ਸਿਆਸੀ ਖਬਰਾਂ

ਭਾਰਤੀ ਸੁਪਰੀਮ ਕੋਰਟ ਪੰਜਾਬ ਦੇ ਪਾਣੀਆਂ ਦੀ ਲੁੱਟ ਲਈ ਬਜ਼ਿੱਦ; ਅਗਲੀ ਸੁਣਵਾਈ 28 ਮਾਰਚ ਨੂੰ

March 3, 2017 | By

ਨਵੀਂ ਦਿੱਲੀ: ਵੀਰਵਾਰ ਨੂੰ ਭਾਰਤੀ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੇ ਸੁਨੇਹੇ ਵਿੱਚ ਕਿਹਾ ਕਿ ਉਹ ਐਸਵਾਈਐਲ ਦੀ ਉਸਾਰੀ ਬਾਰੇ ਆਪਣੇ ਫ਼ੈਸਲੇ ਨੂੰ ਲਾਗੂ ਕਰ ਕੇ ਹੀ ਰਹੇਗੀ।

ਦੋ ਮੈਂਬਰੀ ਬੈਂਚ ਵਿੱਚ ਸ਼ਾਮਲ ਜਸਟਿਸ ਪੀ.ਸੀ.ਘੋਸ਼ ਤੇ ਅਮਿਤਵਾ ਰੌਇ ਨੇ ਵੀਰਵਾਰ ਨੂੰ ਸੁਣਵਾਈ ਦੌਰਾਨ ਕਿਹਾ ਕਿ ਹਰਿਆਣਾ ਤੇ ਪੰਜਾਬ ਵਿੱਚ ਐਸਵਾਈਐਲ ਨਹਿਰ ਦੀ ਉਸਾਰੀ ਲਈ ਸੁਣਾਏ ਉਸ ਦੇ ਫ਼ੈਸਲੇ ਨੂੰ ਹਰ ਹਾਲ ਲਾਗੂ ਕਰਨਾ ਹੀ ਹੋਵੇਗਾ। ਕੇਸ ਦੀ ਅਗਲੀ ਸੁਣਵਾਈ 28 ਮਾਰਚ ਨੂੰ ਹੋਵੇਗੀ।

ਪੰਜਾਬ ਸਰਕਾਰ ਨੇ ਪਿਛਲੀ ਸੁਣਵਾਈ ਦੌਰਾਨ ਹਲਫ਼ਨਾਮਾ ਦਾਇਰ ਕਰਕੇ ਪੰਜਾਬ ਸਰਕਾਰ ਵੱਲੋਂ ਪਾਣੀਆਂ ਬਾਰੇ ਸਮਝੌਤਿਆਂ ਨੂੰ ਰੱਦ ਕਰਨ ਵਾਲੇ ਐਕਟ ਦੇ ਅਜੇ ਤਕ ਅਮਲ ਵਿੱਚ ਹੋਣ ਦੀ ਗੱਲ ਦੁਹਰਾਈ ਸੀ। ਜ਼ਿਕਰਯੋਗ ਹੈ ਕਿ ਪੰਜ ਜੱਜਾਂ ਦੇ ਬੈਂਚ ਨੇ ਰਾਸ਼ਟਰਪਤੀ ਦੀ ਰਾਏ ਦਾ ਜਵਾਬ ਦਿੰਦਿਆਂ ਪਿਛਲੇ ਸਾਲ ਨਵੰਬਰ ਵਿੱਚ ਪੰਜਾਬ ਵੱਲੋਂ ਪਾਣੀਆਂ ਬਾਰੇ ਸਮਝੌਤੇ 2004 ਨੂੰ ਰੱਦ ਕੀਤੇ ਜਾਣ ਨੂੰ ਇਹ ਕਹਿ ਕੇ ਗ਼ੈਰਸੰਵਿਧਾਨਕ ਕਰਾਰ ਦੇ ਦਿੱਤਾ ਸੀ ਕਿ ਇਹ ਸੁਪਰੀਮ ਕੋਰਟ ਦੇ ਇਸ ਮਾਮਲੇ ਵਿੱਚ 2002 ਤੇ 2004 ਦੇ ਫ਼ੈਸਲਿਆਂ ਨੂੰ ਬੇਅਸਰ ਕਰਦਾ ਹੈ।

