Site icon Sikh Siyasat News

ਬਾਦਲ ਅਤੇ ਮੱਕੜ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤੋਂ ਭਗੌੜੇ: ਸਰਨਾ

ਪਰਮਜੀਤ ਸਿੰਘ ਸਰਨਾ

ਨਵੀ ਦਿੱਲੀ (25 ਮਈ, 2015):ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਪਾਕਿਸਤਾਨ ਕਮੇਟੀ ਨੂੰ ਅਕਾਲ ਤਖਤ ਸਾਹਿਬ ਦੇ ਆਦੇਸ਼ ਮੰਨਣ ਦੀ ਸਲਾਹ ਦੇਣ ਵਾਲੇ ਸ੍ਰ ਮੱਕੜ ਨੂੰ ਆਪਣੇ ਗਿਰੇਬਾਨ ਵਿੱਚ ਝਾਤੀ ਮਾਰਨੀ ਚਾਹੀਦੀ ਹੈ ਕਿਉਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋ ਭਗੌੜੇ ਮੱਕੜ ਤੇ ਬਾਦਲ ਹਨ ਜਿਹੜੇ ਸਰਬ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਨੂੰ ਪ੍ਰਵਾਨ ਕਰਨ ਤੋਂ ਆਕੀ ਹਨ ਜਦ ਕਿ ਪਾਕਿਸਤਾਨ ਕਮੇਟੀ ਨੇ ਤਾਂ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ ਪਹਿਰਾ ਦੇ ਕੇ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਈ ਹੈ।

ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋਂ ਪਾਕਿਸਤਾਨ ਸਿੱਖ ਗੁਰੂਦਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਣ ਦੀ ਦਿੱਤੀ ਸਲਾਹ ‘ਤੇ ਵਿਅੰਗ ਕੀਤਾ ਕਿ ਦੂਜੇ ਨੂੰ ਕੋਈ ਸਲਾਹ ਦੇਣ ਤੋਂ ਪਹਿਲਾਂ ਸ੍ਰੀ ਮੱਕੜ ਨੂੰ ਆਪਣੇ ਗਿਰੇਬਾਨ ‘ਚ ਝਾਤੀ ਮਾਰ ਕੇ ਵੇਖਣਾ ਚਾਹੀਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਪ੍ਰਵਾਨ ਕਰਨ ਤੋ ਆਕੀ ਕੌਣ ਹੈ?

ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਯਤਨਾਂ ਸਦਕਾ ਸਿੱਖ ਪੰਥ ਦੀ ਵਿਲੱਖਣ ਆਨ ਤੇ ਸ਼ਾਨ ਦਾ ਪ੍ਰਤੀਕ ਨਾਨਕਸ਼ਾਹੀ ਕੈਲੰਡਰ ਕਈ ਸਾਲਾਂ ਦੀ ਮਿਹਨਤ ਤੋਂ ਬਾਅਦ ਸੰਨ 2003 ਵਿੱਚ ਕੌਮ ਨੂੰ ਪਹਿਲਾਂ ਹੋਲੇ ਮਹੱਲੇ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਤੇ ਫਿਰ ਤਤਕਾਲੀ ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਮੌਜੂਦਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ, ਪੰਜ ਤਖ਼ਤਾਂ ਦੇ ਜਥੇਦਾਰਾਂ ਨੇ 14 ਅਪਰੈਲ 2003 ਨੂੰ ਤਲਵੰਡੀ ਸਾਬੋ ਤੋਂ ਵਿਸਾਖੀ ਵਾਲੇ ਦਿਨ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਤੇ ਹੋਰ ਪੰਥਕ ਜਥੇਬੰਦੀਆਂ ਦੀ ਹਾਜ਼ਰੀ ‘ਚ ਕੌਮ ਨੂੰ ਸਮਰਪਿਤ ਕੀਤਾ ਸੀ।

ਉਨ੍ਹਾਂ ਕਿਹਾ, ‘2010 ਤੱਕ ਇਹ ਕੈਲੰਡਰ ਜਾਰੀ ਰਿਹਾ ਅਤੇ ਫਿਰ ਆਰ.ਐਸ.ਐਸ ਦੇ ਦਬਾਅ ਥੱਲੇ ਬਾਦਲ ਦਲ ਲਈ ਵੋਟਾਂ ਹਾਸਲ ਕਰਨ ਲਈ ਨਾਨਕਸ਼ਾਹੀ ਕੈਲੰਡਰ ਦਾ ਭੋਗ ਪਾ ਕੇ ਇਸ ਨੂੰ ਮੁੜ ਬਿਕਰਮੀ ਕੈਲੰਡਰ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਸੰਗਤਾਂ ਨੇ ਆਰ.ਐਸ.ਐਸ ਮਾਰਕਾ ਕੈਲੰਡਰ ਨੂੰ ਪ੍ਰ੍ਰਵਾਨ ਕਰਨ ਤੋ ਇਨਕਾਰ ਕਰ ਦਿੱਤਾ।’

ਉਹਨਾਂ ਕਿਹਾ ਕਿ ਜੇਕਰ ਸ੍ਰ ਮੱਕੜ ਨੂੰ ਹਾਲੇ ਵੀ ਨਾਨਕਸ਼ਾਹੀ ਕੈਲੰਡਰ ਬਾਰੇ ਕੋਈ ਸ਼ੰਕਾ ਹੈ ਤਾਂ ਉਹਨਾਂ ਨੂੰ ਚਾਹੀਦਾ ਹੈ ਕਿ ਉਹ ਇੱਕ ਸਰਬੱਤ ਖਾਲਸਾ ਨਨਕਾਣਾ ਸਾਹਿਬ ਵਿਖੇ ਬੁਲਾ ਲੈਣ ਜਿਥੇ ਦੁਨੀਆ ਭਰ ਦੇ ਸਿੱਖਾਂ ਦੀਆ ਸਿੱਖ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ ਤੇ ਜੋ ਵੀ ਫ਼ੈਸਲਾ ਹੋਵੇਗਾ ਉਹ ਸਭ ਨੂੰ ਮਨਜ਼ੂਰ ਕਰਨਾ ਪਵੇਗਾ। ਉਹਨਾਂ ਕਿਹਾ ਕਿ ਪਾਕਿਸਤਾਨ ਵਿੱਚ ਗੁਰੂ ਸਾਹਿਬ ਦਾ ਸ਼ਹੀਦੀ ਦਿਹਾੜਾ 16 ਜੂਨ ਨੂੰ ਮਨਾਇਆ ਜਾ ਰਿਹਾ ਹੈ ਜਿਸ ਦਿਨ ਡੇਹਰਾ ਸਾਹਿਬ ਗੁਰਦੁਆਰੇ ਦੀ ਕਾਰ ਸੇਵਾ ਵੀ ਆਰੰਭ ਹੋਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version