Site icon Sikh Siyasat News

ਅਮਰੀਕਾ ਦੇ ਗੁਰਦੁਆਰਿਆਂ ਵਿੱਚ ਵੀ ਭਾਰਤ ਸਰਕਾਰ ਦੇ ਨੁਮਾਇੰਦਿਆਂ ’ਤੇ ਰੋਕ

ਚੰਡੀਗੜ: ਅਮਰੀਕਾ ਦੇ 96 ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਤੇ ਪੰਥਕ ਜਥੇਬੰਦੀਆਂ ਦੀ ਸਾਂਝੀ ਕਮੇਟੀ ‘ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ’ ਅਤੇ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇੇ ਗੁਰਦੁਆਰਿਆਂ ਵਿੱਚ ਭਾਰਤ ਸਰਕਾਰ ਦੇ ਨੁਮਾਇੰਦਿਆਂ ਦੇ ਦਾਖ਼ਲੇ ’ਤੇ ਰੋਕ ਲਾਉਣ ਦਾ ਫੈਸਲਾ ਕੀਤਾ ਗਿਆ ਹੈ।

ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਕਨਵੀਨਰ ਹਿੰਮਤ ਸਿੰਘ ਨੇ ਦੱਸਿਆ ਕਿ ਇਸ ਸਾਂਝੇ ਫ਼ੈਸਲੇ ਤਹਿਤ ਅਮਰੀਕਾ ਦੇ 96 ਗੁਰਦੁਆਰਿਆਂ ਵਿੱਚ ਭਾਰਤ ਸਰਕਾਰ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨੂੰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਨਗਰ ਕੀਰਤਨ ਜਾਂ ਸਮਾਜਿਕ ਤੇ ਧਾਰਮਿਕ ਸਮਾਗਮਾਂ ਵਿੱਚ ਵੀ ਹਿੱਸਾ ਲੈਣ ਤੋਂ ਰੋਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਵੱਲੋਂ ਇਹ ਫੈਸਲਾ ਭਾਰਤ ਸਰਕਾਰ ਦੀਆਂ ਸਿੱਖ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤਾ ਗਿਆ ਹੈ।

ਅਮਰੀਕਾ ਵਿਚ ਭਾਰਤ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰ ਰਹੇ ਸਿੱਖਾਂ ਦੀ ਤਸਵੀਰ।

ਉਨ੍ਹਾਂ ਕਿਹਾ ਕਿ ਨਿਜੀ ਤੌਰ ‘ਤੇ ਕਿਸੇ ਉੱਤੇ ਵੀ ਕੋਈ ਰੋਕ ਨਹੀਂ ਹੈ ਪਰ ਭਾਰਤੀ ਨੁਮਾਇੰਦਿਆਂ ਦੀਆਂ ਸਿੱਖ ਵਿਰੋਧੀ ਕਾਰਵਾਈਆਂ ਦੇ ਮੱਦੇਨਜ਼ਰ ਇਨ੍ਹਾਂ ਨੂੰ ਗੁਰਦੁਆਰਾ ਸਾਹਿਬਾਨ ਦੀਆਂ ਸਟੇਜਾਂ ਦੀ ਵਰਤੋਂ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸ਼ਰਧਾਲੂ ਦੇ ਤੌਰ ‘ਤੇ ਕੋਈ ਵੀ ਗੁਰਦੁਆਰਾ ਸਾਹਿਬ ਵਿਚ ਆ ਸਕਦਾ ਹੈ ਤੇ ਕਿਸੇ ਵੀ ਸ਼ਰਧਾਲੂ ‘ਤੇ ਕੋਈ ਰੋਕ ਨਹੀਂ ਹੈ।

ਉਨ੍ਹਾਂ ਕਿਹਾ ਕਿ ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ’ਤੇ ਫੌਜੀ ਹਮਲਾ, ਨਵੰਬਰ 1984 ਵਿੱਚ ਦੇਸ਼ ਭਰ ’ਚ ਸਿੱਖ ਨਸਲਕੁਸ਼ੀ, ਪੰਜਾਬ ਦੇ ਦਰਿਆਈ ਪਾਣੀਆਂ ਤੇ ਖੇਤੀਬਾੜੀ ਉਤਪਾਦਾਂ ਦਾ ਲਗਾਤਾਰ ਸ਼ੋਸ਼ਣ ਹੋ ਰਿਹਾ ਹੈ। ਇਹੀ ਨਹੀਂ ਜੇਲ੍ਹਾਂ ਵਿੱਚ ਬੰਦ ਸਿੱਖ ਰਾਜਸੀ ਕੈਦੀਆਂ ਦੀ ਸਜ਼ਾ ਪੂਰੀ ਹੋਣ ਦੇ ਬਾਵਜੂਦ ਰਿਹਾਈ ਨਹੀਂ ਹੋ ਰਹੀ। ਸਿੱਖ ਨੌਜਵਾਨਾਂ ਦੀਆਂ ਗੈਰਕਾਨੂੰਨੀ ਗ੍ਰਿਫ਼ਤਾਰੀਆਂ ਅਤੇ ਪੁਲੀਸ ਵੱਲੋਂ ਅਣਮਨੁੱਖੀ ਤਸ਼ੱਦਦ ਦਾ ਦੌਰ ਵੀ ਜਾਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਆਰ. ਐਸ. ਐਸ. ਦੇ ਹਿੰਦੂਤਵੀ ਏਜੰਡੇ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਜਥੇਬੰਦੀਆਂ ਵੱਲੋਂ ਕੀਤਾ ਗਿਆ ਫੈਸਲਾ ਅੱਜ ਤੋਂ ਹੀ ਲਾਗੂ ਕਰ ਦਿੱਤਾ ਗਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version