SYL New Photo March 2017

ਸਤਲੁਜ ਯਮੁਨਾ ਲਿੰਕ ਨਹਿਰ

ਪੰਜਾਬ ਸਰਕਾਰ ਵੱਲੋਂ ਪੇਸ਼ ਸੀਨੀਅਰ ਵਕੀਲ ਆਰ.ਐਸ.ਸੂਰੀ ਨੇ ਵੀਰਵਾਰ ਦੋ ਮੈਂਬਰੀ ਬੈਂਚ ਨੂੰ ਦੱਸਿਆ ਕਿ ਸਰਕਾਰ ਪੰਜ ਜੱਜਾਂ ਦੇ ਬੈਂਚ ਵੱਲੋਂ ਸੁਣਾਏ ਫ਼ੈਸਲੇ ਨੂੰ ਮੰਨਣ ਲਈ ਪਾਬੰਦ ਨਹੀਂ ਕਿਉਂਕਿ ਇਹ ਫ਼ੈਸਲਾ ਨਹੀਂ ਬਲਕਿ ਰਾਸ਼ਟਰਪਤੀ ਦੀ ਰਾਏ ’ਤੇ ਸਲਾਹ ਸੀ। ਸੂਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ 2004 ਵਿੱਚ ਪਾਣੀਆਂ ਬਾਰੇ ਸਮਝੌਤੇ ਨੂੰ ਰੱਦ ਕਰਨ ਸਬੰਧੀ ਫ਼ੈਸਲੇ ਨੂੰ ਪਾਸ ਕਰਨਾ ਪਿਆ ਕਿਉਂਕਿ ਜਨਵਰੀ 2003 ਵਿੱਚ ਉਸ ਵੱਲੋਂ ਦਾਇਰ ਪਾਣੀ ਸਬੰਧੀ ਸ਼ਿਕਾਇਤਾਂ ’ਤੇ ਕੋਈ ਕਾਰਵਾਈ ਨਹੀਂ ਹੋਈ ਤੇ ਨਾ ਹੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਾਟਰ ਟ੍ਰਿਬਿਊਨਲ ਬਣਾਇਆ ਗਿਆ। ਉਧਰ ਹਰਿਆਣਾ ਵੱਲੋਂ ਪੇਸ਼ ਸੀਨੀਅਰ ਵਕੀਲ ਸ਼ਿਆਮ ਦੀਵਾਨ ਨੇ ਪੰਜਾਬ ਵੱਲੋਂ ਦਾਇਰ ਹਲਫ਼ਨਾਮੇ ਦਾ ਵਿਰੋਧ ਕਰਦਿਆਂ ਕਿਹਾ ਕਿ ਇਕ ਰਾਜ ਨੂੰ ਦੂਜੇ ਵੱਲੋਂ ਪਾਸ ਕਾਨੂੰਨ ਦੀ ਵੈਧਤਾ ਨੂੰ ਚੁਣੌਤੀ ਦੇਣ ਨਾਲ “ਦੇਸ਼ ਦੀ ਅਖੰਡਤਾ ਲਈ ਗੰਭੀਰ ਖ਼ਤਰਾ” ਹੋ ਸਕਦਾ ਹੈ। ਇਸ ਦੌਰਾਨ ਪੰਜਾਬ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਰਾਮ ਜੇਠਮਲਾਨੀ ਨੇ ਅਦਾਲਤ ਨੂੰ ਗੁਜ਼ਾਰਿਸ਼ ਕੀਤੀ ਕਿ ਉਹ ਇਸ ਸਾਰੇ ਮਾਮਲੇ ਨੂੰ ਗੱਲਬਾਤ ਰਾਹੀਂ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਵਿਚੋਲਗੀ ਲਈ ਕਹੇ। ਬੈਂਚ ਵੱਲੋਂ ਕੇਸ ਦੀ ਅਗਲੀ ਸੁਣਵਾਈ 28 ਮਾਰਚ ਨੂੰ ਕੀਤੀ ਜਾਵੇਗੀ।

ਦੇਖੋ ਸਬੰਧਤ ਵੀਡੀਓ:

ਪਾਣੀਆਂ ਦੇ ਸਮਝੌਤੇ – ਪੰਜਾਬ ਦੇ ਪਾਣੀਆਂ ਦੀ ਲੁੱਟ:

