ਅੰਮ੍ਰਿਤਸਰ (23 ਮਾਰਚ, 2015): ਭ੍ਰਿਸ਼ਟਾਚਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਅੰਨਾ ਹਜ਼ਾਰੇ ਨੇ ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
ਉਨ੍ਹਾਂ ਨੇ ਜ਼ਮੀਨ ਪ੍ਰਾਪਤੀ ਬਿੱਲ ਖਿਲਾਫ ਲੋਕਾਂ ਤੋਂ ਰਾਜਸੀ ਅਤੇ ਸਮਾਜੀ ਸਹਿਯੋਗ ਮੰਗਦਿਆਂ ਇਸ ਮਸਲੇ ‘ਤੇ ਇੱਕਜੁਟ ਹੋਣ ਦੀ ਅਪੀਲ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਦੌਰਾਨ ਗਾਂਧੀਵਾਦੀ ਆਗੂ ਨੇ ਆਖਿਆ ਕਿ ਉਹ ਇੱਥੇ ਵਿਸ਼ਵ ਸ਼ਾਂਤੀ ਲਈ ਅਰਦਾਸ ਕਰਨ ਆਏ ਹਨ।
ਜ਼ਮੀਨ ਪ੍ਰਾਪਤੀ ਬਿੱਲ ਬਾਰੇ ਉਨ੍ਹਾਂ ਆਖਿਆ ਕਿ ਇਸ ਬਿੱਲ ਨੂੰ ਲਾਗੂ ਕਰਨ ਤੋਂ ਪਹਿਲਾਂ ਇਸ ਨਾਲ ਪੈਦਾ ਹੋਣ ਵਾਲੀ ਸਥਿਤੀ ਬਾਰੇ ਵੀ ਸੋਚਣਾ ਚਾਹੀਦਾ ਸੀ ਅਤੇ ਇਸ ਤੋਂ ਵੀ ਜ਼ਰੂਰੀ ਕਿਸਾਨਾਂ ਦੇ ਹਿੱਤਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ।
ਸਰਕਾਰ ਇਸ ਬਿੱਲ ਬਾਰੇ ਕਾਹਲੀ ਨਾ ਕਰੇ ਅਤੇ ਇਸ ਬਾਰੇ ਮੁੜ ਵਿਚਾਰ ਕੀਤਾ ਜਾਵੇ। ੳੁਨ੍ਹਾਂ ਦੱਸਿਆ ਕਿ ਇਸ ਬਿੱਲ ਖ਼ਿਲਾਫ਼ ਸੰਸਦ ਵਿੱਚ ਆਵਾਜ਼ ਉਠਾਉਣ ਲਈ ਉਨ੍ਹਾਂ ਵੱਖ ਵੱਖ ਸਿਆਸੀ ਪਾਰਟੀਆਂ ਨੂੰ ਪੱਤਰ ਲਿਖਿਆ।
ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸ੍ਰੀ ਅੰਨਾ ਹਜ਼ਾਰੇ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਧਾਰਮਿਕ ਪੁਸਤਕਾਂ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।