ਸਿਆਸੀ ਖਬਰਾਂ » ਸਿੱਖ ਖਬਰਾਂ

ਵਿਰੋਧ ਕਾਰਨ ਗੁਰਬਚਨ ਸਿੰਘ ਦੀ ਥਾਂ ਗਿਆਨੀ ਜਗਤਾਰ ਸਿੰਘ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਿਰੋਪੇ ਦਿੱਤੇ

November 1, 2016 | By

ਅੰਮ੍ਰਿਤਸਰ: ਸਿੱਖ ਜਥੇਬੰਦੀਆਂ ਵੱਲੋਂ ਦਿੱਤੀ ਚੇਤਾਵਨੀ ਕਾਰਨ ਦਰਬਾਰ ਸਾਹਿਬ ਸਮੂਹ ਵਿੱਚ ਬੇਅੰਤ ਸਿੰਘ ਦੀ ਯਾਦ ਵਿੱਚ ਕਰਵਾਏ ਸ਼ਹੀਦੀ ਸਮਾਗਮ ਦੌਰਾਨ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੰਬੋਧਨ ਨਹੀਂ ਕੀਤਾ ਤੇ ਸਮੁੱਚੀ ਕਾਰਵਾਈ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਵੱਲੋਂ ਸਿਰੇ ਚੜ੍ਹਾਈ ਗਈ। ਸਿੱਖ ਜਥੇਬੰਦੀਆਂ ਨੇ ਐਲਾਨ ਕੀਤਾ ਸੀ ਕਿ ਜੇਕਰ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੰਬੋਧਨ ਕੀਤਾ ਜਾਂ ਸ਼ਹੀਦਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਸਿਰੋਪਾਓ ਦਿੱਤੇ ਤਾਂ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।

32-barsi-bhai-beant-singh-ji

ਵਿਰੋਧ ਕਾਰਨ ਗੁਰਬਚਨ ਸਿੰਘ ਦੀ ਥਾਂ ਗਿਆਨੀ ਜਗਤਾਰ ਸਿੰਘ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਿਰੋਪੇ ਦਿੱਤੇ

ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਸਦੇ ਕੀਤੇ ਪਾਪਾਂ ਦੀ ਸਜ਼ਾ ਦੇਣ ਵਾਲੇ ਭਾਈ ਬੇਅੰਤ ਸਿੰਘ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਸ਼੍ਰੋਮਣੀ ਕਮੇਟੀ ਅਤੇ ਪਰਿਵਾਰ ਵੱਲੋਂ ਦਰਬਾਰ ਸਾਹਿਬ ਸਮੂਹ ਵਿਖੇ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਵਲੋਂ ਥਾਪੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਸਮਾਗਮ ’ਚ ਸ਼ਾਮਲ ਹੋਣ ਪੁੱਜੇ ਸਨ। ਪਰ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸਮਾਗਮ ਦੌਰਾਨ ਹੀ ਐਲਾਨ ਕਰ ਦਿੱਤਾ ਕਿ ਜੇਕਰ ਸੰਗਤ ਵੱਲੋਂ ਰੱਦ ਕੀਤੇ ਜਥੇਦਾਰ ਨੇ ਸੰਬੋਧਨ ਕੀਤਾ ਜਾਂ ਸਿਰੋਪਾਓ ਦਿੱਤਾ ਤਾਂ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਸਥਿਤੀ ਨੂੰ ਸੰਭਾਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਰਵਾਈ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੇ ਰਾਹੀਂ ਪੂਰੀ ਕਰਵਾਈ ਗਈ।

ਇਸ ਮੌਕੇ ਭਾਈ ਬੇਅੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਕੋਈ ਵੀ ਹਾਜ਼ਰ ਨਹੀਂ ਸੀ ਜਦਕਿ ਭਾਈ ਕੇਹਰ ਸਿੰਘ ਦੇ ਪੁੱਤਰ ਸਤਵੰਤ ਸਿੰਘ ਹਾਜ਼ਰ ਸਨ, ਜਿਸ ਦਾ ਗਿਆਨੀ ਜਗਤਾਰ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨ ਕੀਤਾ। ਦੱਸਣਯੋਗ ਹੈ ਕਿ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਕਤਲ ਕਰਨ ਕਰਕੇ ਭਾਰਤ ਦੇ ਨਿਆਂਇਕ ਸਿਸਟਮ ਨੇ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੋਵਾਂ ਨੂੰ ਛੇ ਜਨਵਰੀ 1989 ਨੂੰ ਫਾਂਸੀ ਦਿੱਤੀ ਗਈ ਸੀ।

ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਆਖਿਆ ਕਿ ਗਿਆਨੀ ਗੁਰਬਚਨ ਸਿੰਘ ਤੇ ਹੋਰ ਜਥੇਦਾਰ ਇਸ ਵੇਲੇ ਸਿੱਖ ਕੌਮ ਵੱਲੋਂ ਨਕਾਰੇ ਜਾ ਚੁੱਕੇ ਹਨ ਕਿਉਂਕਿ ਸਿੱਖ ਕੌਮ ਨੂੰ ਇਨ੍ਹਾਂ ’ਤੇ ਭਰੋਸਾ ਨਹੀਂ ਰਿਹਾ ਹੈ। ਇਸ ਲਈ ਅਜਿਹੇ ਜਥੇਦਾਰਾਂ ਨੂੰ ਸਿੱਖ ਕੌਮ ਦੀ ਅਗਵਾਈ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਨ੍ਹਾਂ ਆਖਿਆ ਕਿ ਡੇਰਾ ਸਿਰਸਾ ਦੇ ਮੁਖੀ ਨੂੰ ਬਿਨਾਂ ਮੁਆਫ਼ੀ ਮੰਗੇ ਹੀ ਮੁਆਫ਼ ਕਰ ਕੇ ਇਨ੍ਹਾਂ ਜਥੇਦਾਰਾਂ ਨੇ ਸਿੱਖ ਕੌਮ ਨਾਲ ਵਿਸ਼ਵਾਸਘਾਤ ਕੀਤਾ ਸੀ। ਇਸ ਮੌਕੇ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਮਾਗਮ ਲਈ ਪਹਿਲਾਂ ਹੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਹੀ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,