨ ਗ਼ੈਰ-ਰਿਪੇਰੀਅਨ ਸੂਬੇ ਹਨ। ਗ਼ੈਰ-ਰਿਪੇਰੀਅਨ ਸੂਬੇ ਹੋਣ ਕਰਕੇ ਹਰਿਆਣਾ ਤੇ ਰਾਜਸਥਾਨ ਰਾਜਾਂ ਨੂੰ ਪੰਜਾਬ ਦੇ ਪਾਣੀਆਂ ’ਤੇ ਹੱਕ ਜਤਾਉਣ ਦਾ ਕੋਈ ਅਧਿਕਾਰ ਨਹੀਂ ਹੈ। ਜੇ ਨਦੀ ਖੇਤਰ ਸੰਕਲਪ ਨੂੰ ਵਿਚਾਰੀਏ ਤਾਂ ਇਸ ਅਨੁਸਾਰ ਇਕ ਨਦੀ ਖੇਤਰ ਦਾ ਪਾਣੀ ਦੂਜੇ ਨਦੀ ਖੇਤਰ ਵਿਚ ਬਣਾਵਟੀ ਤਰੀਕੇ ਨਾਲ ਨਹੀਂ ਲਿਜਾਇਆ ਜਾ ਸਕਦਾ। ਪੰਜਾਬ ਸਿੰਧ ਨਦੀ ਖੇਤਰ ਵਿਚ ਪੈਂਦਾ ਹੈ ਜਿਸ ਦੇ ਸਾਰੇ ਨਦੀਆਂ-ਨਾਲਿਆਂ ਦਾ ਨਿਕਾਸ ਅਰਬ ਸਾਗਰ ਵਿਚ ਹੁੰਦਾ ਹੈ, ਜਦੋਂ ਕਿ ਹਰਿਆਣਾ ਗੰਗ ਨਦੀ ਖੇਤਰ ’ਚ ਆਉਂਦਾ ਹੈ ਜਿਸ ਦੇ ਪਾਣੀ ਦਾ ਨਿਕਾਸ ਬੰਗਾਲ ਦੀ ਖਾੜੀ ਵਿਚ ਹੁੰਦਾ ਹੈ। ਇਸ ਅਨੁਸਾਰ ਵੀ ਹਰਿਆਣੇ ਦਾ ਪੰਜਾਬ ਦੇ ਪਾਣੀਆਂ ’ਤੇ ਦਾਅਵਾ ਅਰਥਹੀਣ ਹੋ ਜਾਂਦਾ ਹੈ।

ਇਥੇ ਹਰਿਆਣਾ ਵੱਲੋਂ ਪੰਜਾਬ ਤੋਂ ਦਰਿਆਈ ਪਾਣੀਆਂ ਦੀ ਮੰਗ ਕਰਨ ਲਈ ਜੋ ਆਧਾਰ ਘੜੇ ਗਏ ਹਨ, ਉਨ੍ਹਾਂ ਦਾ ਜ਼ਿਕਰ ਤੇ ਵਿਸ਼ਲੇਸ਼ਣ ਕਰਨਾ ਵੀ ਬਣਦਾ ਹੈ। ਇਹ ਆਧਾਰ ਇਸ ਤਰ੍ਹਾਂ ਹਨ :

1. ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ 1966 ਵਿਚ ਹੋਈ ਵੰਡ ਅਨੁਸਾਰ ਪੰਜਾਬ ਅਤੇ ਹਰਿਆਣਾ ਵਿਚਕਾਰ ਜ਼ਮੀਨ 60:40 ਵਿਚ ਵੰਡੀ ਗਈ ਹੈ। ਇਸ ਲਈ ਪੰਜਾਬ ਦੇ ਦਰਿਆਈ ਪਾਣੀਆਂ ਵਿਚੋਂ 40 ਫ਼ੀਸਦੀ ਪਾਣੀ ਹਰਿਆਣੇ ਨੂੰ ਮਿਲਣਾ ਚਾਹੀਦਾ ਹੈ।

