ਖਾਸ ਖਬਰਾਂ » ਸਿੱਖ ਖਬਰਾਂ

ਸਿੱਖ ਨੌਜਵਾਨਾਂ ‘ਤੇ ਅਣਮਨੁੱਖੀ ਤਸ਼ੱਦਦ ਦੇ ਮਾਮਲੇ ‘ਚ ਮੁੱਖ ਮੰਤਰੀ ਦੋਸ਼ੀਆਂ ਵਿਰੁੱਧ ਕਾਰਵਾਈ ਕਰੇ: ਕੇਂਦਰੀ ਸਿੰਘ ਸਭਾ

August 14, 2018 | By

ਚੰਡੀਗੜ੍ਹ : ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਕੁੱਝ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਪਿੰਡ ਸਨੌਰ ਨਾਲ ਸਬੰਧਤ ਅੰਮ੍ਰਿਤਧਾਰੀ ਨੌਜਵਾਨਾਂ ਦੀ ਬਿਨਾ ਕਿਸੇ ਕਾਰਨ ਤੋਂ ਕੁੱਟਮਾਰ ਕਰਨ, ਕੇਸਾਂ ਤੇ ਦਸਤਾਰ ਦੀ ਬੇਅਦਬੀ ਕਰਨੀ ਬਹੁਤ ਹੀ ਨਿੰਦਣਯੋਗ ਘਟਨਾ ਹੈ।

ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਜਨਰਲ ਸਕੱਤਰ ਖੁਸ਼ਹਾਲ ਸਿੰਘ ਨੇ ਇਸ ਘਟਨਾ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਧਾਰਾ 295-ਏ ਅਧੀਨ ਮੁਕੱਦਮਾ ਦਰਜ ਕੀਤਾ ਜਾਣਾ ਚਾਹੀਦਾ ਹੈ।

ਸਬੰਧਤ ਖ਼ਬਰ: 6 ਨੌਜਵਾਨਾਂ ਨੂੰ ਗੈਰਕਾਨੂੰਨੀ ਹਿਰਾਸਤ ਵਿਚ ਰੱਖ ਕੇ ਤਸ਼ੱਦਦ ਕਰਨ ਵਾਲੇ ਸਹਾਇਕ ਥਾਣੇਦਾਰ ਖਿਲਾਫ ਐਫਆਈਆਰ ਦਰਜ ਕੀਤੀ

ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਉਹ ਆਪਣੇ ਪੱਧਰ ਉਤੇ ਇਸ ਘਟਨਾ ਨਾਲ ਸਬੰਧਤ ਮੁਲਾਜ਼ਮਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਾਉਣ ਲਈ ਦਖਲਅੰਦਾਜ਼ੀ ਕਰਨ। ਜ਼ਿਲ੍ਹਾ ਪੱਧਰ ਦੀ ਪੁਲਿਸ ਦੇ ਉੱਚ ਅਧਿਕਾਰੀ ਇਸ ਮੰਦਭਾਗੀ ਘਟਨਾ ਨਾਲ ਸਬੰਧਤ ਦੋਸ਼ੀਆਂ ਨੂੰ ਬਚਾਉਣ ਦੇ ਯਤਨ ਕਰ ਰਹੇ ਹਨ, ਜਿਸ ਨਾਲ ਸਿੱਖ ਜਗਤ ‘ਚ ਰੋਸ ਦੀ ਭਾਵਨਾ ਵਧ ਰਹੀ ਹੈ।

ਉਨ੍ਹਾਂ ਕਿਹਾ ਕਿ ਸਿੱਖਾਂ ‘ਚ ਅਜਿਹੀਆਂ ਘਟਨਾਵਾਂ ਬਲਦੀ ਅੱਗ ਉਤੇ ਤੇਲ ਪਾਉਣ ਬਰਾਬਰ ਹਨ। ਕੈਪਟਨ ਸਾਹਿਬ ਨੌਜਵਾਨਾਂ ਨੂੰ ਇਨਸਾਫ ਦਿਵਾਉਣ ਲਈ ਸਾਰੀ ਘਟਨਾ ਦੀ ਜਾਂਚ ਕਿਸੇ ਇਮਾਨਦਾਰ ਪੁਲਿਸ ਅਫਸਰਾਂ ਦੀ ਟੀਮ ਰਾਹੀਂ ਕਰਵਾ ਲੈਣ ਪਰ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਣਾ ਚਾਹੀਦਾ।

ਸਬੰਧਤ ਖ਼ਬਰ: ਗੁਰਦੁਆਰਾ ਸਾਹਿਬ ਜਾ ਰਹੇ ਨੌਜਵਾਨਾਂ ਨੂੰ ਗੈਰਕਾਨੂੰਨੀ ਹਿਰਾਸਤ ਵਿਚ ਰੱਖ ਕੇ ਤਸ਼ੱਦਦ ਕੀਤਾ

ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਆਗੂਆਂ ਨੇ ਕਿਹਾ ਕਿ ਮਾੜੇ ਕਿਰਦਾਰ ਵਾਲੇ ਪੁਲੀਸ ਅਫਸਰਾਂ ਨੂੰ ਪਬਲਿਕ ਡੀਲੰਿਗ ਵਾਲੀਆਂ ਪੋਸਟਾਂ ਨਾ ਦਿੱਤੀਆਂ ਜਾਣ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਥਾਣਾ ਸਨੌਰ ਦੇ ਸਹਾਇਕ ਥਾਣੇਦਾਰ ਵਲੋਂ ਸੱਤ ਨੌਜਵਾਨਾਂ ਨੂੰ ਗੈਰ ਕਾਨੂੰਨੀ ਹਿਰਾਸਤ ਵਿਚ ਰੱਖ ਕੇ ਕੁੱਟਮਾਰ ਕਰਨ ਅਤੇ ਸ਼ਰੀਰਕ ਸੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।ਦੇਰ ਰਾਤ ਤਿੰਨ ਮੋਟਰਸਾਈਕਲਾਂ ‘ਤੇ ਸਵਾਰ ਸੱਤ ਨੌਜਵਾਨ ਪਟਿਆਲਾ ਵਿਖੇ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਤੜਕੇ ਸ਼ੁਰੂ ਹੁੰਦੀ ਫਰਸ਼ ਧੋਣ ਦੀ ਸੇਵਾ ਵਿੱਚ ਹਿੱਸਾ ਲੈਣ ਲਈ ਜਾ ਰਹੇ ਸਨ ਤਾਂ ਰਾਹ ਵਿਚ ਲੱਗੇ ਨਾਕੇ ‘ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ। ਨੌਜਵਾਨਾਂ ਮੁਤਾਬਿਕ ਨਾਕੇ ‘ਤੇ ਤੈਨਾਤ ਥਾਣੇਦਾਰ ਨੇ ਸ਼ਰਾਬ ਪੀਤੀ ਸੀ ਤੇ ਉਹ ਨਸ਼ੇ ਵਿਚ ਉਨ੍ਹਾਂ ਨਾਲ ਬਦਤਮੀਜ਼ੀ ਕਰਨ ਲੱਗਿਆ। ਜਦੋਂ ਨੌਜਵਾਨ ਇਸ ਦੀ ਵੀਡੀਓ ਬਣਾਉਣ ਲੱਗੇ ਤਾਂ ਥਾਣੇਦਾਰ ਨੇ ਉਨ੍ਹਾਂ ਨੂੰ ਜੇਲ੍ਹ ਵਿਚ ਬੰਦ ਕਰਨ ਦੀ ਧਮਕੀ ਦਿੱਤੀ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,