ਸਿੱਖ ਖਬਰਾਂ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਪੰਜ ਹੋਰ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਦਿੱਤੇ ਅਸਤੀਫੇ

October 19, 2015 | By

ਚੰਡੀਗੜ੍ਹ (18 ਅਕਤੂਬਰ, 2015: ਫਰੀਦਕੋਟ ਦੇ ਪਿੰਡ ਬਰਗਾੜੀ ਅਤੇ ਉਸਤੋਂ ਬਾਅਦ ਪੰਜਾਬ ਭਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਹੋ ਰਹੀ ਬੇਅਦਬੀ ਅਤੇ ਸਿੱਖ ਸੰਗਤ ‘ਤੇ ਪੰਜਾਬ ਪੁਲਿਸ ਵੱਲੋਂ ਸ਼ਾਂਤਮਈ ਸਿੱਖ ਸੰਗਤਾਂ ‘ਤੇ ਗੋਲੀਬਾਰੀ ਕਰਕੇ ਦੋ ਸਿੰਘਾਂ ਨੂੰ ਸ਼ਹੌਦ ਕਰਨ ਦੇ ਰੋਸ ਵਜੋਂ ਅੱਜ ਪੰਜ ਹੋਰ ਸ਼੍ਰੋਮਣੀ ਕਮੇਟੀ ਦੇ ਮੇਂਬਰਾਂ ਨੇ ਅਸਤੀਫੇ ਦੇ ਦਿੱਤੇ ਹਨ।

ਅਸਤੀਫਾ ਦੇਣ ਵਾਲੇ ਮੈਂਬਰ

ਅਸਤੀਫਾ ਦੇਣ ਵਾਲੇ ਮੈਂਬਰ

ਅੱਜ ਅਸਤੀਫ਼ੇ ਦੇਣ ਵਾਲੇ ਸ਼੍ਰੋਮਣੀ ਕਮੇਟੀ ਮੈਂਬਰਾਂ ‘ਚ ਬੁਢਲਾਡਾ ਹਲਕੇ ਤੋਂ ਮੈਂਬਰ ਬਾਬਾ ਸੁਖਚੈਨ ਸਿੰਘ ਧਰਮਪੁਰਾ, ਤੇ ਮਾਨਸਾ ਤੋਂ ਬਾਬਾ ਬੂਟਾ ਸਿੰਘ ਗੁੜਥੜੀ ਵਾਲੇ, ਲੁਧਿਆਣਾ ਪੱਛਮੀ ਦੋਹਰੇ ਹਲਕੇ ਤੋਂ ਬੀਬੀ ਰਜਿੰਦਰ ਕੌਰ, ਫਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵੇ ਵਾਲੇ ਤੇ ਉੱਤਰ ਪ੍ਰਦੇਸ਼ ਤੋਂ ਨਾਮਜ਼ਦ ਮੈਂਬਰ ਚਰਨਜੀਤ ਸਿੰਘ ਜੱਸੋਵਾਲ ਸ਼ਾਮਿਲ ਹਨ ।

‘ਅਜੀਤ’ਪੰਜਾਬੀ ਅਖਬਾਰ ਵਿੱਚ ਨਸ਼ਰ ਖਬਰ ਅਨੁਸਾਰ ਦੋਵੇਂ ਆਗੂਆਂ ਨੇ ਕਿਹਾ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਲਗਾਤਾਰ ਹੋ ਰਹੀਆਂ ਘਟਨਾਵਾਂ ਤੋਂ ਦੁਖੀ ਤੇ ਉਦਾਸ ਹਨ, ਜਿਸ ਕਰ ਕੇ ਨੈਤਿਕਤਾ ਦੇ ਆਧਾਰ ‘ਤੇ ਅਸਤੀਫ਼ਾ ਦੇਣਾ ਮੁੱਢਲਾ ਫ਼ਰਜ਼ ਸਮਝਦੇ ਹਨ ਕਿਉਂਕਿ ਪੰਥ ਤੇ ਗੁਰੂ ਗ੍ਰੰਥ ਸਾਹਿਬ ਦੇ ਸਾਹਮਣੇ ਉਨ੍ਹਾਂ ਦੀ ਮੈਂਬਰੀ ਕੋਈ ਮਾਅਨੇ ਨਹੀਂ ਰੱਖਦੀ ।

ਉਨ੍ਹਾਂ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਸ਼ਬਦ ਗੁਰੂ ਦੀ ਬੇਅਦਬੀ ਨੂੰ ਰੋਕਣ ‘ਚ ਅਵੇਸਲੇ ਰਹੇ ਹਾਂ । ਦੋਵੇਂ ਆਗੂਆਂ ਨੇ ਕਿਹਾ ਕਿ ਉਹ ਸਿੱਖੀ ਦੀ ਪ੍ਰਫੁੱਲਤਾ ਲਈ ਧਰਮ ਪ੍ਰਚਾਰ ਦਿਨ ਰਾਤ ਕਰਦੇ ਰਹਿਣਗੇ । ਉਨ੍ਹਾਂ ਆਪਣੇ ਅਸਤੀਫ਼ੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਭੇਜ ਰਹੇ ਹਨ ।

