ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਸਿੱਧੂ ਨੂੰ ਲਿਆਉਣ ਲਈ ਸਿਧਾਂਤਾਂ ਨਾਲ ਸਮਝੌਤਾ ਨਹੀਂ; 1984 ਦੇ ਇਨਸਾਫ ਲਈ 3 ਨੂੰ ਇਕ ਦਿਨਾ ਭੁੱਖ ਹੜਤਾਲ: ‘ਆਪ’

November 2, 2016 | By

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਸਹਿ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਕੱਲ੍ਹ 1 ਨਵੰਬਰ ਨੂੰ ਕਿਹਾ ਕਿ ਸਿੱਧੂ ਨੂੰ ਪਾਰਟੀ ਦੇ ਸਿਧਾਂਤਾਂ ਨਾਲ ਕੋਈ ਸਮਝੌਤਾ ਕਰਕੇ ‘ਆਪ’ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ। ਸਿੱਧੂ ਨੂੰ ਅਗਾਊਂ ਸ਼ਰਤਾਂ ਦੇ ਅਧਾਰ ’ਤੇ ਵੀ ਪਾਰਟੀ ਵਿੱਚ ਸ਼ਾਮਲ ਕਰਨਾ ਨਾਮੁਮਕਿਨ ਹੈ। ਪਾਰਟੀ ਦੇ ਕੌਮੀ ਬੁਲਾਰੇ ਅਤੇ ਪੰਜਾਬ ਦੇ ਇੰਚਾਰਜ ਸੰਜੇ ਸਿੰਘ ਵੱਲੋਂ ਭਾਜਪਾ ਦੇ ਸਾਬਕਾ ਆਗੂ ਬਾਰੇ ਅਜਿਹੀ ਕੋਈ ਸਖ਼ਤ ਸ਼ਰਤ ਨਾ ਲਾਉਣ ਬਾਰੇ ਜਰਨੈਲ ਸਿੰਘ ਨੇ ਸਾਫ਼ ਕੀਤਾ ਕਿ ਉਹ ਆਪਣੀ ਗੱਲ ਉਪਰ ਕਾਇਮ ਹਨ ਅਤੇ ਸੰਜੇ ਸਿੰਘ ਦੇ ਉਨ੍ਹਾਂ ਤੋਂ ਵੱਖਰੇ ਵਿਚਾਰ ਹੋ ਸਕਦੇ ਹਨ। ਸੰਜੇ ਸਿੰਘ ਨੇ ਵੀ ਇਸ ਦੀ ਪੁਸ਼ਟੀ ਕੀਤੀ ਸੀ ਕਿ ਸਿੱਧੂ ਨਾਲ ਗੱਲ ਚੱਲ ਰਹੀ ਹੈ। ਇਸ ਦੇ ਉਲਟ ਜਰਨੈਲ ਸਿੰਘ ਵੱਲੋਂ ਸਿੱਧੂ ਵਿਰੁੱਧ ਸਖ਼ਤ ਸਟੈਂਡ ਲੈਣ ਕਾਰਨ ਕਈ ਤਰ੍ਹਾਂ ਦੇ ਸ਼ੰਕੇ ਖੜ੍ਹੇ ਹੋ ਗਏ ਹਨ।

jarnail-singh-and-sidhu

ਆਮ ਆਦਮੀ ਪਾਰਟੀ ਦੇ ਪੰਜਾਬ ਸਹਿ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ, ਆਵਾਜ਼ ਏ ਪੰਜਾਬ ਦੇ ਨਵਜੋਤ ਸਿੱਧੂ (ਫਾਈਲ ਫੋਟੋ)

