
May 16, 2011 | By ਸਿੱਖ ਸਿਆਸਤ ਬਿਊਰੋ
ਫ਼ਤਿਹਗੜ੍ਹ ਸਾਹਿਬ (15 ਮਈ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਨੇ ਕੇਂਦਰ ਸਰਕਾਰ ਵਲੋਂ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਤਾਜ਼ਾ ਵਾਧੇ ਨੂੰ ਆਮ ਲੋਕਾਂ ’ਤੇ ਬੋਝ ਦੱਸਦੇ ਹੋਏ ਇਸ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦਲ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਕਿਹਾ ਕਿ ਸਰਕਾਰ ਦਾ ਇਹ ਲੋਕ ਮਾਰੂ ਕਦਮ ਹੈ ਜਿਸ ਨਾਲ ਪਹਿਲਾਂ ਹੀ ਮਹਿੰਗਾਈ ਦੀ ਚੱਕੀ ਵਿੱਚ ਪਿਸ ਰਹੇ ਲੋਕਾਂ ’ਤੇ ਹੋਰ ਬੋਝ ਪਵੇਗਾ।
ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਡੀਜ਼ਲ ਦੀਆਂ ਕੀਮਤਾਂ ਵਧਾਏ ਜਾਣ ਦੀ ਵੀ ਸੰਭਾਵਨਾ ਹੈ। ਅੱਤ ਦੀ ਮਹਿੰਗਾਈ ਵਿੱਚ ਅੱਜ ਆਮ ਵਿਅਕਤੀ ਲਈ ਅਪਣੀ ਰੋਜ਼ੀ-ਰੋਟੀ ਕਮਾਉਣਾ ਮੁਸ਼ਕਿਲ ਹੋ ਚੁੱਕਿਆ ਹੈ ਅਜਿਹੇ ਵਿੱਚ ਸਰਕਾਰ ਲਗਾਤਾਰ ਈਧਣ ਦੀਆਂ ਕੀਮਤਾਂ ਵਧਾਉਂਦੀ ਆ ਰਹੀ ਹੈ ਜਿਸ ਨਾਲ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀਆਂ ਕੀਮਤਾਂ ਦੇ ਭਾਅ ਵੀ ਵਧ ਰਹੇ ਹਨ। ਉਕਤ ਆਗੂਆਂ ਨੇ ਕਿਹਾ ਕਿ ਸਰਕਾਰ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤਾ ਇਹ ਵਾਧਾ ਵਾਪਸ ਲਵੇ ਤੇ ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵੀ ਆਉਣ ਵਾਲੇ ਦਿਨਾਂ ਵਿੱਚ ਕੋਈ ਵਾਧਾ ਨਾ ਕਰੇ। ਇਸ ਸਮੇਂ ਉਕਤ ਆਗੂਆਂ ਨਾਲ ਸਰਪੰਚ ਗੁਰਮੁਖ ਸਿੰਘ ਡਡਹੇੜੀ, ਦਰਸ਼ਨ ਸਿੰਘ ਬੈਣੀ, ਪ੍ਰਮਿੰਦਰ ਸਿੰਘ ਕਾਲਾ, ਹਰਪ੍ਰੀਤ ਸਿੰਘ ਡਡਹੇੜੀ, ਭਗਵੰਤ ਸਿੰਘ ਮਹੱਦੀਆਂ, ਮਿਹਰ ਸਿੰਘ ਬਸੀ ਤੇ ਕਿਹਰ ਸਿੰਘ ਮਾਰਵਾ ਆਦਿ ਆਗੂ ਵੀ ਹਾਜ਼ਰ ਸਨ।