ਇਸੇ ਤਰ੍ਹਾਂ ਬੀਬੀ ਰਜਿੰਦਰ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਆਪਣਾ ਅਸਤੀਫਾ ਦੇ ਦਿੱਤਾ ਹੈ । ਬੀਬੀ ਰਜਿੰਦਰ ਕੌਰ ਸ਼ਹਿਰ ਦੀ ਪ੍ਰਮੁੱਖ ਧਾਰਮਿਕ ਸੰਸਥਾ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਪ੍ਰਧਾਨ ਸ: ਪਿ੍ਤਪਾਲ ਸਿੰਘ ਦੀ ਧਰਮ ਪਤਨੀ ਹਨ, ਜੋ ਪਿਛਲੀ ਸ਼੍ਰੋਮਣੀ ਕਮੇਟੀ ਦੀ ਚੌਣ ਸਮੇਂ ਹਲਕਾ ਪੱਛਮੀ ਦੋਹਰੇ ਹਲਕੇ ਤੋਂ ਚੋਣ ਜਿੱਤੇ ਸਨ ।

ਅਸਤੀਫਾ ਦੇਣ ਵਾਲੇ ਮੈਂਬਰ

ਅਸਤੀਫਾ ਦੇਣ ਵਾਲੇ ਮੈਂਬਰ

ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਤੋਂ ਨਾਮਜ਼ਦ ਕੀਤੇ ਗਏ ਸ਼੍ਰੋਮਣੀ ਕਮੇਟੀ ਮੈਂਬਰ ਸੰਤ ਚਰਨਜੀਤ ਸਿੰਘ ਜੱਸੋਵਾਲ ਮੁਖੀ ਭਾਈ ਇੰਟਰਨੈਸ਼ਨਲ ਸੰਤ ਸਮਾਜ ਨੇ ਰੋਸ ਵਜੋਂ ਆਪਣੇ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ । ਸੰਤ ਚਰਨਜੀਤ ਸਿੰਘ ਜੱਸੋਵਾਲ ਨੇ ਪ੍ਰੈੱਸ ਬਿਆਨ ਰਾਹੀਂ ਕੋਟਕਪੁਰਾ ਦੇ ਪਿੰਡ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵਜੋਂ ਨੈਤਿਕਤਾ ਦੇ ਆਧਾਰ ‘ਤੇ ਅਸਤੀਫਾ ਦੇਣ ਦਾ ਐਲਾਨ ਕਰਦਿਆਂ ਕਿ ਇਕ ਸਿੱਖ ਵਾਸਤੇ ਗੁਰੂ ਤੋਂ ਉੁੱਪਰ ਕੋਈ ਵੀ ਅਹੁਦਾ ਜਾਂ ਪਦਵੀ ਨਹੀਂ ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਰੋਸ ਵਜੋਂ ਫਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵੇ ਵਾਲਿਆਂ ਵੱਲੋਂ ਵੀ ਅੱਜ ਸ਼੍ਰੋਮਣੀ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ । ਬਾਬਾ ਗੁਰਪ੍ਰੀਤ ਸਿੰਘ, ਸੰਤ ਹਰੀ ਸਿੰਘ ਰੰਧਾਵੇ ਵਾਲਿਆਂ ਦੇ ਸਪੁੱਤਰ ਹਨ । ਉਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ ਸੰਤ ਸਮਾਜ ਦੇ ਬੁਲਾਰੇ, ਮੀਡੀਆ ਸਲਾਹਕਾਰ ਸਮੇਤ ਹੋਰ ਅਹੁਦਿਆਂ ਤੋਂ ਵੀ ਅਸਤੀਫ਼ਾ ਦਿੱਤਾ ਗਿਆ ।

ਸੰਤ ਸਮਾਜ ਤੋਂ ਦਿੱਤੇ ਅਸਤੀਫ਼ੇ ਬਾਰੇ ਉਨ੍ਹਾਂ ਕਿਹਾ ਕਿ ਸੰਤ ਸਮਾਜ ਦੇ ਅਹੁਦੇਦਾਰ ਸੰਤ ਸੁਖਚੈਨ ਸਿੰਘ ਨੇ ਪਿਛਲੇ ਦਿਨੀਂ ਸੰਤ-ਸਮਾਜ ਦੇ ਲੈਟਰਪੈਡ ਹੇਠ ਸ਼੍ਰੋਮਣੀ ਕਮੇਟੀ ਨੂੰ ਲਿਖਿਆ ਸੀ ਕਿ ਉਹ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਵਾਲੇ ਮਸਲੇ ਦੇ ਹੱਲ ਲਈ ਕਮੇਟੀ ਬਣਾਉਣ ਦੀ ਤਜਵੀਜ਼ ਦੀ ਹਮਾਇਤ ਕਰਦੇ ਹਨ, ਜਿਸ ਕਾਰਨ ਸਮੁੱਚੇ ਸੰਤ ਸਮਾਜ ਦਾ ਅਕਸ ਖ਼ਰਾਬ ਹੋਇਆ ਹੈ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,