ਸਿੱਖ ਖਬਰਾਂ

ਪੰਜਾਬ ਦੇ ਵਿਧਾਇਕ ਤੇ ਸੰਸਦ ਮੈਂਬਰ ਪ੍ਰੋ. ਭੁੱਲਰ ਦੀ ਰਿਹਾਈ ਲਈ ਉਪਰਾਲਾ ਕਰਨ :ਭਾਈ ਬਿੱਟੂ

July 5, 2011 | By

ਫ਼ਤਿਹਗੜ੍ਹ ਸਾਹਿਬ, (5 ਜੁਲਾਈ, 2011 -ਪੰਜਾਬ ਨਿਊਜ਼ ਨੈੱਟ.) : ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਪ੍ਰਧਾਨ ਭਾਈ ਦਲਜੀਤ ਸਿੰਘ ਬਿੱਟੂ ਨੇ ਅੱਜ ਇੱਥੇ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਸਿੱਖ ਕੌਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਲੀਕੇ ਪ੍ਰੋਗਰਾਮਾਂ ’ਤੇ ਪੂਰੀ ਤਨਦੇਹੀ ਨਾਲ ਪਹਿਰਾ ਦੇਣਾ ਚਾਹੀਦਾ ਹੈ। ਸੌਦਾ ਸਾਧ ਨਾਲ ਸਬੰਧਿਤ ਸੰਘਰਸ਼ ਦੌਰਾਨ ਪਾਏ ਗਏ ਇਕ ਕੇਸ ਦੀ ਤਰੀਕ ਦੇ ਸਬੰਧ ਵਿੱਚ ਭਾਈ ਬਿੱਟੂ ਨੂੰ ਅੱਜ ਅੰਮ੍ਰਿਤਸਰ ਜੇਲ੍ਹ ਤੋਂ ਲਿਆ ਕੇ ਪੁਲਿਸ ਨੇ ਇੱਥੇ ਜਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ। ਉਨ੍ਹਾਂ ਦੇ ਵਕੀਲ ਸ. ਗੁਰਪ੍ਰੀਤ ਸਿੰਘ ਸੈਣੀ ਤੇ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅਦਾਲਤ ਨੇ ਭਾਈ ਬਿੱਟੂ ਦੀ ਅਗਲੀ ਪੇਸ਼ੀ 29 ਜੁਲਾਈ ਮੁਕੱਰਰ ਕੀਤੀ ਹੈ। ਇਸ ਦਿਨ ਮੌਕੇ ਦੇ ਗਵਾਹ ਵੀ ਪੇਸ਼ ਹੋਣਗੇ। ਪੇਸ਼ੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਈ ਬਿੱਟੂ ਨੇ ਕਿਹਾ ਕਿ ਪ੍ਰੋ. ਭੁੱਲਰ ਦੇ ਸਬੰਧ ਵਿੱਚ ਅੰਤਰ-ਰਾਸ਼ਟਰੀ ਦਬਾਅ ਬਣਾਉਣ ਲਈ ਜੋ ਸ਼੍ਰੋਮਣੀ ਕਮੇਟੀ ਨੇ ਯੂ. ਐਨ. ਓ. ਵਿੱਚ ਪਹੁੰਚ ਕਰਨ ਦਾ ਅਤੇ ਪੰਚਾਇਤਾਂ ਦੇ ਮਤੇ ਪਵਾਉਣ ਦਾ ਪ੍ਰੋਗਰਾਮ ਉਲੀਕਿਆ ਹੈ ਉਸਨੂੰ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਧਿਰ ਨਾਲ ਸਬੰਧਿਤ ਵਿਧਾਇਕ ਅਤੇ ਸੰਸਦ ਦੇ ਦੋਵਾਂ ਸਦਨਾਂ ਦੇ ਮੈਂਬਰ ਵੀ ਪ੍ਰੋ. ਭੁੱਲਰ ਨੂੰ ਇਨਸਾਫ ਦਿਵਾਉਣ ਲਈ ਅਪਣਾ ਬਣਦਾ ਰੋਲ ਨਿਭਾਉਣ। ਅਯੋਕੇ ਸਮੇਂ ਦੁਨੀਆਂ ਦੇ ਜ਼ਿਆਦਾਤਰ ਦੇਸ਼ ਫਾਂਸੀ ਦੇ ਸਜ਼ਾ ਦੇ ਵਿਰੁੱਧ ਹਨ ਤੇ ਇਹ ਵਿਚਾਰ ਰੱਖਦੇ ਹਨ ਕਿ ਕਿਸੇ ਵੀ ਵਿਅਕਤੀ ਨੂੰ ਮੌਤ ਦੀ ਸਜ਼ਾ ਨਹੀਂ ਦੇਣੀ ਚਾਹੀਦੀ।ਇਸੇ ਕਾਰਨ ਬਹੁਤ ਸਾਰੇ ਦੇਸ਼ਾਂ ਨੇ ਮੌਤ ਦੀ ਸਜ਼ਾ ਬੰਦ ਕਰ ਦਿੱਤੀ ਹੈ। ਇਸ ਸਮੇਂ ਭਾਈ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਬਹੁਤ ਲੰਮੇ ਸਮੇਂ ਤੋਂ ਬੰਦ ਸਿੱਖ ਨੌਜਵਾਨਾਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ ਕਿਉਂ ਕਿ ਉਨ੍ਹਾਂ ਦੇ ਮੁੱਕਦਮਿਆਂ ਨੂੰ ਲਗਾਤਾਰ ਲਮਕਾਇਆ ਜਾ ਰਿਹਾ ਹੈ।ਉਨ੍ਹਾਂ ਨੂੰ ਮਿਆਰੀ ਖਾਣਾ ਅਤੇ ਦਵਾਈਆਂ ਵੀ ਨਹੀਂ ਮਿਲ ਰਹੀਆਂ। ਜਿਸ ਕਾਰਨ ਉਨ੍ਹਾਂ ਦੀਆਂ ਸਿਹਤਾਂ ਖ਼ਰਾਬ ਹੋ ਰਹੀਆਂ ਹਨ। ਉਨਾਂ ਕਿਹਾ ਕਿ ਇਸਦੀ ਉਦਾਹਰਨ ਨਾਭਾ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨ ਬਾਬਾ ਬਖ਼ਸ਼ੀਸ਼ ਸਿੰਘ ਹਨ। ਭਾਈ ਬਿੱਟੂ ਦੀ ਪੇਸ਼ੀ ਮੌਕੇ ਪੰਚ ਪ੍ਰਧਾਨੀ ਦੇ ਆਗੂ ਹਰਪਾਲ ਸਿੰਘ ਚੀਮਾ, ਸੰਤੋਖ ਸਿੰਘ ਸਲਾਣਾ, ਅਮਰਜੀਤ ਸਿੰਘ ਬਡਗੁਜਰਾਂ, ਗੁਰਮੁਖ ਸਿੰਘ ਡਡਹੇੜੀ, ਦਰਸ਼ਨ ਸਿੰਘ ਬੈਣੀ, ਭਗਵੰਤ ਸਿੰਘ ਮਹੱਦੀਆਂ ਅਤੇ ਹਰਪਾਲ ਸਿੰਘ ਸ਼ਹੀਦਗੜ੍ਹ ਵੀ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।