ਸਿਆਸੀ ਖਬਰਾਂ

ਜ਼ਬਰ ਵਿਰੋਧੀ ਲਹਿਰ: ਜੇ ਕਾਂਗਰਸੀ ਧੱਕਾ ਕਰਦੇ ਹਨ ਤਾਂ ਇੱਟ ਦਾ ਜਵਾਬ ਪੱਥਰ ਨਾਲ ਦਿਓ: ਸੁਖਬੀਰ ਬਾਦਲ

July 28, 2017 | By

ਬਟਾਲਾ: ਬਾਦਲ ਦਲ ਨੇ ਵੀਰਵਾਰ (27 ਜੁਲਾਈ) ਪੰਜਾਬ ਸਰਕਾਰ ਖ਼ਿਲਾਫ਼ ‘ਜਬਰ ਵਿਰੋਧੀ ਲਹਿਰ’ ਦੀ ਸ਼ੁਰੂਆਤ ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਤੋਂ ਕੀਤੀ। ਇਸ ਮੌਕੇ ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਉਂਦਿਆਂ ਹੀ ਆਪਣੇ ‘ਰੰਗ’ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ।

ਬਾਦਲ ਦਲ ਦੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ

ਬਾਦਲ ਦਲ ਦੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ

ਪਿੰਡ ਖਾਸਾਂਵਾਲੀ ਵਿੱਚ ਬੋਲਦਿਆਂ ਉਨ੍ਹਾਂ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਬਾਦਲ ਦਲ ਦੇ ਵਰਕਰਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕਰਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਬਾਦਲ ਦਲ ਦੀ ਸਰਕਾਰ ਬਣਨ ’ਤੇ ਉੁਸ (ਵਿਧਾਇਕ) ਤੋਂ ਹਿਸਾਬ ਲਿਆ ਜਾਵੇਗਾ। ਬਾਦਲ ਨੇ ਕਿਹਾ ਕਿ ਸਾਡੇ ਆਗੂ ਅਜਿਹੇ ਪਿੰਡਾਂ ਅਤੇ ਕਸਬਿਆਂ ਵਿੱਚ ਜਾ ਕੇ ਵਰਕਰਾਂ ਦੀ ਸਾਰ ਲੈਣਗੇ, ਜਿੱਥੇ ਉਹ ਕਾਂਗਰਸੀਆਂ ਦੇ ਸਿਆਸੀ ਦਬਾਅ ਤਹਿਤ ਧੱਕੇਸ਼ਾਹੀ ਦਾ ਸ਼ਿਕਾਰ ਹੋਏ ਹਨ। ਜੇਕਰ ਕਾਂਗਰਸ ਦਾ ਜਬਰ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਉਹ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਣਗੇ। ਬਾਦਲ ਨੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨਾਲ ਕੁਝ ਪਿੰਡਾਂ ਦਾ ਦੌਰਾ ਕੀਤਾ ਅਤੇ ‘ਜਬਰ’ ਦਾ ਸ਼ਿਕਾਰ ਹੋਏ ਵਰਕਰਾਂ ਨੂੰ ਮਿਲੇ। ਡੇਰਾ ਬਾਬਾ ਨਾਨਕ ਵਿੱਚ ਇੱਕ ਮੀਟਿੰਗ ਦੌਰਾਨ ਬਾਦਲ ਨੇ ਕਿਹਾ ਕਿ ਨਵੀਂ ਸਰਕਾਰ ਦੀ ਤਮੰਨਾ ਹੁੰਦੀ ਹੈ ਕਿ ਉਹ ਲੋਕਾਂ ਦੀ ਸੇਵਾ ਕਰੇ ਪਰ ਇਹ ਪਹਿਲੀ ਅਜਿਹੀ ਸਰਕਾਰ ਬਣੀ ਹੈ, ਜੋ ਲੋਕਾਂ ਦੀ ਆਪਣੇ ਢੰਗ ਨਾਲ ‘ਸੇਵਾ’ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਵੇਲੇ ਵਿਕਾਸ ਕਾਰਜਾਂ ਲਈ ਜੋ ਪੈਸੇ ਭੇਜੇ ਸਨ, ਉਹ ਸਾਰੇ ਪੈਸੇ ਨਵੀਂ ਸਰਕਾਰ ਨੇ ਵਾਪਸ ਲੈ ਲਏ ਤੇ ਪੈਨਸ਼ਨਾਂ ਬੰਦ ਕਰ ਦਿੱਤੀਆਂ। ਪਾਰਟੀ ਪ੍ਰਧਾਨ ਨੇ ਕਾਰਕੁੰਨਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਉਹ ਕਾਂਗਰਸ ਦੇ ਜ਼ੁਲਮ ਦਾ ਡਟ ਕੇ ਮੁਕਾਬਲਾ ਕਰਨ, ਕਿਉਂਕਿ ਬਾਦਲ ਦਲ ਆਪਣੇ ਵਰਕਰਾਂ ਨਾਲ ਚੱਟਾਨ ਵਾਂਗ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਕਾਂਗਰਸੀ, ਬਾਦਲ ਦਲ ਦੇ ਵਰਕਰ ਨਾਲ ਧੱਕੇਸ਼ਾਹੀ ਕਰਦਾ ਹੈ ਤਾਂ ਸਾਰੇ ਵਰਕਰ ਇਕਮੁੱਠ ਹੋ ਕੇ ਇੱਟ ਦਾ ਜਵਾਬ ਪੱਥਰ ਨਾਲ ਦੇਣ।

ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੇ ਕਾਰਜਕਰਤਾਵਾਂ ਨੂੰ ਕਿਹਾ ਕਿ ਉਹ ਹਲਕਾ ਵਿਧਾਇਕ ਦੇ ਜ਼ੁਲਮ ਦਾ ਡਟ ਕੇ ਮੁਕਾਬਲਾ ਕਰਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਸ ਵਿਧਾਇਕ ਨੂੰ ਦੁਖੀ ਹੋ ਕੇ ਲੋਕਾਂ ਦੀ ਕਚਿਹਰੀ ਵਿੱਚ ਆਉਣਾ ਪਵੇ। ਇਸ ਮੌਕੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ, ਨਿਰਮਲ ਸਿੰਘ ਕਾਹਲੋਂ, ਚੇਅਰਮੈਨ ਸੁਖਬੀਰ ਸਿੰਘ ਵਾਹਲਾ, ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਹਰਵਿੰਦਰ ਸਿੰਘ ਗੋਰਾ ਤੇ ਰਣਜੀਤ ਸਿੰਘ ਸ਼ੱਕਰੀ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,