ਸਿਆਸੀ ਖਬਰਾਂ

ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਨੂੰ ਦਰਿਆਵਾਂ ਦਾ ਪਾਣੀ ਸਾਫ਼ ਕਰਕੇ ਸਪਲਾਈ ਕਰਨ ਦੀ ਯੋਜਨਾ

August 15, 2017 | By

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਪੰਜਾਬ ‘ਚ ਦਿਨੋਂ-ਦਿਨ ਧਰਤੀ ਹੇਠਲੇ ਪਾਣੀ ਦੇ ਡਿਗ ਰਹੇ ਪੱਧਰ ਨੂੰ ਦੇਖਦਿਆਂ ਅੰਮ੍ਰਿਤਸਰ ਸਮੇਤ ਜਲੰਧਰ, ਲੁਧਿਆਣਾ ਅਤੇ ਪਟਿਆਲਾ ਸ਼ਹਿਰਾਂ ਨੂੰ ਆਉਂਦੇ ਸਮੇਂ ‘ਚ ਪੀਣ ਲਈ ਦਰਿਆਵਾਂ ਦਾ ਪਾਣੀ ਸਾਫ਼ ਕਰਕੇ ਸਪਲਾਈ ਕਰਨ ਦੀ ਯੋਜਨਾ ਬਣਾਈ ਗਈ ਹੈ, ਜਿਸ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ, ਉੱਥੇ ਲੋਕਾਂ ਨੂੰ ਪੀਣ ਵਾਲੇ ਪ੍ਰਦੂਸ਼ਿਤ ਪਾਣੀ ਤੋਂ ਵੀ ਮੁਕਤੀ ਮਿਲੇਗੀ। ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਨ ਉਪਰੰਤ ਅੰਮ੍ਰਿਤਸਰ ਵਿਖੇ ਆਪਣੀ ਪਲੇਠੀ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਜਲਦ ਕੀਤੀ ਜਾਵੇਗੀ ਤੇ ਇਸ ਯੋਜਨਾ ਤਹਿਤ ਇਸ ਸ਼ਹਿਰ ਨੂੰ ਬਿਆਸ ਦਰਿਆ ਤੋਂ ਪਾਣੀ ਦੀ ਸਪਲਾਈ ਪ੍ਰਣਾਲੀ ਮੁਹੱਈਆ ਕਰਵਾਉਣ ਲਈ ਤਿੰਨ ਹਜ਼ਾਰ ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਧਰਤੀ ਹੇਠਲੇ ਪਾਣੀ ਦੀ ਕਮੀ ਬਾਰੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਅਗਲੇ ਮਹੀਨੇ ਇਜ਼ਰਾਈਲ ਯਾਤਰਾ ਦੌਰਾਨ ਪਾਣੀ ਦੀ ਸੰਭਾਲ ਦੇ ਮੁੱਦੇ ‘ਤੇ ਚਰਚਾ ਕਰਨਗੇ ਅਤੇ ਤੁਪਕਾ ਸਿੰਚਾਈ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਜਲ ਸੰਭਾਲਣ ਦੇ ਤਰੀਕੇ ਨਾਲ ਹਾਈਡ੍ਰੋਪੋਨਿਕਸ ਅਤੇ ਏਰੋਪੋਨਿਕਸ ਦਾ ਅਧਿਐਨ ਕਰੇਗੀ ਅਤੇ ਫ਼ਸਲੀ ਬਦਲਾਅ ਲਿਆ ਕੇ ਪਾਣੀ ਦੀ ਸੰਭਾਲ ਲਈ ਯਤਨ ਕੀਤੇ ਜਾਣਗੇ।

ਅੰਮ੍ਰਿਤਸਰ ਵਿਖੇ ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ

ਅੰਮ੍ਰਿਤਸਰ ਵਿਖੇ ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ‘ਚ ਸਥਾਨਕ ਸਰਕਾਰਾਂ ਦੀਆਂ ਆ ਰਹੀਆਂ ਚੋਣਾਂ ‘ਚ 50 ਫ਼ੀਸਦੀ ਸੀਟਾਂ ਔਰਤਾਂ ਲਈ ਰਾਖਵੀਂਆਂ ਰੱਖੀਆਂ ਜਾਣਗੀਆਂ ਅਤੇ ਪਿੰਡਾਂ ਤੇ ਸ਼ਹਿਰਾਂ ‘ਚ ਸ਼ਹਿਰੀ ‘ਆਵਾਸ ਯੋਜਨਾ’ ਤਹਿਤ ਬੇਘਰੇ ਲੋਕਾਂ ਲਈ ਘਰਾਂ ਦਾ ਨਿਰਮਾਣ ਕਰਵਾਇਆ ਜਾਵੇਗਾ। ਸਥਾਨਕ ਸਰਕਾਰਾਂ ਦੇ ਪੁਰਾਣੇ ਕਿਰਾਏਦਾਰਾਂ ਨੂੰ ਰਿਹਾਇਸ਼ੀ ਅਤੇ ਵਪਾਰਕ ਸੰਪਤੀਆਂ ਦੇ ਮਾਲਕਾਨਾ ਅਧਿਕਾਰ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਪਾਣੀ ਤੇ ਸੀਵਰੇਜ ਚਾਰਜਿਜ਼ ਅਤੇ ਜਾਇਦਾਦ ਦੇ ਹਾਊਸ ਟੈਕਸ ਦੇ ਪੁਰਾਣੇ ਬਕਾਏ ਦਾ ਵੀ ਯਕਮੁਸ਼ਤ ਨਿਪਟਾਰਾ ਕਰ ਦਿੱਤਾ ਜਾਵੇਗਾ।

ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਕੇਬਲ ਕੰਪਨੀਆਂ ਵੱਲੋਂ ਵੱਖ-ਵੱਖ ਚੈਨਲਾਂ ਦੀ ਕੀਤੀ ਜਾ ਰਹੀ ਸੈਂਸਰਸ਼ਿਪ ਖ਼ਿਲਾਫ਼ ਫਾਸਟਵੇਅ ਜਾਂ ਅਜਿਹੀ ਕਿਸੇ ਵੀ ਹੋਰ ਕੰਪਨੀ ਵਿਰੁੱਧ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਬਾਦਲ-ਭਾਜਪਾ ਸਰਕਾਰ ਦੀ ਪਿਛਲੇ 10 ਸਾਲ ਦੀ ਕਾਰਗੁਜ਼ਾਰੀ ਨੂੰ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ ਕਿਹਾ ਕਿ ਸੱਤ ਹਜ਼ਾਰ ਤੋਂ ਵੱਧ ਕਿਸਾਨ ਖ਼ੁਦਕੁਸ਼ੀਆਂ ਕਰ ਗਏ, ਜੋ ਕਿ ਬਹੁਤ ਹੀ ਮਾੜੀ ਗੱਲ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਸੀਂ ਕਿਸਾਨਾਂ ਦਾ 2 ਲੱਖ ਰੁਪਏ ਤਕ ਦਾ ਕਰਜ਼ਾ ਮੁਆਫ਼ ਕਰ ਦਿੱਤਾ ਹੈ, ਇਸ ਲਈ ਕਿਸਾਨ ਅਜਿਹੇ ਕਦਮ ਨਾ ਚੁੱਕਣ ਸਰਕਾਰ ਉਨ੍ਹਾਂ ਦੇ ਨਾਲ ਹੈ।

ਚੋਣਾਂ ਤੋਂ ਪਹਿਲਾਂ ਕਾਂਗਰਸ ਵੱਲੋਂ ਨਸ਼ਿਆਂ ਦਾ ਖ਼ਾਤਮਾ ਕੀਤੇ ਜਾਣ ਦੇ ਕੀਤੇ ਵਾਅਦਿਆਂ ਸਬੰਧੀ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸਰਕਾਰ ਦੀ ਮੁਹਿੰਮ ਬੇਹੱਦ ਕਾਮਯਾਬ ਰਹੀ ਹੈ ਅਤੇ ਪਹਿਲਾਂ ਹੀ ਪੁਲਿਸ ਜਾਲ ‘ਚ 6,900 ਤੋਂ ਵੱਧ ਤਸਕਰ ਫਸ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਤਕ ਅਸੀਂ 95 ਕਿਲੋ ਹੈਰੋਇਨ ਸਮੇਤ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸਰਕਾਰ ਦੀ ਨਸ਼ਿਆਂ ਵਿਰੁੱਧ ਸਖ਼ਤੀ ਕਾਰਨ ਪਹਿਲਾਂ ਜਿੱਥੇ ਹੈਰੋਇਨ 1500 ਰੁਪਏ ਗ੍ਰਾਮ ਵਿਕਦੀ ਰਹੀ ਹੈ, ਹੁਣ ਅਸਾਨੀ ਨਾਲ ਨਾ ਮਿਲਣ ਕਾਰਨ 5 ਹਜ਼ਾਰ ਰੁਪਏ ਗ੍ਰਾਮ ਵਿਕ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਵਿਚ ਨਿਵੇਸ਼ ਕਰਨ ‘ਚ ਚੀਨ ਅਤੇ ਰੂਸ ਵਰਗੇ ਦੇਸ਼ਾਂ ਸਮੇਤ 20 ਵੱਡੇ ਸਨਅਤੀ ਘਰਾਣਿਆਂ ਨੇ ਦਿਲਚਸਪੀ ਦਿਖਾਈ ਹੈ।

ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਓਮ ਪ੍ਰਕਾਸ਼ ਸੋਨੀ, ਡਾ: ਰਾਜ ਕੁਮਾਰ ਵੇਰਕਾ, ਸੁਨੀਲ ਦੱਤੀ, ਹਰਮਿੰਦਰ ਸਿੰਘ ਗਿੱਲ ਆਦਿ ਮੌਜੂਦ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,