Site icon Sikh Siyasat News

ਜੂਨ 84 ਦੇ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ‘ਚ ਲਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਮੰਗ ਪੱਤਰ

ਅੰਮ੍ਰਿਤਸਰ: ਭਾਰਤੀ ਫੌਜ ਵਲੋਂ ਜੂਨ 1984 ‘ਚ ਅਕਾਲ ਤਖ਼ਤ ਸਾਹਿਬ ‘ਤੇ ਕੀਤੇ ਹਮਲੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ, ਅੰਮ੍ਰਿਤਸਰ ਵਿਖੇ ਲਗਵਾਉਣ ਬਾਬਾ ਹਰਨਾਮ ਸਿੰਘ ਮੁਖੀ ਦਮਦਮੀ ਟਕਸਾਲ ਨੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਇੱਕ ਮੰਗ ਪੱਤਰ ਸੌਂਪਿਆ।

ਬਾਬਾ ਹਰਨਾਮ ਸਿੰਘ ਵਲੋਂ ਜੂਨ 84 ਦੇ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ‘ਚ ਲਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਮੰਗ ਪੱਤਰ

ਦਫਤਰ ਸ਼੍ਰੋਮਣੀ ਕਮੇਟੀ ਵਿਖੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਬਾਬਾ ਹਰਨਾਮ ਸਿੰਘ ਧੁੰਮਾ ਵੱਲੋਂ ਦਿੱਤੇ ਗਏ ਮੰਗ ਪੱਤਰ ਵਿਚ ਮੰਗ ਕੀਤੀ ਗਈ ਕਿ ਦਮਦਮੀ ਟਕਸਾਲ ਦੇ ਮੁੱਖ ਸਥਾਨ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਨੇ 1984 ਵਿਚ ਹੋਏ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ 6 ਜੂਨ 2016 ਨੂੰ 32ਵੇਂ ਸ਼ਹੀਦੀ ਸਮਾਗਮ ਦੌਰਾਨ ਸਰਬਸੰਮਤੀ ਨਾਲ ਇਹ ਮਤਾ ਪਾਸ ਕੀਤਾ ਸੀ ਕਿ ਭਾਰਤੀ ਹਕੂਮਤ ਵੱਲੋਂ 6 ਜੂਨ 1984 ਮੌਕੇ ਅਕਾਲ ਤਖ਼ਤ ਸਾਹਿਬ ‘ਤੇ ਕੀਤੇ ਹਮਲੇ ਦੌਰਾਨ ਮੁਕਾਬਲਾ ਕਰਦਿਆਂ ਲਾਸਾਨੀ ਕੁਰਬਾਨੀਆਂ ਕਰਨ ਵਾਲੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਤੇ ਉਨ੍ਹਾਂ ਦੇ ਸਹਿਯੋਗ ਸ਼ਹੀਦ ਭਾਈ ਅਮਰੀਕ ਸਿੰਘ ਪ੍ਰਧਾਨ ਆਲ ਇੰਡੀਆ ਸਟੂਡੈਂਟ ਫੈਡਰੇਸ਼ਨ, ਸ਼ਹੀਦ ਜਨਰਲ ਸੁਬੇਗ ਸਿੰਘ, ਸ਼ਹੀਦ ਬਾਬਾ ਠਾਰਾ ਸਿੰਘ ਅਤੇ ਘੱਲੂਘਾਰੇ ਨਾਲ ਸਬੰਧਤ ਮਹਾਨ ਸ਼ਹੀਦਾਂ, ਸੂਰਬੀਰ ਯੋਧਿਆਂ ਦੀਆਂ ਤਸਵੀਰਾਂ ਅਤੇ ਹੋਰ ਸਬੰਧਤ ਤਸਵੀਰਾਂ ਜਿਨ੍ਹਾਂ ਵਿਚ ਨੁਕਸਾਨੇ ਗਏ ਅਕਾਲ ਤਖਤ ਸਾਹਿਬ, ਦਰਬਾਰ ਸਾਹਿਬ ਅਤੇ ਦਰਸ਼ਨੀ ਡਿਉੜੀ ‘ਤੇ ਲੱਗੀਆਂ ਗੋਲੀਆਂ ਦੇ ਨਿਸ਼ਾਨ, ਫੌਜ ਵੱਲੋਂ ਕੀਤੀਆਂ ਗਈਆਂ ਵਧੀਕੀਆਂ ਵਾਲੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ, ਅੰਮ੍ਰਿਤਸਰ ਵਿਖੇ ਲਗਾਉਣ ਲਈ ਇੱਕ ਢੁੱਕਵੀਂ ਜਗ੍ਹਾ ਦਾ ਪ੍ਰਬੰਧ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਮੰਗ ਪੱਤਰ ਦਿੱਤਾ ਜਾਵੇ। ਇਹ ਮੰਗ ਪੱਤਰ ਦੇਣ ਮੌਕੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਗੁਰਚਰਨ ਸਿੰਘ ਗਰੇਵਾਲ ਤੇ ਭਾਈ ਰਾਮ ਸਿੰਘ, ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version