2. ਕੇਂਦਰ ਸਰਕਾਰ ਨੇ 1960 ਵਿਚ ਸਿੰਧ ਪਾਣੀ ਸੰਧੀ ਰਾਹੀਂ 60 ਮਿਲੀਅਨ ਪੌਂਡ ਸਟਰਲਿੰਗ ਦੇ ਕੇ ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਦਾ ਪਾਣੀ ਪਾਕਿਸਤਾਨ ਕੋਲੋਂ ਖਰੀਦਿਆ ਹੈ। ਇਸ ਲਈ ਇਹ ਕੇਂਦਰ ਦੀ ਮਰਜ਼ੀ ਹੈ ਕਿ ਉਹ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਜਿਥੇ ਚਾਹੇ, ਉਥੇ ਵਰਤੇ।

3. ਇਨ੍ਹਾਂ ਦਰਿਆਵਾਂ ਦਾ ਵਾਧੂ ਪਾਣੀ ਪਾਕਿਸਤਾਨ ਨੂੰ ਅਜਾਈਂ ਜਾ ਰਿਹਾ ਹੈ। ਇਸ ਲਈ ਪਾਕਿਸਤਾਨ ਨੂੰ ਜਾ ਰਿਹਾ ਵਾਧੂ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਦਿੱਤਾ ਜਾਣਾ ਚਾਹੀਦਾ ਹੈ।

4. ਪੰਜਾਬ ਕੋਲ ਆਪਣੀ ਲੋੜ ਤੋਂ ਕਿਤੇ ਜ਼ਿਆਦਾ ਪਾਣੀ ਹੈ। ਇਸ ਲਈ ਇਹ ਵਾਧੂ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਦਿੱਤਾ ਜਾਵੇ, ਤਾਂ ਕਿ ਉਹ ਆਪਣੇ ਖੁਸ਼ਕ ਇਲਾਕਿਆਂ ਨੂੰ ਸਿੰਜ ਸਕਣ। ਹਰਿਆਣਾ ਦੇ ਇਸ ਦਾਅਵੇ ਵਿਚ ਕੋਈ ਦਮ ਨਹੀਂ ਹੈ ਕਿ ਪਾਣੀ ਦੋ ਸੂਬਿਆਂ ਜਾਂ ਦੇਸ਼ਾਂ ਦਰਮਿਆਨ ਜ਼ਮੀਨ ਦੇ ਅਨੁਪਾਤ ਵਿਚ ਵੰਡੇ ਜਾਣੇ ਚਾਹੀਦੇ ਹਨ, ਸਗੋਂ ਪਾਣੀ ਵੰਡਣ ਲਈ ਪਹਿਲਾਂ ਜ਼ਿਕਰ ਕੀਤੇ ਆਲਮੀ ਪੱਧਰ ’ਤੇ ਰਿਪੇਰੀਅਨ ਨਿਯਮ ਪ੍ਰਵਾਨਿਤ ਹੈ। ਇਸ ਨਿਯਮ ਮੁਤਾਬਿਕ ਹਰਿਆਣੇ ਦਾ ਪੰਜਾਬ ਦੇ ਪਾਣੀਆਂ ’ਤੇ ਕੋਈ ਹੱਕ ਨਹੀਂ ਬਣਦਾ ਕਿਉਂਕਿ ਹਰਿਆਣਾ ਗ਼ੈਰ-ਰਿਪੇਰੀਅਨ ਸੂਬਾ ਹੈ। ਹਰਿਆਣਾ ਵੱਲੋਂ ਬਿਆਨਿਆ ਜਾਂਦਾ ਦੂਸਰਾ ਆਧਾਰ ਬਿਲਕੁਲ ਝੂਠ ਹੈ। ਸਿੰਧ ਜਲ ਸੰਧੀ ਅਧੀਨ ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਕੋਲੋਂ ਕੋਈ ਪਾਣੀ ਨਹੀਂ ਖਰੀਦਿਆ ਗਿਆ, ਸਗੋਂ ਸੰਸਾਰ ਬੈਂਕ ਨੇ ਪਾਕਿਸਤਾਨ ਨੂੰ ਨਹਿਰੀ ਪ੍ਰਬੰਧ ਠੀਕ ਕਰਨ ਵਿਚ ਮਦਦ ਕਰਨ ਲਈ ਇਕ ਵਿਸ਼ਵ ਪੱਧਰ ਦਾ ਫੰਡ (ਸਿੰਧ ਬੇਸਿਨ ਵਿਕਾਸ ਫੰਡ) ਕਾਇਮ ਕੀਤਾ ਸੀ। ਇਸ ਫੰਡ ਵਿਚ ਜਰਮਨੀ, ਆਸਟਰੀਆ, ਕੈਨੇਡਾ, ਇੰਗਲੈਂਡ, ਅਮਰੀਕਾ ਨਿਊਜ਼ੀਲੈਂਡ ਅਤੇ ਭਾਰਤ ਸਮੇਤ ਕਈ ਮੁਲਕਾਂ ਨੇ ਆਪਣਾ ਹਿੱਸਾ ਪਾਇਆ ਸੀ।

ਤੀਜਾ ਦਾਅਵਾ ਵੀ ਬਿਲਕੁਲ ਗ਼ਲਤ ਹੈ ਕਿ ਪੰਜਾਬ ਦੇ ਦਰਿਆਵਾਂ ਦਾ ਵਾਧੂ ਪਾਣੀ ਅਜਾਈਂ ਜਾ ਰਿਹਾ ਹੈ। ਮੰਥਨ ਅਧਿਐਨ ਕੇਂਦਰ ਬਦਵਾਨੀ (ਮੱਧ ਪ੍ਰਦੇਸ਼) ਦੀ ਖੋਜ ਰਿਪੋਰਟ ‘ਭਾਖੜਾ ਬੇਨਕਾਬ’ (Unrevealing Bhakhra)ਅਨੁਸਾਰ ਸਾਲ 2001-02 ਦੌਰਾਨ ਪੰਜਾਬ ਦੇ ਦਰਿਆਵਾਂ ਵਿਚ ਪਾਕਿਸਤਾਨ ਨੂੰ ਸਿਰਫ਼ 0.2 ਲੱਖ ਏਕੜ ਫੁੱਟ ਪਾਣੀ ਹੀ ਗਿਆ, ਜੋ ਕਿ ਬਿਲਕੁਲ ਨਾਮਾਤਰ ਹੈ। ਇਹ ਦਾਅਵਾ ਵੀ ਬਿਲਕੁਲ ਨਿਰਮੂਲ ਹੈ ਕਿ ਪੰਜਾਬ ਕੋਲ ਕੋਈ ਵਾਧੂ ਪਾਣੀ ਹੈ। ਪੰਜਾਬ ਨੂੰ ਘੱਟੋ-ਘੱਟ 450 ਲੱਖ ਏਕੜ ਫੁੱਟ ਸਾਲਾਨਾ ਪਾਣੀ ਦੀ ਜ਼ਰੂਰਤ ਹੈ ਜਦ ਕਿ ਪੰਜਾਬ ਆਪਣੇ ਦਰਿਆਵਾਂ ਵਿਚੋਂ ਸਿਰਫ਼ 150 ਲੱਖ ਏਕੜ ਫੁੱਟ ਪਾਣੀ ਵਰਤ ਰਿਹਾ ਹੈ। ਇਸ ਤਰ੍ਹਾਂ ਪੰਜਾਬ ਵਿਚ ਤਕਰੀਬਨ 300 ਲੱਖ ਏਕੜ ਫੁੱਟ ਪਾਣੀ ਦੀ ਕਮੀ ਹੈ। ਇਸ ਸਮੁੱਚੇ ਦ੍ਰਿਸ਼ ਨੂੰ ਧਿਆਨ ’ਚ ਰੱਖਦਿਆਂ ਹਾਂਸੀ-ਬੁਟਾਣਾ ਨਹਿਰ ਬਾਰੇ ਇਹ ਕਿਹਾ ਜਾ ਸਕਦਾ ਹੈ ਕਿ ਹਰਿਆਣਾ ਨੂੰ ਅਜਿਹੀ ਨਹਿਰ ਕੱਢਣ ਦਾ ਕੋਈ ਹੱਕ ਨਹੀਂ ਹੈ। ਦੂਜਾ ਤਕਨੀਕੀ ਤੌਰ ’ਤੇ ਵੀ ਇਹ ਨਹਿਰ ਨੁਕਸ-ਭਰਪੂਰ ਹੈ ਜਿਸ ਕਾਰਨ ਹੜ੍ਹਾਂ ਦੇ ਆਉਣ ਦਾ ਵੱਡਾ ਖ਼ਤਰਾ ਹੈ। ਜਿਥੋਂ ਤੱਕ ਸਤਲੁਜ-ਜਮਨਾ ਲਿੰਕ ਨਹਿਰ ਦਾ ਸਵਾਲ ਹੈ, ਇਸ ਸਬੰਧੀ ਨੋਟੀਫਿਕੇਸ਼ਨ 1976 ਵਿਚ ਮੌਕੇ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਵੱਲੋਂ ਜਾਰੀ ਕੀਤਾ ਗਿਆ ਸੀ ਤੇ ਇਸ ਦੇ ਜ਼ਰੀਏ ਹਰਿਆਣੇ ਨੂੰ 35 ਲੱਖ ਏਕੜ ਫੁੱਟ ਪਾਣੀ ਦੇਣ ਦਾ ਐਲਾਨ ਕੀਤਾ ਗਿਆ ਸੀ। 1978 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਨਹਿਰ ਦੀ ਉਸਾਰੀ ਕਰਨੀ ਮਨਜ਼ੂਰ ਕਰ ਲਈ ਸੀ ਪਰ ਬਾਅਦ ਵਿਚ ਪੰਜਾਬ ਤੇ ਹੋਰਨਾਂ ਆਗੂਆਂ ਦੇ ਦਬਾਅ ਅੱਗੇ ਝੁਕਦਿਆਂ ਉਨ੍ਹਾਂ ਨੇ ਇਹ ਉਸਾਰੀ ਕਰਵਾਉਣ ਤੋਂ ਨਾਂਹ ਕਰ ਦਿੱਤੀ। ਬਾਅਦ ’ਚ ਧਰਮ ਯੁੱਧ ਮੋਰਚੇ ਤੇ ਖਾੜਕੂ ਲਹਿਰ ਦੇ ਜ਼ੋਰ ਕਾਰਨ ਇਹ ਉਸਾਰੀ ਰੁਕੀ ਰਹੀ। ਹਰਿਆਣਾ ਨੇ ਨਹਿਰ ਦੀ ਪੁਨਰ ਉਸਾਰੀ ਲਈ ਸੁਪਰੀਮ ਕੋਰਟ ਵਿਚ ਇਕ ਅਰਜ਼ੀ ਦਾਖ਼ਲ ਕੀਤੀ ਜਿਸ ’ਤੇ ਸੁਣਵਾਈ ਕਰਦਿਆਂ 4 ਜੂਨ, 2004 ਨੂੰ ਇਸ ਅਦਾਲਤ ਨੇ ਪੰਜਾਬ ਨੂੰ 14 ਜੁਲਾਈ 2004 ਤੱਕ ਨਹਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਅਤੇ ਨਾਲ ਹੀ ਇਹ ਕਹਿ ਦਿੱਤਾ ਕਿ ਜੇਕਰ ਪੰਜਾਬ ਮਿੱਥੀ ਤਰੀਕ ਤੱਕ ਨਹਿਰ ਦੀ ਉਸਾਰੀ ਨਹੀਂ ਕਰਦਾ ਤਾਂ ਕੇਂਦਰ ਸਰਕਾਰ ਇਹ ਕੰਮ ਆਪਣੀ ਕਿਸੇ ਏਜੰਸੀ ਕੋਲੋਂ ਪੂਰਾ ਕਰਾਏ। ਇਸ ਦੌਰਾਨ 12 ਜੁਲਾਈ, 2004 ਨੂੰ ਪੰਜਾਬ ਦੀ ਵਿਧਾਨ ਸਭਾ ਨੇ ‘ਪੰਜਾਬ ਸਮਝੌਤਿਆਂ ਦਾ ਖ਼ਾਤਮਾ ਕਾਨੂੰਨ-2004’ ਬਣਾਇਆ। ਇਸ ਕਾਨੂੰਨ ਤਹਿਤ ਪੰਜਾਬ ਨੇ ਦਰਿਆਈ ਪਾਣੀਆਂ ਦੀ ਵੰਡ ਸਬੰਧੀ ਪਿਛਲੇ ਸਾਰੇ ਕਥਿਤ ਸਮਝੌਤੇ, ਸਮੇਤ ਰਾਜੀਵ-ਲੌਂਗੋਵਾਲ ਦੇ, ਰੱਦ ਕਰ ਦਿੱਤੇ ਗਏ। (ਭਾਵੇਂ ਇਸ ਵਿਚ ਪੰਜਾਬ ਦੇ ਹਿਤਾਂ ਦੇ ਵੱਡੇ ਰੂਪ ’ਚ ਖਿਲਾਫ਼ ਜਾਂਦੀ ਧਾਰਾ 5 ਸ਼ਾਮਿਲ ਕਰ ਦਿੱਤੀ ਗਈ ਜਿਸ ਤਹਿਤ ਇਹ ਵਿਵਸਥਾ ਕਰ ਦਿੱਤੀ ਗਈ ਕਿ ਜਿਹੜਾ ਪਹਿਲਾਂ ਗੁਆਂਢੀ ਰਾਜਾਂ ਨੂੰ ਪਾਣੀ ਜਾਂਦਾ ਹੈ, ਉਹ ਜਾਂਦਾ ਰਹੇਗਾ। ਖੈਰ, ਇਸ ਸਬੰਧੀ ਵਿਸਥਾਰ ਨਾਲ ਜ਼ਿਕਰ ਇਕ ਵੱਖਰੇ ਲੇਖ ’ਚ ਹੀ ਹੋ ਸਕਦਾ ਹੈ) ਇਸ ਤਰ੍ਹਾਂ ਵਕਤੀ ਤੌਰ ’ਤੇ ਨਹਿਰ ਦੀ ਉਸਾਰੀ ਰੁਕ ਗਈ। ਉਦੋਂ ਹਰਿਆਣਾ ਤੇ ਰਾਜਸਥਾਨ ਪੰਜਾਬ ਦੇ ਇਸ ਕਦਮ ਤੋਂ ਕਾਫੀ ਅੱਗ ਬਬੂਲੇ ਹੋ ਉਠੇ ਸਨ ਤੇ ਉਨ੍ਹਾਂ ਨੇ ਇਸ ਕਾਨੂੰਨ ਦੀ ਕਰੜੀ ਵਿਰੋਧਤਾ ਕੀਤੀ ਸੀ, ਜਦੋਂ ਕਿ ਪੰਜਾਬ ਵਿਧਾਨ ਸਭਾ ਨੂੰ ਅਜਿਹਾ ਕਰਨ ਦਾ ਸੰਵਿਧਾਨਕ ਹੱਕ ਹੈ। ਪਰ ਉਲਟਾ ਹਰਿਆਣਾ ਦੇ ਨੁਮਾਇੰਦੇ ਪੰਜਾਬ ਦੇ ਨੁਮਾਇੰਦਿਆਂ ਦੇ ਇਸ ਕਦਮ ਨੂੰ ‘ਬੇਅਰਥ’ ਤੇ ‘ਗ਼ੈਰ-ਸੰਵਿਧਾਨਕ’ ਗਰਦਾਨ ਰਹੇ ਹਨ। ਹਰਿਆਣਾ ਸਰਕਾਰ ਨੇ ਕਿਸ ਆਧਾਰ ’ਤੇ ਅਜਿਹਾ ਕਦਮ ਚੁੱਕਿਆ, ਸਾਰਿਆਂ ਦੀ ਸਮਝ ਤੋਂ ਬਾਹਰ ਹੈ।

ਅਜਿਹੇ ਤੱਥਾਂ ਤੋਂ ਇਹ ਗੱਲ ਸਪੱਸ਼ਟ ਤੌਰ ’ਤੇ ਉ¤ਭਰਦੀ ਹੈ ਕਿ ਦੇਸ਼ ਦਾ ਸੰਵਿਧਾਨ ਹਰਿਆਣਾ ਜਾਂ ਰਾਜਸਥਾਨ ਨੂੰ ਪੰਜਾਬ ਦੇ ਪਾਣੀਆਂ ਸਬੰਧੀ ਫ਼ੈਸਲੇ ਲੈਣ ’ਤੇ ਹੱਕ ਜਤਾਉਣ ਦੀ ਬਿਲਕੁਲ ਵੀ ਇਜਾਜ਼ਤ ਨਹੀਂ ਦਿੰਦਾ ਪਰ ਪੰਜਾਬ ਨਾਲ ਸਦਾ ਹੀ ਧੱਕੇ ਕਰਦੀ ਰਹੀ ਕੇਂਦਰ ਸਰਕਾਰ ਦੀ ਮਿਹਰਬਾਨੀ ਨਾਲ ਇਹ ਰਾਜ ਪੰਜਾਬ ਦੇ ਪਾਣੀਆਂ ਨੂੰ ਸ਼ਰੇਆਮ ਲੁੱਟ ਰਹੇ ਹਨ। ਪੰਜਾਬ ਵਿਚ ਪਹਿਲਾਂ ਹੀ ਪਾਣੀ ਦਾ ਗੰਭੀਰ ਸੰਕਟ ਹੈ, ਇਸ ਲਈ ਜੇਕਰ ਹਾਂਸੀ-ਬੁਟਾਣਾ ਨਹਿਰ ਜਾਂ ਐਸ. ਵਾਈ. ਐਲ. ਨਹਿਰ ਚਾਲੂ ਹੋ ਜਾਵੇਗੀ ਤਾਂ ਪੰਜਾਬ ਆਉਂਦੇ ਸਾਲਾਂ ’ਚ ਛੇਤੀ ਹੀ ਮਾਰੂਥਲ ਬਣ ਜਾਵੇਗਾ। ਇਸ ਦੇ ਮੱਦੇਨਜ਼ਰ ਜ਼ਰੂਰੀ ਹੈ ਕਿ ਪੰਜਾਬ ਦੇ ਸਾਰੇ ਸੱਤਾਧਾਰੀ ਸਿਆਸਤਦਾਨ ਆਪਣੇ ਸਿਆਸੀ ਮੁਫ਼ਾਦ ਛੱਡ ਕੇ ਕੁਰਬਾਨੀ ਦੀ ਭਾਵਨਾ ਮਨ ’ਚ ਰੱਖ ਕੇ ਵਿਧਾਨ ਸਭਾ ’ਚ ਅਜਿਹਾ ਕਾਨੂੰਨ ਬਣਾਉਣ ਜੋ ਇਸ ਪੱਖੋਂ ਸੂਬੇ ਦੇ ਹਿਤਾਂ ਨੂੰ ਕਾਇਮ ਰੱਖ ਸਕੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,