Site icon Sikh Siyasat News

ਨਵਜੋਤ ਸਿੱਧੂ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਚੋਣ ਲੜਨਗੇ; ਪਤਨੀ ਨੇ ਆਪਣੀ ਸੀਟ ਦਿੱਤੀ

ਅੰਮ੍ਰਿਤਸਰ: ਸਾਬਕਾ ਸੰਸਦ ਮੈਂਬਰ ਨਵਜੋਤ ਸਿੱਧੂ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਵਜੋਂ ਚੋਣ ਲੜਣਗੇ। ਇਹ ਖ਼ੁਲਾਸਾ ਬੁੱਧਵਾਰ ਉਨ੍ਹਾਂ ਦੀ ਪਤਨੀ ਤੇ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਕੀਤਾ।

ਅੰਮ੍ਰਿਤਸਰ ਦੇ ਸਰਕਟ ਹਾਊਸ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੀਤ ਚੇਅਰਮੈਨ ਰਾਜ ਕੁਮਾਰ ਵੇਰਕਾ ਅਤੇ ਡਾ. ਨਵਜੋਤ ਕੌਰ ਸਿੱਧੂ ਨੇ ਖ਼ੁਲਾਸਾ ਕੀਤਾ ਕਿ ਸਿੱਧੂ ਦਸ ਜਨਵਰੀ ਤਕ ਅੰਮ੍ਰਿਤਸਰ ਆਉਣਗੇ। ਉਨ੍ਹਾਂ ਦੱਸਿਆ ਕਿ ਕਾਂਗਰਸ ਹਾਈਕਮਾਂਡ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਿੱਧੂ ਲੋਕ ਸਭਾ ਦੀ ਉਪ ਚੋਣ ਨਹੀਂ ਲੜਣਗੇ ਸਗੋਂ ਸਿਰਫ਼ ਪੂਰਬੀ ਵਿਧਾਨ ਸਭਾ ਹਲਕੇ ਤੋਂ ਹੀ ਚੋਣ ਲੜਣਗੇ।

ਮੀਡੀਆ ਨੂੰ ਸੰਬੋਧਨ ਕਰ ਰਹੇ ਡਾ. ਨਵਜੋਤ ਕੌਰ ਸਿੱਧੂ ਅਤੇ ਡਾ. ਰਾਜ ਕੁਮਾਰ ਵੇਰਕਾ

ਜ਼ਿਕਰਯੋਗ ਹੈ ਕਿ ਇਸ ਹਲਕੇ ਤੋਂ ਪਹਿਲਾਂ ਡਾ. ਨਵਜੋਤ ਕੌਰ ਸਿੱਧੂ ਭਾਜਪਾ ਵੱਲੋਂ ਵਿਧਾਇਕਾ ਸੀ। ਹੁਣ ਉਨ੍ਹਾਂ ਨੇ ਆਪਣੇ ਪਤੀ ਵਾਸਤੇ ਇਹ ਸੀਟ ਛੱਡ ਦਿੱਤੀ ਹੈ। ਹੁਣ ਡਾ. ਸਿੱਧੂ ਆਪਣੇ ਪਤੀ ਦੀ ਸਹਾਇਕ ਵਜੋਂ ਉਨ੍ਹਾਂ ਨਾਲ ਪ੍ਰਚਾਰ ਕਰਨਗੇ। ਉਨ੍ਹਾਂ ਦੱਸਿਆ ਕਿ ਸਿੱਧੂ ਅਤੇ ਰਾਹੁਲ ਗਾਂਧੀ ਵਿਚਾਲੇ ਰਾਬਤਾ ਬਣਿਆ ਹੋਇਆ ਹੈ ਅਤੇ ਦੋਵਾਂ ਵਿਚਾਲੇ ਕਈ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਵਿਚ ਕਈ ਵਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਲ ਹੋਏ ਹਨ। ਇਸ ਮੌਕੇ ਰਾਜ ਕੁਮਾਰ ਵੇਰਕਾ ਨੇ ਆਖਿਆ ਕਿ ਨਵਜੋਤ ਸਿੱਧੂ ਦੀ ਆਮਦ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ।

ਉਨ੍ਹਾਂ ਕਿਹਾ ਕਿ ਸਰਵਉਚ ਅਦਾਲਤ ਨੇ ਰਾਜਸੀ ਪਾਰਟੀਆਂ ’ਤੇ ਧਰਮ ਦੇ ਨਾਂ ’ਤੇ ਵੋਟ ਮੰਗਣ ਉਤੇ ਰੋਕ ਲਾਈ ਹੈ। ਇਸ ਤਹਿਤ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ’ਤੇ ਰੋਕ ਲਾਈ ਜਾਣੀ ਚਾਹੀਦੀ ਹੈ, ਕਿਉਂਕਿ ਇਸ ਪਾਰਟੀ ਵੱਲੋਂ ਧਾਰਮਿਕ ਚੋਣਾਂ ਵੀ ਲੜੀਆਂ ਜਾਂਦੀਆਂ ਹਨ ਅਤੇ ਧਰਮ ਦੇ ਨਾਂ ’ਤੇ ਵੋਟਾਂ ਮੰਗੀਆਂ ਜਾ ਰਹੀਆਂ ਹਨ। ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਆਧਾਰ ’ਤੇ ਸ਼੍ਰੋਮਣੀ ਅਕਾਲੀ ਦਲ ਉਤੇ ਪੰਜਾਬ ਵਿੱਚ ਚੋਣਾਂ ਲੜਨ ਉਤੇ ਤੁਰੰਤ ਰੋਕ ਲਾਈ ਜਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version