ਉਨ੍ਹਾਂ ਨੇ ਆਪਣਾ ਇਹ ਸਟੈਂਡ ਇਥੇ ਪ੍ਰੈਸ ਕਾਨਫਰੰਸ ਵਿੱਚ ਸਾਫ਼ ਕੀਤਾ। ਇਸ ਮੌਕੇ ਉਨ੍ਹਾਂ 32 ਸਾਲਾਂ ਬਾਅਦ ਵੀ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਨਾ ਮਿਲਣ ਅਤੇ ਦੋਸ਼ੀਆਂ ਨੂੰ ਸਜ਼ਾ ਨਾ ਦੇਣ ਉਪਰ ਦੁੱਖ ਜ਼ਾਹਰ ਕਰਦਿਆਂ 3 ਨਵੰਬਰ ਨੂੰ ਮੁਹਾਲੀ ਵਿੱਚ ਇਕ ਰੋਜ਼ਾ ਭੁੱਖ ਹੜਤਾਲ ਰੱਖ ਕੇ ਮੋਦੀ ਸਰਕਾਰ, ਬਾਦਲ ਸਰਕਾਰ ਅਤੇ ਕੈਪਟਨ ਦੇ ਸਿੱਖ ਵਿਰੋਧੀ ਚਿਹਰਿਆਂ ਨੂੰ ਬੇਨਕਾਬ ਕਰਨ ਦਾ ਐਲਾਨ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜ ਕੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਵੱਲੋਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਬਣਾਈ ਵਿਸ਼ੇਸ਼ ਪੜਤਾਲੀਆ ਟੀਮ (ਐਸਆਈਟੀ) ਨੇ ਦੋ ਸਾਲਾਂ ਵਿੱਚ ਕੱਖ ਨਹੀਂ ਕੀਤਾ। ਉਨ੍ਹਾਂ ਮੋਦੀ ਕੋਲੋਂ ਮੰਗ ਕੀਤੀ ਕਿ ਐਸਆਈਟੀ ਰਾਹੀਂ ਦਿੱਲੀ ਪੁਲਿਸ ਵੱਲੋਂ ਸਿੱਖ ਕਤਲੇਆਮ ਦੇ ਬੰਦ ਕੀਤੇ 234 ਕੇਸ ਤਿੰਨ ਮਹੀਨਿਆਂ ਵਿੱਚ ਖੁੱਲ੍ਹਵਾਏ ਜਾਣ ਜਾਂ ਫਿਰ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਇਸ ਮੁੱਦੇ ਉਪਰ ਕਾਰਵਾਈ ਕਰਨ ਦੇ ਅਧਿਕਾਰ ਦਿੱਤੇ ਜਾਣ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਰਾਜ ਵਿੱਚ ਆ ਕੇ ਵੱਸੇ ਸਿੱਖ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਮਕਾਨ ਦੇਣ ਵਿੱਚ ਘਪਲੇ ਕੀਤੇ ਗਏ ਹਨ ਅਤੇ ਇਸ ਦੀ ਜਾਂਚ ਸੀਬੀਆਈ ਕੋਲੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਜਗਦੀਸ਼ ਟਾਈਟਲਰ ਤੇ ਕਮਲਨਾਥ ਨੂੰ ਕਲੀਨ ਚਿੱਟ ਦੇ ਕੇ ਸਿੱਖਾਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਮੰਗ ਕੀਤੀ ਕਿ ਅਭਿਸ਼ੇਕ ਵਰਮਾ, ਜਗਦੀਸ਼ ਟਾਈਟਲਰ ਅਤੇ ਕੈਪਟਨ ਵਿਚਕਾਰਲੇ ਸਬੰਧਾਂ ਦੀ ਜਾਂਚ ਕਰਵਾਈ ਜਾਵੇ ਅਤੇ ਵਰਮਾ ਅਤੇ ਟਾਈਟਲਰ ਉਪਰ ਗਵਾਹ ਨੂੰ ਲਾਲਚ ਦੇ ਕੇ ਮੂੰਹ ਬੰਦ ਕਰਨ ਦੇ ਦੋਸ਼ਾਂ ਤਹਿਤ ਵੱਖਰਾ ਕੇਸ ਦਰਜ ਕੀਤਾ ਜਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,