ਨਵੀਂ ਦਿੱਲੀ (29 ਜੁਲਾਈ, 2015): ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲ ਕਾਂਡ ਵਿੱਚ ਦੋਸ਼ੀਆਂ ਦੀ ਫਾਂਸੀ ਰੱਦ ਕਰਨ ਵਿਰੁੱਧ ਭਾਰਤੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੀ ਅਪੀਲ ਖਾਰਜ਼ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਰਾਜੀਵ ਗਾਂਧੀ ਕਤਲ ਕਾਂਡ ਦੇ ਦੋਸ਼ੀਆਂ ਨੂੰ ਫਾਂਸੀ ਨਹੀਂ ਦਿੱਤੀ ਜਾਵੇਗੀ।
ਭਾਰਤੀ ਸਰਵ-ਉੱਚ ਅਦਾਲਤ
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵੱਲੋਂ ਇਸ ਕੇਸ ਵਿਚ ਦਾਇਰ ਕੀਤੀ ਗਈ ‘ਕਿਊਰੇਟਿਵ’ ਅਪੀਲ ਨੂੰ ਅੱਜ ਖਾਰਜ ਕਰਦਿਆਂ ਆਪਣੇ 18 ਫਰਵਰੀ 2014 ਦੇ ਉਸ ਫ਼ੈਸਲੇ ਦੀ ਪੁਸ਼ਟੀ ਕੀਤੀ ਜਿਸ ਵਿਚ ਰਾਜੀਵ ਗਾਂਧੀ ਹੱਤਿਆ ਕੇਸ ਦੇ ਦੋਸ਼ੀਆਂ ਸੰਥਨ, ਮੁਰੂਗਨ ਅਤੇ ਪੇਰਾਰਿਵਲਨ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਉਕਤ ਤਿੰਨਾਂ ਦੋਸ਼ੀਆਂ ਨੇ ਸੁਪਰੀਮ ਕੋਰਟ ਨੂੰ ਇਸ ਅਧਾਰ ‘ਤੇ ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਅਪੀਲ ਕੀਤੀ ਸੀ ਕਿ ਰਾਸ਼ਟਰਪਤੀ ਨੇ ਉਨ੍ਹਾਂ ਦੀ ਰਹਿਮ ਦੀ ਅਪੀਲ ਦੇ ਨਿਪਟਾਰੇ ਵਿਚ ਬਹੁਤ ਦੇਰ ਲਗਾ ਦਿੱਤੀ। ਸੁਪਰੀਮ ਕੋਰਟ ਦੇ ਤਤਕਾਲੀ ਮੁਖ ਜੱਜ ਜਸਟਿਸ ਪੀ. ਸਦਾਸ਼ਿਵਮ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਉਮਰ ਕੈਦ ‘ਚ ਬਦਲ ਦਿੱਤੀ ਸੀ।
ਭਾਰਤ ਦੀ ਕੇਂਦਰ ਸਰਕਾਰ ਨੇ ਫੈਸਲੇ ਖਿਲਾਫ ਨਜ਼ਰਸਾਨੀ ਪਟੀਸ਼ਨ ਦਾਇਰ ਕਰਦਿਆਂ ਕਿਹਾ ਸੀ ਕਿ ਰਾਸ਼ਟਰਪਤੀ ਵੱਲੋਂ ਰਹਿਮ ਦੀ ਅਪੀਲ ਦੇ ਨਿਪਟਾਰੇ ਲਈ ਕੋਈ ਸਮਾਂ ਹੱਦ ਤੈਅ ਨਹੀਂ ਹੈ। ਸੁਪਰੀਮ ਕੋਰਟ ਨੇ ਨਜ਼ਰਸਾਨੀ ਪਟੀਸ਼ਨ ਖਾਰਜ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਹ ਰਹਿਮ ਦੀਆਂ ਅਪੀਲਾਂ ‘ਤੇ ਫੈਸਲਾ ਲੈਣ ਲਈ ਰਾਸ਼ਟਰਪਤੀ ਨੂੰ ਉਚਿਤ ਸਮੇਂ ਦਰਮਿਆਨ ਸਲਾਹ ਦੇਵੇ।