ਭਾਰਤ ਦੀ ਸਰਕਾਰ ਨੇ ਪੰਜਾਬ ਦੀ ਮਾਲਕੀ ਵਾਲੇ ਪਾਣੀਆਂ ਨੂੰ ਗੈਰ-ਰਾਏਪੇਰੀਅਨ ਰਾਜਾਂ ਨੂੰ ਦੇਣ ਵਾਸਤੇ ਗੈਰ-ਕਾਨੂੰਨੀ ਅਤੇ ਗੈਰ ਸੰਵਿਧਾਨਕ ਸਮਝੌਤਿਆਂ ਨੂੰ ਲਾਗੂ ਕੀਤਾ। ਇਨ੍ਹਾਂ ਗ਼ੈਰ-ਸੰਵਿਧਾਨਕ ਸਮਝੌਤਿਆਂ ਵਿੱਚ 1955 ਅਤੇ 1976 ਦੇ ਕੇਂਦਰ ਸਰਾਕਰ ਦੇ ਨੋਟੀਫਿਕੇਸ਼ਨ, 1981 ਦਾ ਇੰਦਰਾ ਅਵਾਰਡ ਅਤੇ 1986 ਦਾ ਅਰੈਡੀ ਟ੍ਰਿਬਿਊਨਲ ਸ਼ਾਮਲ ਹਨ।

ਸਮਝੌਤਿਆਂ ਨੂੰ ਰੱਦ ਕਰਨ ਵਾਲੇ ਪੰਜਾਬ ਦਾ ਕਾਨੂੰਨ, ਇਸਦੀ ਮੱਦ ਨੰ: 5 ਅਤੇ ਪੰਜਾਬ ਦੇ ਰਾਇਪੇਰੀਅਨ ਹੱਕ:

ਪੰਜਾਬ ਦੀ ਆਪਣੀ ਹੀ ਵਿਧਾਨ ਸਭਾ ਅਤੇ ਪੰਜਾਬ ਦੇ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਹੀ ਪੰਜਾਬ ਦੇ ਪਾਣੀਆਂ ਦੇ ਮਾਮਲੇ ‘ਤੇ 2004 ਵਿੱਚ ਪਹਿਲਾਂ ਹੋਏ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕਰਕੇ ਪੰਜਾਬ ਦੇ ਰਾਇਪੇਰੀਅਨ ਹੱਕਾਂ ਦਾ ਕਤਲ ਕਰ ਦਿੱਤਾ ਹੈ।

ਪੰਜਾਬ ਵਿਧਾਨ ਸਭਾ ਨੇ 12 ਜੁਲਾਈ 2004 ਨੂੰ ਭਾਰਤੀ ਸੁਪਰੀਮ ਕੋਰਟ ਵੱਲੋਂ ਵਿਵਾਦਤ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ 14 ਜੁਲਾਈ 2004 ਤੱਕ ਮੁਕੰਮਲ ਕਰਨ ਦੇ ਦਿੱਤੇ ਹੁਕਮਾਂ ਨੂੰ ਬੇਅਸਰ ਕਰਨ ਵਾਲੇ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕੀਤਾ ਸੀ।

ਇਸ ਕਾਨੂੰਨ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੇਸ਼ ਕੀਤਾ ਸੀ ਅਤੇ ਇਸਨੂੰ ਬਾਦਲ ਦਲ ਅਤੇ ਭਾਜਪਾ ਨੇ ਹਮਾਇਤ ਦਿੱਤੀ ਸੀ। ਇਸ ਤਰ੍ਹਾਂ ਇਹ ਕਾਨੂੰਨ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਸੀ।

