ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਇੰਦਰਾ ਗਾਂਧੀ ਨੇ ਉਸ ਵੇਲੇ ਦੇ ਮੁੱਖ ਮੰਤਰੀ ਨੂੰ ਦਬਕਾ ਮਾਰ ਕੇ ਐਸਵਾਈਐਸ ‘ਤੇ ਸਾਈਨ ਕਰਵਾ ਲਏ ਸਨ: ਬਾਦਲ

July 9, 2016 | By

ਚੰਡੀਗੜ੍ਹ: “ਐਸ.ਵਾਈ.ਐਲ. ਨਹਿਰ ਪੰਜਾਬ ਤੇ ਪੰਜਾਬੀਆਂ ਨਾਲ ਵਿਸ਼ਵਾਸਘਾਤ ਹੈ, ਜਿਸ ਦੀ ਇਬਾਰਤ ਸਿਰਫ਼ ਕਾਂਗਰਸ ਨੇ ਹੀ ਲਿਖੀ ਸੀ। ਇਹ ਨਹਿਰ ਪੁੱਟਣ ਦੀ ਮਨਜ਼ੂਰੀ ਕਾਂਗਰਸ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦਿੱਤੀ ਸੀ, ਜਿਸ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਦਬਕਾ ਮਾਰ ਕੇ ਦਸਤਖਤ ਕਰਵਾ ਲਏ ਸਨ। ਨਹਿਰ ਦੇ ਉਦਘਾਟਨ ਸਮੇਂ ਕੈਪਟਨ ਅਮਰਿੰਦਰ ਸਿੰਘ ਸਮੇਤ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ।”

ਘਨੌਲੀ ਵਿੱਚ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਘਨੌਲੀ ਵਿੱਚ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਇਹ ਪ੍ਰਗਟਾਵਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਘਨੌਲੀ ਵਿੱਚ ਸੰਗਤ ਦਰਸ਼ਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਵੱਲੋਂ ਐਸ.ਵਾਈ.ਐਲ. ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਨ ਦੀ ਸਲਾਹ ਦੇਣ ਤੋਂ ਪਹਿਲਾਂ ਉਨ੍ਹਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਸ ਮੁੱਦੇ ਦਾ ਮੌਜੂਦਾ ਸਟੇਟਸ ਕੀ ਹੈ। ਇਹ ਮੁੱਦਾ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹੋਣ ਸਬੰਧੀ ਪਤਾ ਹੋਣ ਦੇ ਬਾਵਜੂਦ ਸੁਨੀਲ ਜਾਖੜ ਜਿਹੇ ਸੀਨੀਅਰ ਆਗੂ ਲਈ ਇਹ ਗੱਲ ਵਾਜਬ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇਸ ਸਬੰਧੀ ਕੀ ਕਰ ਸਕਦੇ ਹਨ? ਉਨ੍ਹਾਂ ਕਿਹਾ ਕਿ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਕਿਸ ਨੇ ਪਾਣੀਆਂ ਦੀ ਰਾਖੀ ਕੀਤੀ ਅਤੇ ਕਿਸ ਨੇ ਡਾਕਾ ਪਵਾਉਣ ਦੀ ਕੋਸ਼ਿਸ਼ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ’ਤੇ ਦਰਬਾਰ ਸਾਹਿਬ ਦੀ ਤਸਵੀਰ ਦੇ ਨਾਲ ਆਪਣਾ ਚੋਣ ਨਿਸ਼ਾਨ ਝਾੜੂ ਲਗਾ ਕੇ ਬੱਜਰ ਪਾਪ ਕੀਤਾ ਹੈ, ਜਿਸ ਨਾਲ ਦੁਨੀਆਂ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਹ ਆਮ ਨਹੀਂ ਬਲਕਿ ਘਿਨੌਣਾ ਜੁਰਮ ਹੈ, ਜਿਸ ਨੂੰ ਮੁਆਫ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਕਾਨੂੰਨ ਆਪਣਾ ਰਾਹ ਅਖਤਿਆਰ ਕਰੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਵੀ ‘ਆਪ’ ਵਰਗੀ ਹੀ ਹੈ, ਜਿਸ ਨੇ ਦਰਬਾਰ ਸਾਹਿਬ ’ਤੇ ਹਮਲਾ ਕਰਵਾਇਆ, ਜੋ ਕਿ ਅਜੇ ਵੀ ਸਿੱਖ ਭਾਈਚਾਰੇ ਦੀ ਮਾਨਸਿਕਤਾ ਵਿੱਚ ਚੇਤੇ ਹੈ। ਪੰਜਾਬ ਸਰਕਾਰ ਵੱਲੋਂ ਗੁਰੂ ਗੋਬਿੰਦ ਸਿੰਘ ਦਾ ਪਰਿਵਾਰ ਵਿਛੜਨ ਦੀ ਯਾਦ ਵਿੱਚ ਬਣੇ ਗੁਰੂਦੁਆਰਾ ਪਰਿਵਾਰ ਵਿਛੋੜਾ ਸਾਹਿਬ ਦੇ ਬੰਦ ਪਏ ਰੇਲਵੇ ਫਾਟਕ ਨੂੰ ਖੁਲ੍ਹਵਾਉਣ ਸਬੰਧੀ ਪੁੱਛੇ ਗਏ ਸਵਾਲ ਨੂੰ ਬਾਦਲ ਟਾਲ ਗਏ। ਉਨ੍ਹਾਂ ਵਿਰੋਧੀ ਪਾਰਟੀਆਂ ਵੱਲੋਂ ਸੰਗਤ ਦਰਸ਼ਨ ਸਬੰਧੀ ਕੀਤੀ ਜਾ ਰਹੀ ਨੁਕਤਾਚੀਨੀ ਬਾਰੇ ਕਿਹਾ ਕਿ ਉਹ ਵੋਟਾਂ ਮੰਗਣ ਲਈ ਸੰਗਤ ਦਰਸ਼ਨ ਨਹੀਂ ਕਰਦੇ ਬਲਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਯਕੀਨੀ ਬਣਾਉਂਦੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,