ਖਾਸ ਖਬਰਾਂ » ਪੰਜਾਬ ਦੀ ਰਾਜਨੀਤੀ » ਵਿਦੇਸ਼ » ਸਿੱਖ ਖਬਰਾਂ

ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਸਬੰਧੀ ਨਵਜੋਤ ਸਿੰਘ ਸਿੱਧੂ ਨੇ ਭਾਰਤ ਦੀ ਵਿਦੇਸ਼ ਮੰਤਰੀ ਨੂੰ ਚਿੱਠੀ ਲਿਖੀ

September 10, 2018 | By

ਚੰਡੀਗੜ੍ਹ: ਲਹਿੰਦੇ ਪੰਜਾਬ ਵਿਚ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਲਾਂਘਾ ਖੋਲ੍ਹਣ ਲਈ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਕੇਂਦਰੀ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਭਾਰਤ ਦੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਚਿੱਠੀ ਲਿਖ ਕੇ ਇਸ ਮਾਮਲੇ ਵਿਚ ਦਖਲ ਦੀ ਮੰਗ ਕੀਤੀ ਹੈ। ਪੱਤਰਕਾਰਾਂ ਨੂੰ ਇਸ ਚਿੱਠੀ ਦੀ ਇਕ ਨਕਲ ਜਾਰੀ ਕਰਦਿਆਂ ਸਿੱਧੂ ਨੇ ਭਾਰਤ ਦੀ ਵਿਦੇਸ਼ ਮੰਤਰੀ ਨੂੰ ਕਿਹਾ ਹੈ ਕਿ ਕਿ ਪਾਕਿਸਤਾਨ ਵੱਲੋਂ ਭਰੇ ਹੁੰਗਾਰੇ ਦਾ ਹਾਂ-ਪੱਖੀ ਜਵਾਬ ਦਿੰਦਿਆਂ ਇਸ ਕਾਰਜ ਨੂੰ ਸਿਰੇ ਚਾੜ੍ਹ ਕੇ ਕਰੋੜਾਂ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਵੇ।

ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਤਸਵੀਰ।

ਸਿੱਧੂ ਨੇ ਕਿਹਾ ਕਿ 1947 ਵਿੱਚ ਪੰਜਾਬ ਦੀ ਵੰਡ ਮੌਕੇ ਨਾ ਸਿਰਫ਼ ਭੂਗੋਲਿਕ, ਆਰਥਿਕ, ਭਾਵਨਾਤਮਕ ਅਤੇ ਸਮਾਜਿਕ ਮੁਸ਼ਕਲਾਂ ਪੇਸ਼ ਆਈਆਂ ਬਲਕਿ ਜ਼ਿਆਦਾਤਰ ਇਤਿਹਾਸਕ ਗੁਰਦੁਆਰੇ ਵੀ ਲੋਹੰਦੇ ਪੰਜਾਬ (ਪਾਕਿਸਤਾਨ) ਵਿੱਚ ਰਹਿ ਗਏ। ਉਨ੍ਹਾਂ ਕਿਹਾ ਕਿ ਵੰਡ ਸਮੇਂ ਪਾਕਿਸਤਾਨ ਵਿੱਚ ਰਹਿ ਗਏ ਇਤਿਹਾਸਿਕ ਗੁਰਦੁਆਰਿਆਂ ਵਿੱਚੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਇਹ ਉਹ ਅਸਥਾਨ ਹੈ ਜਿੱਥੇ ਗੁਰੂ ਨਾਨਕ ਪਾਤਸ਼ਾਹ ਨੇ ਆਪਣੀ ਜ਼ਿੰਦਗੀ ਦੇ ਲਗਭਗ 18 ਸਾਲ ਬਿਤਾਏ। ਇਹ ਗੁਰਦੲੁਆਰਾ ਸਾਹਿਬ ਭਾਰਤ ਅਤੇ ਪਾਕਿਸਤਾਨ ਦਰਮਿਆਨ ਖਿੱਚੀ ਗਈ ਕੌਮਾਂਤਰੀ ਸਰਹੱਦ ਦੇ ਬਿਲਕੁਲ ਨੇੜੇ ਹੈ।

ਗੌਰਤਲਬ ਹੈ ਕਿ ਸਿੱਖ ਸੰਗਤਾਂ ਸਰਹੱਦ ਤੋਂ ਚੜ੍ਹਦੇ ਪੰਜਾਬ ਵਾਲੇ ਪਾਸੇ ਖੜ੍ਹ ਕੇ ਇਸ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਦੀਆਂ ਹਨ।

ਪਿਛਲੇ ਦਿਨੀਂ ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸੋਂਹ ਚੁੱਕ ਸਮਾਗਮ ਮੌਕੇ ਨਵਜੋਤ ਸਿੰਘ ਸਿੱਧੂ ਖਾਸ ਸੱਦੇ ‘ਤੇ ਇਸਲਾਮਾਬਾਦ ਗਏ ਸਨ। ਉਸ ਮੌਕੇ ਉਹਨਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਕੋਲ ਇਸ ਲਾਂਘੇ ਨੂੰ ਖੋਲ੍ਹਣ ਦੀ ਮੰਗ ਰੱਖੀ ਸੀ। ਪਿਛਲੇ ਦਿਨੀਂ ਪਾਕਿਸਤਾਨ ਦੇ ਸੂਚਨਾ ਮੰਤਰੀ ਫ਼ਵਾਦ ਚੌਧਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਾਕਿਸਤਾਨ ਸਰਕਾਰ ਨੇ ਬਿਨਾਂ ਵੀਜ਼ੇ ਤੋਂ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਰਜ਼ੀ ਲਾਂਘੇ ਬਾਰੇ ਯੋਜਨਾਬੰਦੀ ਉਨ੍ਹਾਂ ਦੇ ਵਿਚਾਰ ਅਧੀਨ ਹੈ।

ਪਾਕਿਸਤਾਨ ਵਲੋਂ ਮਿਲੇ ਇਸ ਹੁੰਗਾਰੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਐਲਾਨ ਕੀਤਾ ਹੈ ਕਿ ਜੇਕਰ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਰਜ਼ਾਮੰਦ ਹੁੰਦੀਆਂ ਹਨ ਤਾਂ ਸ਼੍ਰੋਮਣੀ ਕਮੇਟੀ ਇਹ ਲਾਂਘਾ ਬਣਾਉਣ ਲਈ ਤਿਆਰ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,