ਭਾਵੇਂ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਇਸ ਕਾਨੂੰਨ ਨੇ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਨਣੋਂ ਰੋਕ ਦਿੱਤਾ ਹੈ, ਪਰ ਇਸ ਨਾਲ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋ ਗਿਆ ਹੈ। ਇਸ ਕਾਨੂੰਨ ਦੇ ਲਾਗੂ ਹੋਣ ਤੋਂ ਪਹਿਲਾਂ ਪੰਜਾਬ ਦਾ ਪਾਣੀ ਗੈਰ ਕਾਨੂੰਨੀ ਸਮਝੌਤਿਆਂ ਰਾਹੀਂ ਲੁੱਟਿਆ ਜਾ ਰਿਹਾ ਸੀ, ਪਰ ਇਸ ਕਾਨੂੰਨ ਦੀ ਧਾਰਾ 5 ਨੇ ਗੈਰ-ਰਾਇਪੇਰੀਅਨ ਰਾਜਾਂ ਨੂੰ ਪੰਜਾਬ ਦੇ ਗੈਰ-ਕਾਨੂੰਨੀ ਤੌਰ ‘ਤੇ ਖੋਹੇ ਜਾ ਰਹੇ ਪਾਣੀਆਂ ‘ਤੇ ਕਾਨੂੰਨੀ ਮੋਹਰ ਲਾ ਦਿੱਤੀ ਹੈ।

ਇਹ ਸੁਣਨ ਨੂੰ ਅਜੀਬ ਲੱਗੇਗਾ ਪਰ ਇਹ ਸਹੀ ਹੈ ਕਿ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਣਨ ਤੋਂ ਰੋਕਣ ਲਈ (ਜਿਸ ਰਾਹੀਂ 34 ਐਲ.ਏ.ਐਫ. ਪਾਣੀ ਜਾਣਾ ਸੀ) ਪੰਜਾਬ ਵਿਧਾਨ ਸਭਾ ਨੇ ਹਰਿਆਣਾ ਨੂੰ (59.5 ਐਲ.ਏ.ਐਫ.) ਰਾਜਸਥਾਨ ਨੂੰ (86 ਐਲ.ਏ.ਐਫ.), ਅਤੇ ਦਿੱਲੀ ਨੂੰ (2 ਐਲ.ਏ.ਐਫ.) ਪਾਣੀ ਗੈਰ-ਕਾਨੂੰਨੀ ਸਮਝੌਤਿਆਂ ਰਾਹੀਂ ਵੱਡੀ ਮਾਤਰਾ ਵਿੱਚ ਦਿੱਤੇ ਜਾਣ ਨੂੰ ਸਹੀ ਮੰਨ ਕੇ ਕਾਨੂੰਨੀ ਸਹਿਮਤੀ ਦੇ ਦਿੱਤੀ।

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਚੀਫ ਇੰਜੀਨੀਅਰ ਜੀ.ਐਸ. ਢਿੱਲੋਂ ਮੁਤਾਬਕ ਹਰਿਆਣਾ ਨੂੰ 34 ਐਲ.ਏ.ਐਫ. ਵਿਚੋਂ 18 ਐਲ.ਏ.ਐਫ. ਪਾਣੀ ਭਾਖੜਾ-ਬਿਆਸ ਪ੍ਰਬੰਧਕੀ ਬੋਰਡ ਵਲੋਂ ਪਹਿਲਾਂ ਹੀ ਵਾਧੂ ਛੱਡਿਆ ਜਾ ਰਿਹਾ ਹੈ। ਸ. ਢਿੱਲੋਂ ਦਾ ਕਹਿਣਾ ਹੈ ਕਿ ਹਾਂਸੀ-ਬੁਟਾਣਾ ਨਹਿਰ ਰਾਹੀਂ ਵੀ ਹਰਿਆਣਾ (ਭਾਖੜਾ ਮੁੱਖ ਲਾਈਨ ਤੋਂ ਵਾਧੂ ਪਾਣੀ ਛੱਡਣ ‘ਤੇ) 16 ਐਲ.ਏ.ਐਫ. ਪਾਣੀ ਬਿਨਾਂ ਐਸ.ਵਾਈ.ਐਲ. ਮੁਕੰਮਲ ਕੀਤੇ ਦੂਰ ਲਿਜਾ ਸਕਦਾ ਹੈ। ਜੋ ਕਿ ਇਸੇ ਉਦੇਸ਼ ਲਈ ਉਸਾਰੀ ਗਈ ਹੈ।

ਪੰਜਾਬ ਦੇ ਪਾਣੀਆਂ ਸੰਬੰਧੀ ਸਮਝੌਤਾ ਰੱਦ (2004) ਕਰਨ ਦਾ ਕਾਨੂੰਨ ਭਾਰਤੀ ਸੁਪਰੀਮ ਕੋਰਟ ਨੇ 10 ਨਵੰਬਰ 2016 ਨੂੰ ਰੱਦ ਕਰ ਦਿੱਤਾ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,